ਪੰਜਾਬ ਦੇ ਹਾਲਾਤ ਚਿੰਤਾਜਨਕ, ਸਰਕਾਰ ਕਾਨੂੰਨ ਵਿਵਸਥਾ ਤੇ ਨਸ਼ਿਆਂ ਦੇ ਮੁੱਦੇ ''ਤੇ ਫੇਲ੍ਹ : ਨਕਈ
Wednesday, Nov 18, 2026 - 06:24 PM (IST)
ਮਾਨਸਾ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤ, ਵਿਗੜ ਰਹੀ ਕਾਨੂੰਨ ਵਿਵਸਥਾ, ਨਸ਼ਿਆਂ ਦੇ ਵਧ ਰਹੇ ਕਾਰੋਬਾਰ ਅਤੇ ਸੂਬੇ ਦੀ ਸਿਆਸੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਸਵਾਲ ਉਠਾਏ। ਪੰਜ ਸੂਬਿਆਂ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਚੋਣਾਂ ਲਈ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ ਅਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਵੀ ਤਿਆਰ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦਾ ਮਾਹੌਲ ਬਣਨਾ ਸ਼ੁਰੂ ਹੋ ਚੁੱਕਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਸਿਆਸੀ ਪ੍ਰਭਾਵ ਪੰਜਾਬ ਵਿਚ ਵੀ ਦੇਖਣ ਨੂੰ ਮਿਲੇਗਾ।
ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਚਿੰਤਾ ਪ੍ਰਗਟਾਈ
ਨਕਈ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਪਹਿਲਾਂ ਹੀ ਬਹੁਤ ਚਿੰਤਾਜਨਕ ਬਣੇ ਹੋਏ ਹਨ। ਮਾਨਸਾ ਸਮੇਤ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਅਪਰਾਧਿਕ ਘਟਨਾਵਾਂ, ਗੋਲੀਬਾਰੀ ਅਤੇ ਨਸ਼ਿਆਂ ਦੇ ਕਾਰੋਬਾਰ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਖ਼ਬਾਰਾਂ ਵਿਚ ਹਰ ਦੂਜੇ ਦਿਨ ਹਥਿਆਰਾਂ ਦੀ ਬਰਾਮਦਗੀ, ਗੈਂਗਸਟਰਾਂ ਅਤੇ ਨਸ਼ਾ ਤਸਕਰੀ ਨਾਲ ਸਬੰਧਤ ਖ਼ਬਰਾਂ ਪੜ੍ਹਨ ਨੂੰ ਮਿਲਦੀਆਂ ਹਨ, ਜੋ ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਰਾਕੇਟ ਪ੍ਰੋਪੈਲਡ ਗ੍ਰਨੇਡ (ਆਰਪੀਜੀ) ਨਾਲ ਸਬੰਧਤ ਮਾਮਲੇ ਵਿਚ ਗ੍ਰਿਫ਼ਤਾਰੀਆਂ ਹੋਣ ਅਤੇ ਛੋਟੀ ਉਮਰ ਦੇ ਨੌਜਵਾਨਾਂ ਦੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਹੋਣ ਦੀਆਂ ਖ਼ਬਰਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਅਨੁਸਾਰ ਨਸ਼ਿਆਂ ਦੇ ਮਾਮਲਿਆਂ ਵਿੱਚ ਆਈਸ ਡਰੱਗ, ਅਫ਼ੀਮ ਅਤੇ ਮੈਥਾਮਫੈਟਾਮਾਈਨ ਵਰਗੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵੀ ਸੂਬੇ ਲਈ ਵੱਡੀ ਚੁਣੌਤੀ ਹੈ।
ਨਸ਼ਾ ਰੋਕਣ ਵਾਲਿਆਂ 'ਤੇ ਹੀ ਹੋ ਰਹੇ ਹਮਲੇ
