ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੜਕ ਦੀ ਅਪਗ੍ਰੇਡੇਸ਼ਨ ਦੇ ਕੰਮ ਦਾ ਰੱਖਿਆ ਨੀਂਹ ਪੱਥਰ

10/16/2018 4:03:27 PM

ਤਲਵੰਡੀ ਭਾਈ (ਗੁਲਾਟੀ) - ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪਿੰਡ ਖੋਸਾ ਦਲ ਸਿੰਘ ਵਿਖੇ ਖੋਸਾ ਦਲ ਸਿੰਘ ਤੋਂ ਤਲਵੰਡੀ ਭਾਈ ਰੋਡ ਦੀ 645.36 ਲੱਖ ਦੀ ਲਾਗਤ ਨਾਲ ਕਰੀਬ 15 ਕਿੱਲੋਮੀਟਰ ਦੀ ਲੰਬਾਈ ਵਾਲੀ ਸੜਕ ਦੇ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਸ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਆਉਣ ਵਾਲੀ ਮਾਰਚ, 2019 ਤੱਕ ਸੂਬੇ ਦੀਆਂ ਸਾਰੀਆਂ ਲਿੰਕ ਸੜਕਾਂ ਦੀ ਜੰਗੀ ਪੱਧਰ 'ਤੇ ਮੁਰੰਮਤ ਕੀਤੀ ਜਾਵੇਗੀ, ਜਿਸ ਲਈ 2,000 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸਾਲ 2018-19 ਦੌਰਾਨ 1,200 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੀਆਂ 20 ਹਜ਼ਾਰ ਕਿੱਲੋਮੀਟਰ ਦੀ ਲੰਬਾਈ ਵਾਲੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਾਬਾਰਡ ਤਹਿਤ 3.25 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੀਆਂ 71 ਸੜਕਾਂ ਦਾ ਟੈਂਡਰ ਲੱਗ ਚੁੱਕਾ ਹੈ ਅਤੇ ਸੈਂਟਰਲ ਰੋਡ ਫ਼ੰਡ ਤਹਿਤ ਸੜਕਾਂ ਦੀ ਉਸਾਰੀ ਤੇ ਮਜ਼ਬੂਤੀ ਲਈ 5.25 ਕਰੋੜ ਰੁਪਏ ਦੀ ਮਨਜ਼ੂਰੀ ਜਲਦੀ ਦਿੱਤੀ ਜਾ ਰਹੀ ਹੈ। ਲੋਕ ਨਿਰਮਾਣ ਵਿਭਾਗ ਵੱਲੋਂ ਨਵੀਆਂ ਸੜਕਾਂ ਦੀ ਉਸਾਰੀ ਤੇ 400 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਸ ਦੌਰਾਨ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤਰ ਦੇ ਵਿਕਾਸ ਲਈ ਪਹਿਲ ਦੇ ਆਧਾਰ 'ਤੇ ਕੰਮ ਕੀਤੇ ਜਾ ਰਹੇ ਹਨ। ਇਸ ਮੌਕੇ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ, ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ, ਗੁਰਭੇਜ ਸਿੰਘ ਟਿੱਬੀ ਕਾਂਗਰਸੀ ਆਗੂ ਆਦਿ ਹਾਜ਼ਰ ਸਨ।


Related News