ਮਗਨਰੇਗਾ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ 8ਵੇਂ ਦਿਨ ਵੀ ਜਾਰੀ

09/23/2019 12:51:42 PM

ਬੁਢਲਾਡਾ(ਮਨਜੀਤ) : ਪੰਚਾਇਤ ਵਿਭਾਗ ਵਿਚ ਮਰਜ ਕਰਕੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ 8 ਦਿਨਾਂ ਤੋਂ ਕਲਮਛੋੜ ਹੜਤਾਲ 'ਤੇ ਬੈਠੇ ਮਗਨਰੇਗਾ ਕਰਮਚਾਰੀਆਂ ਨੇ ਅੱਜ ਵੀ ਕੰਮਕਾਜ ਠੱਪ ਰੱਖਿਆ। ਇਸ ਦੌਰਾਨ ਜਿੱਥੇ ਸਰਕਾਰ ਖਿਲਾਫ ਤਿੱਖੀ ਨਾਅਰੇਬਾਜ਼ੀ ਕੀਤੀ ਗਈ, ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਠੇਕੇ ਆਧਾਰਤ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਕੀਤੇ ਵਾਅਦੇ ਤੋਂ ਭੱਜਣ ਦੇ ਦੋਸ਼ ਲਾਉਂਦਿਆਂ ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਵਿਚ ਸਰਕਾਰ ਖਿਲਾਫ ਡਟਣ ਦਾ ਅਹਿਦ ਵੀ ਲਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਸੂਬਾਈ ਆਗੂ ਤੇ ਟੈਕਨੀਕਲ ਸਹਾਇਕ ਸੁਖਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮਗਨਰੇਗਾ ਕਰਮਚਾਰੀਆਂ ਦੁਆਰਾ ਪੰਜਾਬ ਦੇ ਵਿਕਾਸ ਵਿਚ ਪਾਏ ਜਾ ਰਹੇ ਯੋਗਦਾਨ ਨੂੰ ਅੱਖੋਂ-ਪਰੋਖੇ ਕਰਕੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਤੋਂ ਟਾਲਾ ਵੱਟ ਰਹੀ ਹੈ। ਉਨਾਂ ਕਿਹਾ ਕਿ ਜੇਕਰ ਸਰਕਾਰ ਮਗਨਰੇਗਾ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਕੇ ਲਾਗੂ ਕਰਨ ਤੋਂ ਹੱਥ ਪਿਛਾਂਹ ਖਿੱਚੇਗੀ ਤਾਂ ਆਉਂਦੇ ਦਿਨਾਂ ਵਿਚ ਉਹ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਯੂਨੀਅਨ ਆਗੂ ਜੁਗਰਾਜ ਸਿੰਘ ਮੰਘਾਣੀਆਂ ਨੇ ਕਿਹਾ ਕਿ ਪੰਜਾਬ ਅੰਦਰ 21 ਅਕਤੂਬਰ ਨੂੰ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦੌਰਾਨ ਅਸੈਂਬਲੀ ਹਲਕਿਆਂ ਵਿਚ ਜਾ ਕੇ ਮਗਨਰੇਗਾ ਮੁਲਾਜ਼ਮਾਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਨਾਕਾਮੀਆਂ ਪ੍ਰਚਾਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸ਼ਪਾਲ ਸਿੰਘ ਜੱਸੀ, ਉਮੇਸ਼ ਕੁਮਾਰ ਮਿਗਲਾਣੀ, ਜਗਤਾਰ ਸਿੰਘ ਖੁਡਾਲ ਆਦਿ ਹਾਜ਼ਰ ਸਨ।


cherry

Content Editor

Related News