ਜਗਦੀਪ ਸਿੰਘ ਨਕਈ ਨੇ ਕਿਹਾ ਕਿ ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਜਿਹੜੇ ਲੋਕ ਆਪਣੇ ਪਿੰਡਾਂ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਅੱਗੇ ਆ ਰਹੇ ਹਨ, ਉਨ੍ਹਾਂ ਨੂੰ ਹੀ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਾਲੇਕੇ ਪਿੰਡ ਦੀ ਘਟਨਾ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਅਕਤੀ 'ਤੇ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਕਿਹਾ ਕਿ ਜੇਕਰ ਨਸ਼ਾ ਰੋਕਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਬਾਰੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉੱਠਣੇ ਸੁਭਾਵਿਕ ਹਨ। ਉਨ੍ਹਾਂ ਸਰਪੰਚ 'ਤੇ ਹੋਏ ਹਮਲੇ ਅਤੇ ਹੋਰ ਗੋਲੀਬਾਰੀ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਪਰਾਧੀਆਂ ਦੇ ਹੌਸਲੇ ਵਧਦੇ ਜਾ ਰਹੇ ਹਨ। ਸਰਕਾਰ ਨੂੰ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।
'ਆਪ' ਆਗੂਆਂ ਵੱਲੋਂ ਭਾਜਪਾ 'ਚ ਸ਼ਮੂਲੀਅਤ ਸਿਆਸੀ ਬਦਲਾਅ ਦਾ ਸੰਕੇਤ
ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਿਧਾਇਕਾਂ ਵੱਲੋਂ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਨਕਈ ਨੇ ਕਿਹਾ ਕਿ ਪਾਰਟੀ ਦੇ ਕਈ ਆਗੂਆਂ ਦਾ ਭਾਜਪਾ ਵੱਲ ਆਉਣਾ ਪੰਜਾਬ ਦੀ ਬਦਲ ਰਹੀ ਸਿਆਸੀ ਸਥਿਤੀ ਦਾ ਸੰਕੇਤ ਹੈ। ਉਨ੍ਹਾਂ ਚੇਤਨ ਸਿੰਘ ਜੌੜਾਮਾਜਰਾ ਸਮੇਤ ਹੋਰ ਆਗੂਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਨ੍ਹਾਂ ਆਗੂਆਂ ਕੋਲ ਸਰਕਾਰ ਵਿੱਚ ਅਹਿਮ ਜ਼ਿੰਮੇਵਾਰੀਆਂ ਅਤੇ ਵਿਭਾਗ ਰਹੇ ਹਨ, ਉਨ੍ਹਾਂ ਦਾ ਸਿਆਸੀ ਫ਼ੈਸਲਾ ਆਪਣੇ ਆਪ ਵਿੱਚ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਵਿਜੇ ਪ੍ਰਤਾਪ ਸਿੰਘ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਆਪਣਾ ਆਧਾਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਆਗੂ ਵੀ ਪਾਰਟੀ ਨਾਲ ਜੁੜ ਸਕਦੇ ਹਨ।
ਪੰਜਾਬ ਵਿਚ ਸਰਕਾਰ ਬਣਾਉਣ ਲਈ ਭਾਜਪਾ ਪੂਰੀ ਤਰ੍ਹਾਂ ਤਿਆਰ
ਐਨਡੀਏ ਦੀ ਸਰਕਾਰ ਬਣਨ ਅਤੇ ਭਾਜਪਾ ਵੱਲੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਤਿਆਰੀ ਕਰਨ ਸਬੰਧੀ ਚੱਲ ਰਹੀਆਂ ਚਰਚਾਵਾਂ ਬਾਰੇ ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਿਆਸੀ ਤਿਆਰੀਆਂ ਲਗਾਤਾਰ ਜਾਰੀ ਹਨ। ਪਾਰਟੀ ਪੰਜਾਬ ਵਿੱਚ ਆਪਣੀ ਸਥਿਤੀ ਮਜ਼ਬੂਤ ਕਰਨ ਅਤੇ ਲੋਕਾਂ ਤੱਕ ਪਹੁੰਚ ਬਣਾਉਣ ਲਈ ਕੰਮ ਕਰ ਰਹੀ ਹੈ। ਅੰਤ ਵਿਚ ਨਕਈ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਦੀ ਕਾਰਗੁਜ਼ਾਰੀ ਨੂੰ ਬਾਰੀਕੀ ਨਾਲ ਦੇਖ ਰਹੇ ਹਨ। ਨਸ਼ਿਆਂ, ਬੇਰੁਜ਼ਗਾਰੀ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਵਰਗੇ ਮੁੱਦਿਆਂ ਦਾ ਹੱਲ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ।
