ਭਾਜਪਾ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ, ਵਿਰੋਧੀ ਪਾਰਟੀਆਂ ਕਰ ਰਹੀਆਂ ਹਨ ਝੂਠਾ ਪ੍ਰਚਾਰ: ਢਿੱਲੋਂ

Tuesday, Jul 21, 2026 - 08:43 PM (IST)

ਭਾਜਪਾ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ, ਵਿਰੋਧੀ ਪਾਰਟੀਆਂ ਕਰ ਰਹੀਆਂ ਹਨ ਝੂਠਾ ਪ੍ਰਚਾਰ: ਢਿੱਲੋਂ

ਚੰਡੀਗੜ੍ਹ - ਅਮਰੀਕਾ-ਭਾਰਤ ਵਪਾਰ ਸਮਝੌਤੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਚਿੰਤਾ ਨਾ ਕਰਨ ਦੀ ਅਪੀਲ ਕਰਦਿਆਂ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਘੋਸ਼ਣਾ ਕੀਤੀ ਹੈ ਕਿ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੇ ਹਿੱਤਾਂ ਨਾਲ ਕਿਸੇ ਵੀ ਕੀਮਤ 'ਤੇ ਸਮਝੌਤਾ ਨਹੀਂ ਕੀਤਾ ਜਾਵੇਗਾ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਵਾਰ-ਵਾਰ ਇਹ ਸਪੱਸ਼ਟ ਕਰ ਚੁੱਕੀ ਹੈ ਕਿ ਝੋਨਾ, ਕਣਕ, ਦਾਲਾਂ, ਦੁੱਧ ਅਤੇ ਹੋਰ ਖੇਤੀ ਉਤਪਾਦਾਂ ਨੂੰ ਇਸ ਵਪਾਰ ਸਮਝੌਤੇ ਦੇ ਦਾਇਰੇ ਤੋਂ ਪੂਰੀ ਤਰ੍ਹਾਂ ਬਾਹਰ ਰੱਖਿਆ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਅਜੇ ਤੱਕ ਅਜਿਹਾ ਕੋਈ ਵੀ ਸਮਝੌਤਾ ਅੰਤਿਮ ਰੂਪ ਵਿੱਚ ਨਹੀਂ ਹੋਇਆ ਹੈ, ਸਿਰਫ ਗੱਲਬਾਤ ਜਾਰੀ ਹੈ। ਇਸ ਲਈ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੇ ਭਰਮ ਵਿੱਚ ਆਉਣ ਦੀ ਲੋੜ ਨਹੀਂ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦਾ ਕੰਮ ਹਮੇਸ਼ਾ ਕਿਸਾਨਾਂ ਦੇ ਨਾਂ 'ਤੇ ਰਾਜਨੀਤੀ ਕਰਨਾ ਅਤੇ ਝੂਠਾ ਪ੍ਰਚਾਰ ਫੈਲਾਉਣਾ ਰਿਹਾ ਹੈ। ਇਸ ਦੇ ਉਲਟ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਪੂਰੀ ਮਜ਼ਬੂਤੀ ਨਾਲ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ।

ਉਨ੍ਹਾਂ ਨੇ ਪੰਜਾਬ ਦੇ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰਕਾਰ ਦੇ ਭਰਮ ਅਤੇ ਗਲਤ ਪ੍ਰਚਾਰ ਤੋਂ ਸਾਵਧਾਨ ਰਹਿਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਜ਼ਬੂਤ ਅਗਵਾਈ 'ਤੇ ਪੂਰਾ ਵਿਸ਼ਵਾਸ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਜਥੇਬੰਦੀ ਨੂੰ ਕਿਸੇ ਪ੍ਰਕਾਰ ਦੀ ਕੋਈ ਸ਼ੰਕਾ ਜਾਂ ਭਰਮ ਹੈ, ਤਾਂ ਉਹ ਸਰਕਾਰ ਨਾਲ ਗੱਲਬਾਤ ਕਰ ਸਕਦੀ ਹੈ। ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨਾਲ ਹਰ ਮੁੱਦੇ 'ਤੇ ਸੰਵਾਦ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਕੇਵਲ ਸਿੰਘ ਢਿੱਲੋਂ ਨੇ ਦੁਹਰਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦਾ ਇੱਕੋ-ਇੱਕ ਉਦੇਸ਼ ਕਿਸਾਨਾਂ ਦੀ ਆਮਦਨ ਵਧਾਉਣਾ ਅਤੇ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਖੁਸ਼ਹਾਲ ਬਣਾਉਣਾ ਹੈ, ਕਿਉਂਕਿ ਜਦੋਂ ਸਾਡਾ ਕਿਸਾਨ ਖੁਸ਼ਹਾਲ ਹੋਵੇਗਾ, ਉਦੋਂ ਹੀ ਸਾਡਾ ਪੰਜਾਬ ਵੀ ਖੁਸ਼ਹਾਲ ਹੋਵੇਗਾ।


author

Inder Prajapati

Content Editor

Related News