ਬਿਜਲੀ ਦੇ ਮੁੱਦੇ ਨੂੰ ਲੈ ਕੇ ਭਾਜਪਾ ਨੇ ਲਾਇਆ ਡੀਸੀ ਦਫਤਰ ਮੂਹਰੇ ਧਰਨਾ

05/05/2022 5:10:18 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਮੁਤਾਬਿਕ ਹਰ ਵਰਗ ਨੂੰ 600 ਯੂਨਿਟ ਮੁਫਤ ਬਿਜਲੀ ਦੇਣ ਦੇ ਵਾਅਦੇ ਤੋਂ ਮੁਨਕਰ ਹੋਣ ਦੇ ਰੋਸ ਵਜੋਂ ਅਤੇ ਰੋਜਾਨਾ ਬਿਜਲੀ ਦੇ ਲੱਗ ਰਹੇ ਲੰਮੇ ਕੱਟਾਂ ਕਾਰਨ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਦੇ ਖਿਲਾਫ਼ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਰੋਸ ਧਰਨਾ ਲਾਇਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ਦੌਰਾਨ ਜਿੱਥੇ ਭਾਜਪਾ ਦੇ ਵਰਕਰਾਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ, ਉੱਥੇ ਹੀ ਪਿੰਡਾਂ ਦੇ ਲੋਕ ਵੀ ਵੱਡੀ ਗਿਣਤੀ ਪੁੱਜੇ ਹੋਏ ਸਨ।

PunjabKesari

ਧਰਨੇ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਆਖਿਆ ਕਿ ਜੋ ਵਾਅਦੇ ਕਰਕੇ ਪੰਜਾਬ ਦੀ ਸੱਤਾ ’ਤੇ ਕਾਬਜ ਹੋਈ ਆਮ ਆਦਮੀ ਪਾਰਟੀ ਹੁਣ ਆਪਣੇ ਵਾਅਦੇ ਪੂਰੇ ਕਰਨ ਤੋਂ ਭੱਜ ਰਹੀ ਹੈ। ਜਦੋਂਕਿ ਚੋਣਾਂ ਦੌਰਾਨ ਇਸ ਪਾਰਟੀ ਨੇ ਲੋਕਾਂ ਨੂੰ ਰੁਜ਼ਗਾਰ, ਸਿਹਤ, ਸਿੱਖਿਆ, 600 ਯੂਨਿਟ ਮੁਫਤ ਬਿਜਲੀ, ਔਰਤਾਂ ਨੂੰ ਹਰ ਮਹੀਨੇ 1000 ਰੁਪਏ ਮਾਨ ਭੱਤਾ ਦੇਣ ਦੀਆਂ ਗਰੰਟੀਆਂ ਦਿੱਤੀਆਂ ਸਨ ਪਰ ਸੱਤਾ ’ਤੇ ਕਾਬਜ ਹੋਣ ਮਗਰੋਂ ਇਹ ਵਾਅਦੇ ਹਵਾ ਹਵਾਈ ਹੋ ਗਏ ਅਤੇ ਲੋਕ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨਾਂ ਕਿਹਾ ਕਿ ਅੱਜ ਸਿਰਫ ਅਖਬਾਰਾਂ ਰਾਹੀਂ ਵੱਡੇ-ਵੱਡੇ ਇਸ਼ਤਿਹਾਰ ਜਾਰੀ ਕਰਕੇ ਦਾਅਵੇ ਕੀਤੇ ਜਾ ਰਹੇ ਹਨ ਕਿ ਤਿੰਨ-ਚਾਰ ਮਹੀਨਿਆਂ ਬਾਅਦ ਇਹ ਵਾਅਦੇ ਪੂਰੇ ਕੀਤੇ ਜਾਣਗੇ। ਜੋ ਸਿਰਫ ਤੇ ਸਿਰਫ ਹਿਮਾਚਲ ਚੋਣਾਂ ਨੂੰ ਮੁੱਖ ਰੱਖਕੇ ਪੰਜਾਬ ਦੀ ਤਰ੍ਹਾਂ ਹਿਮਾਚਲ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਸਾਜਿਸ਼ਾਂ ਹਨ। ਜਦੋਂਕਿ ਹਕੀਕਤ ਇਹ ਹੈ ਕਿ ਸਰਕਾਰ ਨੇ ਆਪਣੇ 50 ਦਿਨਾਂ ਦੇ ਕਾਰਜਕਾਲ ਦੌਰਾਨ 7 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਪੰਜਾਬ ਦੇ ਲੋਕਾਂ ਦੇ ਸਿਰ ਚੜਾ ਦਿੱਤਾ ਹੈ ਅਤੇ ਜੇਕਰ ਇਹੀ ਹਾਲ ਰਿਹਾ ਤਾਂ ਹਿਮਾਚਲ ਚੋਣਾਂ ਤੋਂ ਬਾਅਦ ਇਨ੍ਹਾਂ ਨੂੰ ਸਰਕਾਰ ਚਲਾਉਣੀ ਵੀ ਮੁਸ਼ਕਿਲ ਹੋ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਸੰਕਟ ਨੂੰ ਲੈ ਕੇ ਭਾਜਪਾ ਦਾ 'ਆਪ' ਖ਼ਿਲਾਫ਼ ਹੱਲਾ ਬੋਲ

