ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਬੀਐੱਸਐੱਫ ਨੇ 1 ਕਿਲੋ 555 ਗ੍ਰਾਮ ਹੈਰੋਇਨ ਕੀਤੀ ਬਰਾਮਦ
Friday, Sep 12, 2025 - 05:16 PM (IST)

ਫਿਰੋਜ਼ਪੁਰ (ਕੁਮਾਰ) : ਬੀਐੱਸਐੱਫ ਦੀ 99 ਬਟਾਲੀਅਨ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਨੇੜੇ ਇਕ ਤਲਾਸ਼ੀ ਮੁਹਿੰਮ ਦੌਰਾਨ 1 ਕਿਲੋ 555 ਗ੍ਰਾਮ ਵਜ਼ਨ ਦੇ 3 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ, ਜਿਸਨੂੰ ਲੈ ਕੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਵੱਲੋਂ ਬੀਐੱਸਐੱਫ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ 'ਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਕਿ 99 ਬਟਾਲੀਅਨ ਬੀਓਪੀ ਬਹਿਕ ਪਛਾੜੀਆਂ ਦੇ ਬੀਐੱਸਐੱਫ ਅਧਿਕਾਰੀ ਵੱਲੋਂ ਪੁਲਸ ਨੂੰ ਦਿੱਤੀ ਗਈ ਲਿਖਤੀ ਜਾਣਕਾਰੀ ਵਿਚ ਦੱਸਿਆ ਗਿਆ ਹੈ ਕਿ ਗੁਪਤ ਸੂਚਨਾ ਦੇ ਆਧਾਰ ''ਤੇ ਬੀਐੱਸਐੱਫ ਜਵਾਨਾਂ ਵੱਲੋਂ ਸਰਚ ਮੁਹਿੰਮ ਚਲਾਈ ਗਈ ਸੀ ਅਤੇ ਇਸ ਤਲਾਸ਼ੀ ਮੁਹਿੰਮ ਦੌਰਾਨ ਬੀਐੱਸਐੱਫ ਨੂੰ ਪਿੰਡ ਪੱਲਾ ਮੇਘਾ ਦੇ ਏਰੀਆ ਵਿਚੋਂ 3 ਪੈਕੇਟ ਹੈਰੋਇਨ ਮਿਲੀ, ਜਿਸ ਵਿਚ 1 ਕਿਲੋ 555 ਗ੍ਰਾਮ ਹੈਰੋਇਨ ਸੀ।
ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਕਿ ਇਹ ਹੈਰੋਇਨ ਭਾਰਤੀ ਤਸਕਰਾਂ ਨੇ ਪਾਕਿਸਤਾਨੀ ਤਸਕਰਾਂ ਤੋਂ ਮੰਗਵਾਈ ਸੀ, ਜਿਸਦੀ ਅੱਗੇ ਸਪਲਾਈ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਬੀਐੱਸਐੱਫ ਅਤੇ ਪੁਲਸ ਉਨ੍ਹਾਂ ਭਾਰਤੀ ਤਸਕਰਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਨ੍ਹਾਂ ਨੇ ਇਹ ਹੈਰੋਇਨ ਪਾਕਿਸਤਾਨੀ ਤਸਕਰਾਂ ਤੋਂ ਮੰਗਵਾਈ ਹੈ। ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।