ਮੁਕਤਸਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
Thursday, Dec 29, 2022 - 01:09 PM (IST)

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ) : ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਇਸ ਉਪਰੰਤ ਭਾਈ ਗਗਨਪ੍ਰੀਤ ਸਿੰਘ ਹਜੂਰੀ ਰਾਗੀ ਦੇ ਜੱਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਕੀਰਤਨ ਉਪਰੰਤ ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ ਇਤਿਹਾਸ 'ਤੇ ਚਾਨਣਾ ਪਾਇਆ।
ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ ਜਿੱਥੇ ਰਾਗੀ, ਢਾਡੀ ਅਤੇ ਪ੍ਰਚਾਰਕ ਸਿੰਘਾਂ ਨੇ ਸੰਗਤ ਨੂੰ ਗੁਰਇਤਿਹਾਸ ਨਾਲ ਜੋੜਿਆ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਰੇਸ਼ਮ ਸਿੰਘ ਨੇ ਕਿਹਾ ਕਿ ਪ੍ਰਕਾਸ਼ ਪੁਰਬ ਸਬੰਧੀ ਸੰਗਤ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕੀਤੇ ਗਏ ਅਤੇ ਇਹ ਪੂਰਾ ਦਿਨ ਜਾਰੀ ਰਹਿਣਗੇ। ਇਸ ਦੌਰਾਨ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਸਰੂਪ ਸਿੰਘ ਸਾਬਕਾ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਿੰਦਰ ਗੋਨਿਆਣਾ, ਕੁਲਵੰਤ ਸਿੰਘ, ਚਾਨਣ ਸਿੰਘ, ਗੁਰਜੀਤ ਸਿੰਘ ਆਦਿ ਹਾਜ਼ਰ ਸਨ।