ਮੰਤਰੀ ਕਟਾਰੂਚੱਕ ਮਾਮਲੇ ਨੂੰ ਲੈ ਕੇ ਭਾਜਪਾ ਆਗੂ ਤਰੁਣ ਚੁੱਘ ਨੇ ‘ਆਪ’ ਸਰਕਾਰ ’ਤੇ ਚੁੱਕੇ ਸਵਾਲ

Thursday, Jun 08, 2023 - 07:47 PM (IST)

ਮੰਤਰੀ ਕਟਾਰੂਚੱਕ ਮਾਮਲੇ ਨੂੰ ਲੈ ਕੇ ਭਾਜਪਾ ਆਗੂ ਤਰੁਣ ਚੁੱਘ ਨੇ ‘ਆਪ’ ਸਰਕਾਰ ’ਤੇ ਚੁੱਕੇ ਸਵਾਲ

ਚੰਡੀਗੜ੍ਹ (ਬਿਊਰੋ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੀ ਸਿਆਸਤ ਵਿਚ ‘ਬਦਲਾਅ’ ਲਿਆਉਣ ਦਾ ਦਾਅਵਾ ਕਰਨ ਵਾਲੇ ਮੰਤਰੀ ਕਟਾਰੂਚੱਕ ਖ਼ਿਲਾਫ਼ ਕਾਰਵਾਈ ਕਰਨ ਤੋਂ ਕਿਉਂ ਝਿਜਕ ਰਹੇ ਹਨ। ਮੰਤਰੀ ਕਟਾਰੂਚੱਕ ’ਤੇ ਲੱਗੇ ਦੋਸ਼ ਬਹੁਤ ਗੰਭੀਰ ਹਨ। ਐੱਸ.ਸੀ./ਐੱਸ.ਟੀ. ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੋਇਆ ਹੈ। ਹੁਣ ਤੱਕ ਸਰਕਾਰ ਨਾ ਤਾਂ ਇਸ ਨੋਟਿਸ ਦਾ ਜਵਾਬ ਦੇ ਰਹੀ ਹੈ ਅਤੇ ਨਾ ਹੀ ਕਟਾਰੂਚੱਕ ਖ਼ਿਲਾਫ਼ ਕੋਈ ਕਾਰਵਾਈ ਕਰ ਰਹੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵੀ ਇਸ ਸਰਕਾਰ ਨੂੰ ਮੰਤਰੀ ਮੰਡਲ 'ਚੋਂ ਬਰਖਾਸਤ ਕਰਨ ਦੇ ਨਿਰਦੇਸ਼ ਦਿੱਤੇ ਹਨ ਪਰ ਮਾਨ ਸਰਕਾਰ ਨੇ ਚੁੱਪ ਧਾਰੀ ਰੱਖੀ ਹੋਈ ਹੈ।

ਪੰਜਾਬ ਸਰਕਾਰ ਸੰਵਿਧਾਨਕ ਸੰਸਥਾਵਾਂ ਨੂੰ ਕਮਜ਼ੋਰ ਕਰ ਰਹੀ ਹੈ। ਤਰੁਣ ਚੁੱਘ ਨੇ ਦੱਸਿਆ ਕਿ ਸੰਵਿਧਾਨਕ ਸੰਸਥਾਵਾਂ ਦੇ ਰਖਵਾਲੇ ਹੋਣ ਦਾ ਦਾਅਵਾ ਕਰਨ ਵਾਲੇ ਭਗਵੰਤ ਮਾਨ ਅਤੇ ਉਨ੍ਹਾਂ ਦੇ ਸਿਆਸੀ ਸਲਾਹਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨੈਤਿਕਤਾ ਕਟਾਰੂਚੱਕ ਦੇ ਮਾਮਲੇ ਵਿਚ ਕਿਉਂ ਨਹੀਂ ਜਾਗ ਰਹੀ। ਸੂਬੇ ਦੇ ਲੋਕ ਭ੍ਰਿਸ਼ਟਾਚਾਰ ਕਾਰਨ ਤ੍ਰਾਹ-ਤ੍ਰਾਹ ਕਰ ਰਹੇ ਹਨ। ਦਿੱਲੀ 'ਚ ਨੈਤਿਕਤਾ ਦਾ ਢੋਲ ਵਜਾਉਣ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਪੰਜਾਬ ਸਰਕਾਰ ਦੇ ਇਕ ਮੰਤਰੀ ਵੱਲੋਂ ਕੀਤੇ ਅਨੈਤਿਕ ਕੰਮ ’ਤੇ ਕਾਰਵਾਈ ਕਿਉਂ ਨਹੀਂ ਕਰ ਰਹੇ, ਭਗਵੰਤ ਮਾਨ ਦੀ ਕੀ ਮਜਬੂਰੀ ਹੈ, ਕੀ ਮੁੱਖ ਮੰਤਰੀ ਨੂੰ ਦਿੱਲੀ ਤੋਂ ਕੋਈ ਸੁਨੇਹਾ ਮਿਲਿਆ ਹੈ, ਜਿਸ ’ਚ ਕਟਾਰੂਚੱਕ ਖ਼ਿਲਾਫ਼ ਕੋਈ ਕਾਰਵਾਈ ਕਰਨ ਤੋਂ ਰੋਕਿਆ ਗਿਆ ਹੈ? ਚੁੱਘ ਨੇ ਕਿਹਾ ਕਿ ਇਕ ਮੰਤਰੀ ਨੂੰ ਉਨ੍ਹਾਂ ਦੀ ਕੈਬਨਿਟ ਤੋਂ ਇਸ ਲਈ ਹਟਾ ਦਿੱਤਾ ਗਿਆ ਕਿਉਂਕਿ ਉਹ ਸਰਕਾਰ ਨਾਲ ਸਹਿਮਤ ਨਹੀਂ ਸੀ ਪਰ ਨੈਤਿਕਤਾ ਦੀਆਂ ਧੱਜੀਆਂ ਉਡਾਉਣ ਵਾਲੇ ਮੰਤਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।


author

Manoj

Content Editor

Related News