ਪਰਚੇ ਰੱਦ ਕਰਾਉਣ ਲਈ ਕਿਸਾਨਾਂ ਦਾ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

01/04/2020 3:20:50 PM

ਭਵਾਨੀਗੜ੍ਹ (ਵਿਕਾਸ) : ਪਰਾਲੀ ਸਾੜਨ 'ਤੇ ਕਿਸਾਨਾਂ 'ਤੇ ਦਰਜ ਕੀਤੇ ਗਏ ਪਰਚਿਆਂ ਨੂੰ ਬਿਨਾਂ ਸ਼ਰਤ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਜ਼ਿਲਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਤੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ 'ਚ ਪਿਛਲੇ 2 ਦਿਨਾਂ ਤੋਂ ਭਵਾਨੀਗੜ੍ਹ ਥਾਣੇ ਅੱਗੇ ਲਾਇਆ ਧਰਨਾ ਸ਼ਨੀਵਾਰ ਨੂੰ ਤੀਜੇ ਦਿਨ ਵੀ ਜਾਰੀ ਰਿਹਾ। ਕਿਸਾਨ ਜਥੇਬੰਦੀ ਵੱਲੋਂ ਥਾਣੇ ਦਾ ਮੁਕੰਮਲ ਤੌਰ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ 2 ਦਿਨਾਂ ਤੋਂ ਕੜਾਕੇ ਦੀ ਠੰਡ ਵਿਚ ਦਿਨ-ਰਾਤ ਦਾ ਪੱਕਾ ਮੋਰਚਾ ਲਾ ਕੇ ਬੈਠੇ ਕਿਸਾਨਾਂ ਦੀ ਹੁਣ ਤੱਕ ਕਿਸੇ ਵੀ ਅਧਿਕਾਰੀ ਨੇ ਗੱਲ ਨਹੀਂ ਸੁਣੀ, ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਥਾਣੇ ਦੇ ਦੋਵਾਂ ਗੇਟਾਂ ਦਾ ਘਿਰਾਓ ਕੀਤਾ ਗਿਆ ਹੈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਜ਼ਿਲਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਲੋਕ ਦੋਖੀ ਤੇ ਗ਼ਲਤ ਖੇਤੀ ਨੀਤੀਆਂ ਕਾਰਨ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਦੇ ਸਿਰ ਕਰਜ਼ੇ ਦੀਆਂ ਪੰਡਾਂ ਹੋਰ ਭਾਰੀ ਹੁੰਦੀਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਝੋਨੇ ਦੀ ਪਰਾਲੀ ਸਾੜਨ 'ਤੇ ਸਰਕਾਰ ਨੇ ਜੇਕਰ ਪਰਚੇ ਕਰਨ ਦੀ ਥਾਂ ਕਿਸਾਨਾਂ ਨੂੰ ਪਰਾਲੀ ਦਾ ਕੋਈ ਠੋਸ ਹੱਲ ਉਪਲੱਬਧ ਕਰਵਾਇਆ ਹੁੰਦਾ ਤਾਂ ਅੱਜ ਸਾਨੂੰ ਸੜਕਾਂ 'ਤੇ ਧਰਨੇ ਲਾਉਣ ਦੀ ਲੋੜ ਨਾ ਪੈਂਦੀ। ਧਰਨੇ ਦੌਰਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ 'ਤੇ ਦਰਜ ਕੀਤੇ ਗਏ ਪਰਚਿਆਂ ਨੂੰ ਉਹ ਹਰ ਹਾਲ ਵਿਚ ਬਿਨਾਂ ਕਿਸੇ ਸ਼ਰਤ ਦੇ ਰੱਦ ਕਰਵਾ ਕੇ ਰਹਿਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੰਤ ਸਿੰਘ ਤੋਲੇਵਾਲ, ਗੁਰਵਿੰਦਰ ਸਿੰਘ ਮੰਗਵਾਲ, ਹਰਬੰਸ ਸਿੰਘ ਲੱਡਾ, ਦਰਸ਼ਨ ਸਿੰਘ ਸ਼ਾਦੀਹਰੀ ਆਦਿ ਆਗੂ ਹਾਜ਼ਰ ਸਨ।


cherry

Content Editor

Related News