ਸਾਂਪਲਾ ਵਰਗੇ ਨੁਮਾਇੰਦੇ ਕਰਤਾਰਪੁਰ ਸਾਹਿਬ ਲਾਂਘੇ ''ਚ ਪਾ ਰਹੇ ਅੜਿੱਕਾ : ਕੈਪਟਨ

Thursday, Jan 17, 2019 - 07:01 PM (IST)

ਸਾਂਪਲਾ ਵਰਗੇ ਨੁਮਾਇੰਦੇ ਕਰਤਾਰਪੁਰ ਸਾਹਿਬ ਲਾਂਘੇ ''ਚ ਪਾ ਰਹੇ ਅੜਿੱਕਾ : ਕੈਪਟਨ

ਚੰਡੀਗੜ੍ਹ,(ਅਸ਼ਵਨੀ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਦਰਸ਼ਨਾਂ ਦੀ ਪ੍ਰਕਿਰਿਆ ਨੂੰ ਗ਼ੈਰ-ਜ਼ਰੂਰੀ ਤਰੀਕੇ ਨਾਲ ਗੁੰਝਲਦਾਰ ਬਣਾ ਕੇ ਸਿੱਖ ਭਾਈਚਾਰੇ ਦੇ ਸੁਪਨਿਆਂ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕਰਨ ਵਾਸਤੇ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ ਦੀ ਤਿੱਖੀ ਆਲੋਚਨਾ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਸੁਵਿਧਾਵਾਂ ਮੁਹੱਈਆ ਕਰਾਉਣ ਲਈ ਢੰਗ ਤਰੀਕੇ ਲੱਭਣ ਦੀ ਥਾਂ ਕੇਂਦਰ ਸਰਕਾਰ ਖਾਸਕਰ ਸਾਂਪਲਾ ਵਰਗੇ ਜ਼ਿੰਮੇਵਾਰ ਚੁਣੇ ਹੋਏ ਨੁਮਾਇੰਦੇ ਲਗਾਤਾਰ ਇਤਿਹਾਸਕ ਗੁਰਦੁਆਰੇ ਦੇ ਦਰਸ਼ਨ ਕਰਨ ਦੇ ਸੁਪਨੇ ਨੂੰ ਹਕੀਕਤ 'ਚ ਲਿਆਉਣ ਦੇ ਰਾਹ 'ਚ ਅੜਿੱਕੇ ਡਾਹ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਕਰਤਾਰਪੁਰ ਲਾਂਘੇ ਨੂੰ ਖੋਲਣ ਦਾ ਫੈਸਲਾ ਪੂਰਾ ਹੁੰਦਾ ਦਿਖ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਪਾਰ ਕਰਨ ਦੇ ਲਈ ਗਰੀਬ ਅਤੇ ਅਨਪੜ ਸ਼ਰਧਾਲੂਆਂ ਵਾਸਤੇ ਪਾਸਪੋਰਟ ਨੂੰ ਖ਼ਤਮ ਕਰਨ ਦੀਆਂ ਸੰਭਾਵਨਾਵਾਂ ਨੂੰ ਰੱਦ ਕਰਨ ਅਤੇ ਵੀਜੇ ਨੂੰ ਜ਼ਰੂਰੀ ਬਣਾਉਣ ਦੇ ਵਿਜੇ ਸਾਂਪਲਾ ਦੇ ਬਿਆਨ ਨੇ ਇਕ ਵਾਰ ਫਿਰ ਸਿੱਧ ਕਰ ਦਿੱਤਾ ਹੈ ਕਿ ਨਾ ਹੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ, ਨਾ ਹੀ ਉਨ੍ਹਾਂ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ 'ਚ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨ ਬਿਨ੍ਹਾਂ ਕਿਸੇ ਅੜਚਣ ਤੋਂ ਯਕੀਨੀ ਬਣਾਉਣ ਦੀ ਸੁਵਿਧਾ ਦੇਣ 'ਚ ਦਿਲਚਸਪੀ ਨਹੀਂ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਂਪਲਾ ਵੱਲੋਂ ਸਾਰੇ ਪੰਜਾਬੀਆਂ ਕੋਲ ਪਾਸਪੋਰਟ ਹੋਣ ਦਾ ਦਾਅਵਾ ਪੂਰੀ ਤਰ੍ਹਾਂ ਗੈਰ-ਜ਼ਿੰਮੇਵਰਾਨਾ ਅਤੇ ਗਲਤ ਹੈ। ਇਸ ਤੋਂ ਇਹ ਪ੍ਰਗਟਾਵਾ ਹੁੰਦਾ ਹੈ ਕਿ ਮੰਤਰੀ ਕਿਸ ਹੱਦ ਤੱਕ ਆਵਾਮ ਤੋਂ ਟੁੱਟ ਚੁੱਕਾ ਹੈ ਅਤੇ ਕਿਸ ਤਰ੍ਹਾਂ ਗਲਤ ਸੂਚਨਾ ਦੇ ਰਿਹਾ ਹੈ। ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਅਤੇ ਵੀਜ਼ਾ ਖਤਮ ਕਰਨ ਦੀਆਂ ਸੰਭਾਵਨਾਵਾਂ ਦਾ ਅਧਿਐਨ ਕਰਨ ਤੋਂ ਬਿਨਾਂ ਇਸ ਪ੍ਰਸਤਾਵ ਨੂੰ ਬਿਨਾਂ ਸੋਚੇ ਰੱਦ ਕਰਨ ਲਈ ਸਾਂਪਲਾ ਦੀ ਤਿੱਖੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਭਾਜਪਾ ਇਸ ਲਾਂਘੇ ਨੂੰ ਖੋਲਣ ਦਾ ਸਿਹਰਾ ਆਪਣੇ ਸਿਰ ਲੈਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਦੂਜੇ ਪਾਸੇ ਇਸ ਦੀ ਬਿਨਾਂ ਅੜਚਨ ਕਾਰਜਸ਼ੀਲਤਾ ਵਿੱਚ ਅੜਿੱਕੇ ਡਾਹ ਰਹੀ ਹੈ।


Related News