ਚੌਥੇ ਦਿਨ ਵੀ ਟਸ ਤੋਂ ਮਸ ਨਾ ਹੋਏ ਕਿਸਾਨ, ਮੰਗਾਂ ਮੰਨਵਾਉਣ ਲਈ ਧਰਨਾ ਜਾਰੀ

01/06/2020 12:19:15 PM

ਭਵਾਨੀਗੜ੍ਹ (ਵਿਕਾਸ) : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਜ਼ਿਲਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਭਵਾਨੀਗੜ੍ਹ ਥਾਣੇ ਅੱਗੇ ਪਰਾਲੀ ਸਾੜਨ ਸੰਬੰਧੀ ਕਿਸਾਨਾਂ 'ਤੇ ਕੀਤੇ ਗਏ ਪਰਚਿਆਂ ਨੂੰ ਬਿਨਾਂ ਸ਼ਰਤ ਰੱਦ ਕਰਵਾਉਣ ਅਤੇ ਜ਼ਬਤ ਕੀਤੀਆਂ ਕੰਬਾਈਨਾਂ ਨੂੰ ਰਿਲੀਜ਼ ਕਰਵਾਉਣ ਲਈ ਜਥੇਬੰਦੀ ਦਾ ਧਰਨਾ ਲਗਾਤਾਰ ਚੌਥੇ ਦਿਨ ਵੀ ਜਾਰੀ ਰਿਹਾ। ਕਿਸਾਨ ਪਹਿਲੇ ਦਿਨ ਤੋਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਜਦੋਂ ਤੱਕ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਕਿਸਾਨ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ।

ਇਸ ਮੌਕੇ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਜ਼ਿਲਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਲਗਾਤਾਰ ਚਾਰ ਦਿਨਾਂ ਤੋਂ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਥਾਣੇ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ ਪਰ ਸਰਕਾਰ ਜਾਂ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਦੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਲਗਾਤਾਰ ਲਾਰੇ-ਲੱਪੇ ਲਾਏ ਜਾ ਰਹੇ ਹਨ। ਆਗੂਆਂ ਨੇ ਮੰਗ ਕੀਤੀ ਕਿ ਪਰਚੇ ਬਿਨਾਂ ਸ਼ਰਤ ਰੱਦ ਕੀਤੇ ਜਾਣ ਅਤੇ ਕੰਬਾਈਨਾਂ ਵੀ ਬਿਨਾਂ ਸ਼ਰਤ ਤੁਰੰਤ ਵਾਪਸ ਕੀਤੀਆਂ ਜਾਣ। ਆਗੂਆਂ ਨੇ ਕਿਹਾ ਕਿ ਜੇਕਰ ਇਥੋਂ ਦੀਆਂ ਸਰਕਾਰਾਂ ਨੂੰ ਕਿਸਾਨਾਂ ਮਜ਼ਦੂਰਾਂ ਦੀ ਫ਼ਿਕਰ ਹੁੰਦਾ ਤਾਂ ਅੱਜ ਲੋਕਾਂ ਨੂੰ ਕੜਕਦੀ ਠੰਡ 'ਚ ਸੜਕਾਂ 'ਤੇ ਧਰਨੇ ਲਾਉਣ ਦੀ ਲੋੜ ਨਾ ਹੁੰਦੀ।

ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਘੜੀਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਕਾਰਣ ਅੱਜ ਦੇਸ਼ ਦੇ ਲੋਕਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਪਰ ਇਥੋਂ ਦੀਆਂ ਸਰਕਾਰਾਂ ਨੂੰ ਲੋਕਾਂ ਦਾ ਖਿਆਲ ਹੀ ਭੁੱਲ ਗਿਆ ਹੈ ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ 'ਚ ਲੱਗੀਆਂ ਹੋਈਆਂ ਹਨ। ਇਸ ਮੌਕੇ ਆਗੂਆਂ ਨੇ ਐਲਾਨ ਕਰਦਿਆਂ ਕਿਹਾ ਕਿ ਜਦੋਂ ਤੱਕ ਬਿਨਾਂ ਕਿਸੇ ਸ਼ਰਤ ਦੇ ਕੰਬਾਈਨਾਂ ਦੀ ਵਾਪਸੀ ਅਤੇ ਪਰਚੇ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਧਰਨਾ ਜਾਰੀ ਰਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਬੰਸ ਸਿੰਘ ਲੱਡਾ, ਸਰਬਜੀਤ ਸਿੰਘ ਭੁੜਥਲਾ, ਰਣਜੀਤ ਸਿੰਘ ਲੌਂਗੋਵਾਲ ਆਦਿ ਆਗੂ ਹਾਜ਼ਰ ਸਨ।


cherry

Content Editor

Related News