ਮੋਦੀ ਦੀ ਸੂਝ-ਬੂਝ ਸਦਕਾ ਭਾਰਤ ਦੀ ਜਨਤਾ ਤੇ ਕਿਸਾਨਾਂ ''ਤੇ ਨਹੀਂ ਪਿਆ ਮਹਿੰਗਾਈ ਦਾ ਬੋਝ : ਨਕੱਈ
Saturday, Nov 07, 2026 - 06:07 PM (IST)
ਮਾਨਸਾ (ਸੰਦੀਪ ਮਿੱਤਲ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਅੱਜ ਦੇ ਅੰਤਰਰਾਸ਼ਟਰੀ ਹਾਲਾਤ, ਖ਼ਾਸ ਕਰਕੇ ਪੱਛਮੀ ਏਸ਼ੀਆ ਵਿਚ ਜੰਗੀ ਤਣਾਅ ਅਤੇ ਇਰਾਨ-ਅਮਰੀਕਾ ਵਿਚਕਾਰ ਬਣੇ ਟਕਰਾਅ ਦੇ ਮਾਹੌਲ ਵਿਚ ਜਿੱਥੇ ਦੁਨੀਆ ਦੇ ਕਈ ਦੇਸ਼ ਮਹਿੰਗਾਈ ਦੀ ਮਾਰ ਝੱਲ ਰਹੇ ਹਨ, ਉੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ, ਸੂਝ-ਬੂਝ ਅਤੇ ਮਜ਼ਬੂਤ ਅਗਵਾਈ ਸਦਕਾ ਭਾਰਤ ਦੀ ਆਰਥਿਕਤਾ ਨੂੰ ਸਥਿਰ ਰੱਖਣ ਅਤੇ ਆਮ ਲੋਕਾਂ ਤੇ ਕਿਸਾਨਾਂ ਉੱਤੇ ਵਾਧੂ ਆਰਥਿਕ ਬੋਝ ਪੈਣ ਤੋਂ ਬਚਾਉਣ ਲਈ ਸ਼ਲਾਘਾਯੋਗ ਯਤਨ ਕੀਤੇ ਗਏ ਹਨ। ਨਕੱਈ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਊਰਜਾ ਅਤੇ ਕੱਚੇ ਮਾਲ ਦੀ ਸਪਲਾਈ ਵਿਚ ਆਉਣ ਵਾਲੀਆਂ ਰੁਕਾਵਟਾਂ ਦਾ ਸਿੱਧਾ ਅਸਰ ਪੈਟਰੋਲੀਅਮ ਪਦਾਰਥਾਂ, ਖਾਦਾਂ ਅਤੇ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀਆਂ ਕੀਮਤਾਂ ਉੱਤੇ ਪੈਂਦਾ ਹੈ। ਖਾਦਾਂ ਦੇ ਨਿਰਮਾਣ ਲਈ ਲੋੜੀਂਦਾ ਕੱਚਾ ਮਾਲ, ਅਮੋਨੀਆ ਗੈਸ ਅਤੇ ਊਰਜਾ ਦੀ ਸਪਲਾਈ ਵੀ ਵਿਸ਼ਵ ਪੱਧਰੀ ਹਾਲਾਤਾਂ ਨਾਲ ਪ੍ਰਭਾਵਿਤ ਹੁੰਦੀ ਹੈ। ਇਸ ਸਭ ਦੇ ਬਾਵਜੂਦ ਭਾਰਤ ਸਰਕਾਰ ਵੱਲੋਂ ਕਿਸਾਨਾਂ ਅਤੇ ਆਮ ਜਨਤਾ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਦੁਨੀਆ ਦੇ ਕਈ ਵਿਕਸਿਤ ਦੇਸ਼ਾਂ ਵਿਚ ਵੀ ਮਹਿੰਗਾਈ ਦਾ ਦਬਾਅ ਸਾਫ਼ ਦਿਖਾਈ ਦੇ ਰਿਹਾ ਹੈ। ਉਨ੍ਹਾਂ ਵੱਲੋਂ ਦਿੱਤੇ ਅੰਕੜਿਆਂ ਅਨੁਸਾਰ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਪੈਟਰੋਲ ਦੀ ਕੀਮਤ ਛੇ ਮਹੀਨੇ ਪਹਿਲਾਂ ਲਗਭਗ 2.50 ਡਾਲਰ ਪ੍ਰਤੀ ਗੈਲਨ ਸੀ, ਜੋ ਹੁਣ ਵਧ ਕੇ 6.90 ਡਾਲਰ ਪ੍ਰਤੀ ਗੈਲਨ ਤੱਕ ਪਹੁੰਚ ਗਈ ਹੈ। ਇਸੇ ਤਰ੍ਹਾਂ ਪਾਕਿਸਤਾਨ ਅਤੇ ਕੈਨੇਡਾ ਵਿੱਚ ਖੇਤੀਬਾੜੀ ਲਈ ਵਰਤੀਆਂ ਜਾਣ ਵਾਲੀਆਂ ਖਾਦਾਂ ਦੀਆਂ ਕੀਮਤਾਂ ਵੀ ਭਾਰਤ ਦੇ ਮੁਕਾਬਲੇ ਕਾਫ਼ੀ ਵੱਧ ਦੱਸੀਆਂ ਜਾ ਰਹੀਆਂ ਹਨ। ਭਾਰਤ ਵਿਚ ਕਿਸਾਨਾਂ ਨੂੰ ਮਿਲ ਰਹੀ ਖਾਦ ਸਬਸਿਡੀ ਬਾਰੇ ਗੱਲ ਕਰਦਿਆਂ ਨਕੱਈ ਨੇ ਕਿਹਾ ਕਿ ਯੂਰੀਆ ਦਾ 45 ਕਿਲੋ ਦਾ ਥੈਲਾ ਕਿਸਾਨਾਂ ਨੂੰ 266.50 ਰੁਪਏ ਦੇ ਨਿਰਧਾਰਤ ਮੁੱਲ 'ਤੇ ਮੁਹੱਈਆ ਕਰਵਾਇਆ ਜਾਂਦਾ ਹੈ, ਜਦਕਿ ਇਸ ਦੀ ਅਸਲ ਲਾਗਤ ਕਾਫ਼ੀ ਵੱਧ ਹੈ। ਇਸੇ ਤਰ੍ਹਾਂ ਡੀ.ਏ.ਪੀ. ਦੇ 50 ਕਿਲੋ ਦੇ ਥੈਲੇ ਦੀ ਕੀਮਤ 1,350 ਰੁਪਏ ਰੱਖੀ ਗਈ ਹੈ ਅਤੇ ਕੇਂਦਰ ਸਰਕਾਰ ਵੱਲੋਂ ਇਸ ਉੱਤੇ ਵੱਡੀ ਸਬਸਿਡੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਹੂਲਤਾਂ ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਲਈ ਕਣਕ ਅਤੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਰਾਹੀਂ ਫ਼ਸਲਾਂ ਦਾ ਉਚਿਤ ਭਾਅ ਯਕੀਨੀ ਬਣਾਉਣਾ ਵੀ ਕੇਂਦਰ ਸਰਕਾਰ ਦੀਆਂ ਮਹੱਤਵਪੂਰਨ ਨੀਤੀਆਂ ਵਿਚੋਂ ਇਕ ਹੈ। ਖਾਦਾਂ 'ਤੇ ਸਬਸਿਡੀ ਅਤੇ ਫ਼ਸਲਾਂ ਦੀ ਸਰਕਾਰੀ ਖਰੀਦ ਕਿਸਾਨਾਂ ਨੂੰ ਆਰਥਿਕ ਸੁਰੱਖਿਆ ਪ੍ਰਦਾਨ ਕਰਦੀ ਹੈ। ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਅੱਜ ਭਾਰਤ ਵਿਸ਼ਵ ਪੱਧਰ 'ਤੇ ਆਪਣੀ ਮਜ਼ਬੂਤ ਆਰਥਿਕ ਪਛਾਣ ਬਣਾ ਰਿਹਾ ਹੈ। ਜਦੋਂ ਦੁਨੀਆ ਦੇ ਕਈ ਦੇਸ਼ ਜੰਗੀ ਹਾਲਾਤਾਂ ਅਤੇ ਮਹਿੰਗਾਈ ਨਾਲ ਜੂਝ ਰਹੇ ਹਨ, ਤਾਂ ਭਾਰਤ ਵਿੱਚ ਆਮ ਜਨਤਾ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਅੰਤ ਵਿਚ ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਦੇਸ਼ ਦੀ ਤਰੱਕੀ ਅਤੇ ਮਜ਼ਬੂਤ ਅਗਵਾਈ 'ਤੇ ਮਾਣ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨੂੰ ਆਰਥਿਕ ਤੌਰ 'ਤੇ ਹੋਰ ਮਜ਼ਬੂਤ ਬਣਾਉਣ ਅਤੇ ਕਿਸਾਨਾਂ ਤੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਕੀਤੇ ਜਾ ਰਹੇ ਯਤਨਾਂ ਦੀ ਉਹ ਤਹਿ ਦਿਲੋਂ ਸ਼ਲਾਘਾ ਕਰਦੇ ਹਨ।
