ਹੁਸੈਨਪੁਰਾ ਵਿਚ ਸੜਕ ਕਿਨਾਰੇ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Friday, Apr 17, 2026 - 05:21 PM (IST)
ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੀ ਐਲਡੀਕੋ ਐਸਟੇਟ ਪੁਲਸ ਚੌਕੀ ਦੀ ਪੁਲਸ ਨੇ ਹੁਸੈਨਪੁਰਾ ਮੋੜ ਦੇ ਨਜ਼ਦੀਕ ਸੜਕ ਕਿਨਾਰੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਜਿੰਦਰ ਲਾਲ ਸਿੱਧੂ ਨੇ ਦੱਸਿਆ ਕਿ ਪੁਲਸ ਨੂੰ ਅੱਜ ਸਵੇਰੇ ਸੂਚਨਾ ਮਿਲੀ ਕਿ ਸੜਕ ਦੇ ਕਿਨਾਰੇ ਇਕ ਵਿਅਕਤੀ ਦੀ ਲਾਸ਼ ਪਈ ਹੋਈ ਹੈ ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਤੁਰੰਤ ਮੌਕੇ ''ਤੇ ਪਹੁੰਚੀ ਅਤੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 40 ਸਾਲ ਦੇ ਆਸ-ਪਾਸ ਦੱਸੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਕੋਲੋਂ ਕੋਈ ਵੀ ਪਛਾਣ ਪੱਤਰ ਨਾ ਮਿਲਣ ਕਾਰਨ ਮ੍ਰਿਤਕ ਦੀ ਪਛਾਣ ਨਹੀਂ ਹੋ ਪਾਈ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ ਤਾਂ ਜੋ ਮ੍ਰਿਤਕ ਵਿਅਕਤੀ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਮੌਤ ਦਾ ਸਹੀ ਕਾਰਨ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਕੀਤਾ ਜਾ ਸਕਦਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਲਾਸ਼ ਦੀ ਤਸਵੀਰ ਨੂੰ ਆਸ-ਪਾਸ ਦੇ ਪਿੰਡਾਂ ਵਿਚ ਪਛਾਣ ਲਈ ਭੇਜਿਆ ਗਿਆ ਹੈ। ਫਿਲਹਾਲ ਪੁਲਸ ਨੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
