ਨਰਮੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ 25 ਮਈ ਤੱਕ ਜਾਰੀ ਰਹੇਗੀ
Monday, May 19, 2025 - 06:23 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਦੀ ਅਗਵਾਈ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮਾ ਪੱਟੀ ਵਾਲੇ ਜ਼ਿਲ੍ਹਿਆਂ ਵਿਚ ਨਰਮੇ ਦੀ ਫਸਲ ਨੂੰ ਮੁੜ ਸੁਰਜੀਤ ਕਰਨ ਲਈ ਅਤੇ ਕਿਸਾਨਾਂ ਨੂੰ ਨਰਮੇ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ ਨੇ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿੱਚ ਨਰਮੇਂ ਦੀ ਬਿਜਾਈ ਵਾਲੇ ਖੇਤਾਂ ਦਾ ਮੌਕਾ ਦੇਖਦਿਆਂ ਦੱਸਿਆ ਕਿ ਨਹਿਰੀ ਪਾਣੀ ਦੀ ਸਪਲਾਈ 25 ਮਈ ਤੱਕ ਨਿਰੰਤਰ ਜਾਰੀ ਰਹੇਗੀ। ਕਿਸਾਨ ਨਰਮੇਂ ਦੀ ਬਿਜਾਈ ਭਰਵੀਂ ਰੌਣੀ ਕਰਕੇ ਜਲਦੀ ਕਰ ਲੈਣ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੇ ਹੇਠੋਂ ਰਕਬਾ ਘਟਾ ਕੇ ਬਾਸਮਤੀ, ਮੱਕੀ ਅਤੇ ਨਰਮੇ ਅਧੀਨ ਲਿਆਉਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਘਟਾਇਆ ਜਾ ਸਕੇ। ਪਿੰਡ ਪੱਧਰ ’ਤੇ ਕਿਸਾਨਾਂ ਨੂੰ ਬਿਹਤਰ ਖੇਤੀ ਸੇਵਾਵਾਂ ਪ੍ਰਦਾਨ ਕਰਨ ਲਈ ਅਤੇ ਕਿਸਾਨਾਂ ਤੱਕ ਸਰਕਾਰ ਦੀਆਂ ਗਤੀਵਿਧੀਆਂ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਇਨ੍ਹਾਂ ਯਤਨਾਂ ਦੇ ਤਹਿਤ ਨਰਮੇ ਦੇ ਬੀਜ ਉੱਪਰ 33% ਸਬਸਿਡੀ ਵੀ ਦਿੱਤੀ ਜਾ ਰਹੀ ਹੈ ਇਸ ਸਬੰਧੀ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿਫਾਰਸ਼ ਬੀ.ਟੀ. ਕਿਸਮਾਂ ਦਾ ਬੀਜ ਖਰੀਦਣ ਉਪਰੰਤ ਸਬਸਿਡੀ ਲਈ ਮਿਤੀ 31 ਮਈ ਤੱਕ ਖੇਤੀਬਾੜੀ ਵਿਭਾਗ ਵੱਲੋਂ ਜਾਰੀ ਪੋਰਟਲ www.agrimachinerypb.com ’ਤੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਰਕਬੇ ਤੇ ਨਰਮੇ ਦੀ ਬਿਜਾਈ ਕੀਤੀ ਜਾਵੇ ਅਤੇ ਕਿਸੇ ਵੀ ਤਕਨੀਕੀ ਜਾਣਕਾਰੀ ਜਾਂ ਸਹਾਇਤਾ ਲਈ ਸਬੰਧਤ ਬਲਾਕ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਤਾਲਮੇਲ ਕੀਤਾ ਜਾਵੇ। ਇਸ ਮੌਕੇ ਡਾ. ਸੁਖਜਿੰਦਰ ਸਿੰਘ, ਏ.ਡੀ.ਓ., ਡਾ. ਜਸ਼ਨਪ੍ਰੀਤ ਸਿੰਘ ਏ.ਡੀ.ਓ. ਅਤੇ ਡਾ: ਹਰਜੀਤ ਸਿੰਘ ਏ.ਡੀ.ਓ. ਹਾਜ਼ਰ ਸਨ।