ਕੈਪਟਨ ਅਮਰਿੰਦਰ ਭਾਜਪਾ ਨਾਲ ਹਨ ਮਿਲੇ ਹੋਏ : ਜਨਮੇਜਾ ਸਿੰਘ ਸੇਖੋਂ

10/29/2020 2:00:16 AM

ਫਿਰੋਜ਼ਪੁਰ,(ਕੁਮਾਰ)– ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਫਿਰੋਜ਼ਪੁਰ ਦੇ ਆਬਜਰਵਰ ਜਨਮੇਜਾ ਸਿੰਘ ਸੇਖੋਂ ਨੇ ਬੁੱਧਵਾਰ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਅਕਾਲੀ ਆਗੂਆਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾ ’ਚ ਸ਼੍ਰੋਮਣੀ ਅਕਾਲੀ ਦਲ ਸਾਰੀਆਂ ਸੀਟਾਂ ’ਤੇ ਆਪਣੇ ਉਮੀਦਵਾਰ ਖਡ਼ੇ ਕਰੇਗਾ ਅਤੇ ਭਾਜਪਾ ਨਾਲ ਕਿਸੇ ਵੀ ਤਰ੍ਹਾਂ ਦਾ ਨਾਤਾ ਨਹੀਂ ਰੱਖੇਗਾ। ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਫਿਰੋਜ਼ਪੁਰ ਸ਼ਹਿਰੀ, ਦਿਹਾਤੀ, ਗੁਰੂਹਰਸਹਾਏ ਅਤੇ ਜ਼ੀਰਾ ਵਿਧਾਨ ਸਭਾ ਸੀਟਾ ਜਿੱਤ ਕੇ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ’ਚ ਪਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਬ ਦੇ ਲੋਕਾਂ ’ਚ ਭਾਰੀ ਉਤਸ਼ਾਹ ਹੈ ਅਤੇ ਲੋਕ ਕੈਪਟਨ ਸਰਕਾਰ ਨੂੰ ਉਖਾਡ਼ ਕੇ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਉਤਸੁਕਤਾ ਨਾਲ ਇਲੈਕਸ਼ਨਾਂ ਦਾ ਇੰਤਜ਼ਾਰ ਕਰ ਰਹੇ ਹਨ।

ਜਨਮੇਜਾ ਸਿੰਘ ਸੇਖੋਂ ਨੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਨਾਲ ਮਿਲੇ ਹੋਏ ਹਨ ਅਤੇ ਉਨ੍ਹਾਂ ਨੇ ਖਟਕਲ ਕਲਾਂ ਅਤੇ ਪੰਜਾਬ ਵਿਧਾਨ ਸਭਾ ਚੋਣਾਂ ’ਚ ਸਭ ਤੋਂ ਪਹਿਲਾਂ ਇਹ ਬਿਆਨ ਦਿੱਤਾ ਸੀ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਕੁਝ ਨਹੀ ਕਰ ਸਕਦੀ, ਕਿਉਂਕਿ ਪਤਾ ਨਹੀਂ ਭਾਰਤ ਦੇ ਰਾਸ਼ਟਰਪਤੀ ਅਤੇ ਗਵਰਨਰ ਪੰਜਾਬ ਵਿਧਾਨ ਸਭਾ ਵਲੋਂ ਕੀਤੀ ਗਈ ਕਾਰਵਾਈ ਅਤੇ ਲਏ ਗਏ ਫੈਸਲਿਆਂ ’ਤੇ ਹਸਤਾਖਰ ਕਰਦੇ ਵੀ ਹਨ ਜਾਂ ਨਹੀ। ਹੁਣ ਪੰਜਾਬ ਵਿਧਾਨ ਸਭਾ ’ਚ ਉਨ੍ਹਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਜੋ ਡਰਾਮਾ ਕੀਤਾ ਹੈ, ਉਸਤੋਂ ਸਾਫ ਪਤਾ ਚੱਲਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਨਾਲ ਮਿਲੇ ਹੋਏ ਹਨ ਅਤੇ ਅਜਿਹੀਆਂ ਗੱਲਾਂ ਕਰ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ।

ਇਸ ਮੌਕੇ ਫਿਰੋਜ਼ਪੁਰ ਦਿਹਾਤੀ ਹਲਕੇ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਸੀਨੀਅਰ ਅਕਾਲੀ ਆਗੂ ਮਾਸਟਰ ਗੁਰਨਾਮ ਸਿੰਘ, ਫਿਰੋਜਪੁਰ ਸ਼ਹਿਰੀ ਹਲਕ ਦੇ ਪ੍ਰਧਾਨ ਨਵਨੀਤ ਕੁਮਾਰ ਗੋਰਾ, ਰੋਹਿਤ ਕੁਮਾਰ ਮੋਂਟੂ ਵੋਹਰਾ ਗੁਰੂਹਰਸਹਾਏ, ਮਹਿੰਦਰਪਾਲ ਸਿੰਘ ਵਿਰਕ ਆਰਗੇਨਾਈਜਿੰਗ ਸੈਕਟਰੀ, ਜਸਵਿੰਦਰ ਸਿੰਘ ਬੂਟੇ ਵਾਲਾ, ਸੁਰਿੰਦਰ ਸਿੰਘ ਬੱਬੂ ਪ੍ਰਧਾਨ, ਨੰਦ ਕਿਸ਼ੋਰ ਗੁਗਨ, ਕੌਂਸਲਰ ਜੋਰਾ ਸਿੰਘ ਸੰਧੂ, ਫੈਡਰੇਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਕਲਸੀ ਆਦਿ ਵੀ ਮੌਜੂਦ ਸਨ।

Bharat Thapa

This news is Content Editor Bharat Thapa