1 ਸਾਲ ਪਹਿਲਾਂ ਹੀ ਬਠਿੰਡਾ ਲੋਕ ਸਭਾ ਦੇ ਸੰਭਾਵੀ ਉਮੀਦਵਾਰਾਂ ਨੇ ਸਰਗਰਮੀਆਂ ਵਿੱਢੀਆਂ
Monday, Dec 19, 2022 - 11:43 AM (IST)

ਬੁਢਲਾਡਾ (ਮਨਜੀਤ) : ਲੋਕ ਸਭਾ ਚੋਣਾਂ ਵਿਚ ਕਰੀਬ 1 ਸਾਲ ਦਾ ਸਮਾਂ ਬਾਕੀ ਹੈ ਪਰ ਬਹੁਤੇ ਲੋਕ ਸਭਾ ਹਲਕਿਆਂ ਵਿਚ ਸੰਭਾਵੀ ਉਮੀਦਵਾਰਾਂ ਵੱਲੋਂ ਸਰਗਰਮੀਆਂ ਸ਼ੁਰੂ ਹੋ ਚੁੱਕੀਆਂ ਹਨ। ਇਸ ਨੂੰ ਲੈ ਕੇ ਉਨ੍ਹਾਂ ਵੱਲੋਂ ਅੰਦਰਖਾਤੇ ਇਸ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਸੰਭਾਵੀ ਤੌਰ ’ਤੇ ਆਪਣੇ ਯਤਨ ਵੀ ਜਤਾਉਣ ਲੱਗੇ ਹਨ। ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮਪਤਨੀ ਅੰਮ੍ਰਿਤਾ ਵੜਿੰਗ ਅਤੇ ਸਾਬਕਾ ਵਿਧਾਇਕ ਅਤੇ ਮਾਲਵੇ ਦੇ ਸੀਨੀਅਰ ਕਾਂਗਰਸੀ ਆਗੂ ਅਜੀਤਇੰਦਰ ਸਿੰਘ ਮੋਫਰ ਦੀ ਸਰਗਰਮੀ ਬਠਿੰਡਾ ਲੋਕ ਹਲਕੇ ਤੋਂ ਸੰਭਾਵੀ ਉਮੀਦਵਾਰ ਵਜੋਂ ਦੇਖੀ ਜਾ ਰਹੀ ਹੈ। ਉਨ੍ਹਾਂ ਨੇ ਪਿਛਲੇ ਦਿਨੀਂ ਬਠਿੰਡਾ ਅਤੇ ਮਾਨਸਾ ਸ਼ਹਿਰਾਂ ਦਾ ਦੌਰਾ ਕਰ ਕੇ ਲੋਕਾਂ ਨਾਲ ਤਾਲਮੇਲ ਵੀ ਬਣਾਇਆ।
ਇਹ ਵੀ ਪੜ੍ਹੋ- ਪੰਜਾਬ ਦੇ ਲੋਕਾਂ ਨੂੰ ਮਿਲਿਆ ਵੱਡਾ ਤੋਹਫ਼ਾ : ਮਥੁਰਾ-ਵਰਿੰਦਾਵਨ ਤੱਕ ਚੱਲੇਗੀ ਹੁਸ਼ਿਆਰਪੁਰ-ਦਿੱਲੀ ਟਰੇਨ
ਇਸ ਸਬੰਧੀ ਸਵਾਲ ਪੁੱਛੇ ਜਾਣ ’ਤੇ ਅਜਿਹੀ ਕੋਈ ਗੱਲ ਨਾ ਹੋਣ ਦਾ ਜਿਕਰ ਕਰ ਰਹੇ ਹਨ ਪਰ ਸੰਭਾਵੀ ਤੌਰ ’ਤੇ ਦੇਖਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਕੋਈ ਇਕ ਵਿਅਕਤੀ ਬਠਿੰਡਾ ਤੋਂ ਕਾਂਗਰਸ ਦਾ ਉਮੀਦਵਾਰ ਹੋ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਮੌਜੂਦਾ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਹੋਣਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਅਕਾਲੀ ਦਲ ਵਿੱਚੋਂ ਹਾਲੇ ਤਕ ਉਨ੍ਹਾਂ ਨੂੰ ਕਿਸੇ ਉਮੀਦਵਾਰ ਵਿੱਚੋਂ ਚੁਣੌਤੀ ਨਜ਼ਰ ਨਹੀਂ ਆਉਂਦੀ। ਭਾਜਪਾ ਵੱਲੋਂ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਅਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਲੋਕ ਸਭਾ ਚੋਣਾਂ ਵਿਚ ਬਠਿੰਡਾ ਹਲਕੇ ਤੋਂ ਉਮੀਦਵਾਰ ਹੋ ਸਕਦੇ ਹਨ। ਜਗਦੀਪ ਸਿੰਘ ਨਕੱਈ ਦਾ ਬਠਿੰਡਾ, ਰਾਮਪੁਰਾ, ਮੌੜ, ਮਾਨਸਾ ਹਲਕਿਆਂ ਵਿਚ ਚੰਗਾ ਅਸਰ ਰਸੂਖ ਹੈ। ਉਹ ਇਨ੍ਹਾਂ ਹਲਕਿਆਂ ਵਿਚ ਵਿਧਾਨ ਸਭਾ ਚੋਣਾਂ ਵੀ ਲੜ ਚੁੱਕੇ ਹਨ। ਵਰਕਰਾਂ ਅਤੇ ਲੋਕਾਂ ਨਾਲ ਤਾਲਮੇਲ ਉਨ੍ਹਾਂ ਨੂੰ ਭਾਜਪਾ ਵਿਚ ਸੰਭਾਵੀ ਉਮੀਦਵਾਰ ਵਜੋਂ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਮ੍ਰਿਤਕ ਦੇ ਫੁੱਲ ਚੁਗਣ ਜਾ ਰਹੇ ਵਿਅਕਤੀਆਂ ਨਾਲ ਵਾਪਰ ਗਈ ਅਣਹੋਣੀ, 3 ਜਣਿਆਂ ਦੀ ਦਰਦਨਾਕ ਮੌਤ
ਇਸ ਤੋਂ ਇਲਾਵਾ ਮਰਹੂਮ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿਆਸਤ ਵਿਚ ਆਉਣ ਦਾ ਸੰਕੇਤ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਉਹ ਵੀ ਸਿਆਸਤ ਵਿਚ ਜਾ ਸਕਦੇ ਹਨ। ਸਿਆਸੀ ਹਲਕਿਆਂ ਵਿਚ ਮੰਨਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਕਿਸੇ ਸਿਆਸੀ ਪਾਰਟੀ ਜਾਂ ਬਠਿੰਡਾ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵੀ ਹੋ ਸਕਦੇ ਹਨ। ਇਸ ਦੇ ਇਲਾਵਾ ਆਮ ਆਦਮੀ ਪਾਰਟੀ, ਕਮਿਊਨਿਸਟ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ), ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਆਦਿ ਅਤੇ ਹੋਰ ਪਾਰਟੀਆਂ ਵੱਲੋਂ ਅਜੇ ਸਰਗਰਮੀਆਂ ਨਹੀਂ ਵਿੱਢੀਆਂ ਗਈਆਂ ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।