ਕਾਲੇ ਕਾਨੂੰਨਾਂ ਖ਼ਿਲਾਫ਼ ਬੁਢਲਾਡਾ ਦੇ ਰਿਲਾਇੰਸ ਪੈਟਰੋਲ ਪੰਪ ’ਤੇ ਲਾਇਆ ਮੋਰਚਾ 89ਵੇਂ ਦਿਨ ’ਚ ਦਾਖਲ

12/30/2020 4:32:39 PM

ਬੁਢਲਾਡਾ (ਬਾਂਸਲ): ਪੰਜਾਬ ਦੀਆਂ ਪ੍ਰਮੁੱਖ ਕਿਸਾਨ ਜਥੇਬੰਦੀਆਂ ਵਲੋਂ ਨਵੇਂ ਖੇਤੀ ਸਬੰਧੀ ਕਾਲੇ ਕਾਨੂੰਨਾਂ ਖਿਲਾਫ਼ ਵਿੱਢਿਆ ਸੰਘਰਸ਼ ਜਾਰੀ ਹੈ। ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਉੱਪਰ ਵੱਖ-ਵੱਖ ਥਾਵਾਂ ਤੇ ਮੋਰਚੇ ਮੱਲੇ ਹੋਏ ਹਨ। ਇਸੇ ਸੰਘਰਸ਼ ਸਥਾਨਕ ਰਿਲਾਇੰਸ ਪੈਟਰੋਲ ਪੰਪ ’ਤੇ ਚੱਲ ਰਿਹਾ ਕਿਸਾਨਾਂ ਦਾ 24 ਘੰਟੇ ਦਾ ਧਰਨਾ ਅੱਜ 89ਵੇਂ ਦਿਨ ’ਚ ਦਾਖ਼ਲ ਹੋ ਗਿਆ ਹੈ। ਅੱਜ ਧਰਨਾ ਆਰੰਭ ਕਰਨ ਉਪਰੰਤ ਦਿੱਲੀ ਕਿਸਾਨ ਅੰਦੋਲਨ ਦੇ ਸ਼ਹੀਦਾਂ ਪਿਆਰਾ ਸਿੰਘ ਧਰਮਪੁਰਾ, ਜਗਸੀਰ ਸਿੰਘ ਭਾਦੜਾ ਅਤੇ ਮਾਤਾ ਮਲਕੀਤ ਕੌਰ ਮਾਨਸਾ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸਰਧਾਂਜਲੀ ਭੇਟ ਕੀਤੀ। ਅੱਜ ਆਲ ਇੰਡੀਆ ਕਿਸਾਨ ਸਭਾ ਦੇ ਸੂਬਾਈ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਸਵਰਨ ਸਿੰਘ ਬੋੜਾਵਾਲ , ਕੁਲ ਹਿੰਦ ਕਿਸਾਨ ਸਭਾ ਦੇ ਆਗੂ ਸੁਖਦੇਵ ਸਿੰਘ ਬੋੜਾਵਾਲ ਅਤੇ ਹਰਿੰਦਰ ਸਿੰਘ ਸੋਢੀ ਨੇ ਸੰਬੋਧਨ ਕੀਤਾ।

ਕਿਸਾਨ ਆਗੂਆਂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਚੁਣਾਵੀਂ ਵਾਅਦੇ ਅਨੁਸਾਰ ਕਿਸਾਨਾਂ ਸਿਰ ਚੜਿਆ ਕਰਜ਼ਾ ਮੁਆਫ਼ ਨਹੀਂ ਕੀਤਾ, ਨਾ ਹੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤਾ। ਜਿਸ ਕਾਰਨ ਦੇਸ਼ ਭਰ ਦੇ ਕਿਸਾਨਾਂ ਦੀ ਆਰਥਿਕਤਾ ਦਿਨ ਬ ਦਿਨ ਕਮਜ਼ੋਰ ਹੋ ਰਹੀ ਹੈ। ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹਨ। ਇਸਦੇ ਉਲਟ ਮੋਦੀ ਸਰਕਾਰ ਨੇ ਪਿਛਲੇ ਪੰਜੇ ਸਾਲਾਂ ਵਿੱਚ ਖੇਤੀ ਅਤੇ ਕਿਸਾਨੀ ਦੇ ਹਿੱਤਾਂ ਦੇ ਉਲਟ ਫੈਸਲੇ ਲਏ ਹਨ। ਮੋਦੀ ਸਰਕਾਰ ਕਿਸਾਨ ਵਿਰੋਧੀ ਸਾਬਤ ਹੋਈ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਨੇ ਖੇਤੀ ਸਬੰਧੀ ਤਿੰਨੇ ਕਾਨੂੰਨ ਪਾਸ ਕਰਕੇ ਕਿਸਾਨਾਂ ਨੂੰ ਖੇਤੀ ਅਤੇ ਜਮੀਨਾਂ ਤੋਂ ਵਾਂਝੇ ਕਰਨ ਲਈ ਰਾਹ ਪੱਧਰਾ ਕੀਤਾ ਹੈ। ਜਿਸਨੂੰ ਦੇਸ਼ ਦੇ ਕਿਸਾਨ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕਰਨਗੇ।


Shyna

Content Editor

Related News