ਸ਼੍ਰੀ ਖੰਨਾ ਨੇ ਕਿਹਾ ਕਿ ਜੇਕਰ ਪੰਜਾਬ ਦੇ ਲੋਕਾਂ ਲਈ ਕੋਈ ਕੁਝ ਕਰ ਸਕਦਾ ਹੈ ਤਾਂ ਉਹ ਸਿਰਫ ਕੇਂਦਰ ਦੀ ਸਰਕਾਰ ਦੀ ਮਦਦ ਨਾਲ ਹੀ ਸੰਭਵ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਦੀ ਸਰਕਾਰ ਪੰਜਾਬ ਪ੍ਰਤੀ ਸੁਹਿੱਰਦ ਹੈ ਅਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸ਼੍ਰੀ ਖੰਨਾ ਨੇ ਕਿਹਾ ਕਿ ਇਸ ਵਾਰ ਭਾਜਪਾ ਵੱਲੋਂ ਧਰਨਾ ਡੀਸੀ ਦਫਤਰ ਦੇ ਬਾਹਰ ਲਾਇਆ ਗਿਆ ਹੈ। ਜੇਕਰ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕੀਤਾ ਤਾਂ ਇਹ ਧਰਨਾ ਡੀਸੀ ਦਫਤਰ ਦੇ ਅੰਦਰ ਲਾਇਆ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇ। ਜੇਕਰ ਅਜਿਹਾ ਨਾ ਹੋਇਆ ਤਾਂ ਭਾਜਪਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲਿਆ ਜਾਵੇਗਾ। ਇਸ ਮੌਕੇ ਦਾਮਨ ਥਿੰਦ ਬਾਜਵਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ, ਜਤਿੰਦਰ ਕਾਲੜਾ, ਸਤਵੰਤ ਸਿੰਘ ਪੂਨੀਆ, ਸਰਜੀਵਨ ਜਿੰਦਲ, ਸੁਨੀਲ ਗੋਇਲ ਡਿੰਪਲ, ਜੋਗੀ ਰਾਮ ਸਾਹਨੀ, ਕੈਪਟਨ ਰਾਮ ਸਿੰਘ, ਕੇਕੇ ਮੋਦਗਿਲ, ਐਸ ਐਲ ਚਾਵਲਾ, ਵਿਸ਼ਾਲ ਸੋਨੂੰ, , ਗੁਰਸਾਗਰ ਸਿੰਘ ਧੂਰੀ ਦਿਹਾਤੀ ਤੋਂ ਇਲਾਵਾ ਵੱਡੀ ਗਿਣਤੀ ਮੌਜੂਦ ਸਨ।

 


Anuradha

Content Editor

Related News