ਭਵਾਨੀਗੜ੍ਹ ਪੁਲਸ ਦੀ ਵੱਡੀ ਕਾਰਵਾਈ, ਨਾਜਾਇਜ਼ ਸ਼ਰਾਬ ਸਮੇਤ 2 ਤਸਕਰ ਕਾਬੂ
Wednesday, Jul 01, 2026 - 03:51 PM (IST)
ਭਵਾਨੀਗੜ੍ਹ (ਕਾਂਸਲ) : ਭਵਾਨੀਗੜ੍ਹ ਪੁਲਸ ਨੇ ਐਕਸਾਈਜ਼ ਵਿਭਾਗ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਾਜਾਇਜ਼ ਸ਼ਰਾਬ ਦੀ ਤਸਕਰੀ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਇਕ ਕਾਰ ਵਿਚੋਂ 50 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 2 ਕਥਿਤ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਕਾਰ ਅਤੇ ਸ਼ਰਾਬ ਨੂੰ ਕਬਜ਼ੇ 'ਚ ਲੈ ਕੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਆਪਣੀ ਪੁਲਸ ਪਾਰਟੀ ਅਤੇ ਐਕਸਾਈਜ਼ ਇੰਸਪੈਕਟਰ ਨੀਲਮ ਚੋਪੜਾ ਦੀ ਟੀਮ ਨਾਲ ਪਿੰਡ ਨਦਾਮਪੁਰ ਤੋਂ ਪਿੰਡ ਥੰਮਣ ਸਿੰਘ ਵਾਲਾ ਨੂੰ ਜਾਂਦੀ ਨਹਿਰ ਕਿਨਾਰੇ ਸੜਕ 'ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸੜਕ ਕਿਨਾਰੇ ਖੜ੍ਹੀ ਇਕ ਸ਼ੱਕੀ ਕਾਰ ਵਿਚ ਦੋ ਵਿਅਕਤੀ ਬੈਠੇ ਦਿਖਾਈ ਦਿੱਤੇ। ਪੁਲਸ ਨੂੰ ਦੇਖਦੇ ਹੀ ਦੋਵੇਂ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗੇ ਪਰ ਪੁਲਸ ਨੇ ਤੁਰੰਤ ਘੇਰਾਬੰਦੀ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ।
ਪੁੱਛਗਿੱਛ ਦੌਰਾਨ ਦੋਵਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੁਰੀ ਪੁੱਤਰ ਸਤਨਾਮ ਸਿੰਘ ਅਤੇ ਭਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ, ਦੋਵੇਂ ਵਾਸੀ ਪਿੰਡ ਹਰਿਆਊ ਵਜੋਂ ਹੋਈ। ਕਾਰ ਦੀ ਤਲਾਸ਼ੀ ਲੈਣ 'ਤੇ ਉਸ ਵਿਚੋਂ 50 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕਾਰ ਅਤੇ ਬਰਾਮਦ ਸ਼ਰਾਬ ਨੂੰ ਕਬਜ਼ੇ ਵਿਚ ਲੈ ਲਿਆ ਹੈ। ਮੁਲਜ਼ਮਾਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਹੁਣ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਨਾਜਾਇਜ਼ ਸ਼ਰਾਬ ਦੀ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਕਿੱਥੇ ਸਪਲਾਈ ਕੀਤਾ ਜਾਣਾ ਸੀ। ਨਾਲ ਹੀ ਇਸ ਰੈਕੇਟ ਨਾਲ ਜੁੜੇ ਹੋਰ ਵਿਅਕਤੀਆਂ ਦੀ ਭਾਲ ਵੀ ਕੀਤੀ ਜਾ ਰਹੀ ਹੈ।
