ਲੋਕ ਭਲਾਈ ਸਕੀਮਾਂ ਤੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਕੀਤਾ ਜਾਵੇ ਮੁਕੰਮਲ : ਮੁੱਖ ਮੰਤਰੀ

Wednesday, Jan 23, 2019 - 12:16 AM (IST)

ਲੋਕ ਭਲਾਈ ਸਕੀਮਾਂ ਤੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਕੀਤਾ ਜਾਵੇ ਮੁਕੰਮਲ : ਮੁੱਖ ਮੰਤਰੀ

ਚੰਡੀਗੜ੍ਹ, (ਅਸ਼ਵਨੀ)— ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਉਨ੍ਹਾਂ ਦੀ ਸਰਕਾਰ ਵਲੋਂ ਕੀਤੇ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਣ ਅਤੇ ਲੋਕਾਂ ਨਾਲ ਰਾਬਤਾ ਵਧਾਉਣ ਲਈ ਜੁੱਟ ਜਾਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਾਅਦਿਆਂ ਸਦਕਾ ਹੀ ਉਨ੍ਹਾਂ ਦੀ ਸਰਕਾਰ 22 ਮਹੀਨੇ ਪਹਿਲਾਂ ਸੱਤਾ 'ਚ ਆਈ ਸੀ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਕਿਸੇ ਕਿਸਮ ਦੀ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਲਈ ਸਰਕਾਰ ਤਿਆਰ ਹੈ।

ਆਪਣੀ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਕਾਂਗਰਸੀ ਵਿਧਾਇਕਾਂ ਕੋਲੋਂ ਹਾਸਲ ਕੀਤੀ ਫੀਡਬੈਕ ਤੋਂ ਬਾਅਦ ਮੁੱਖ ਮੰਤਰੀ ਨੇ ਸੂਬੇ ਦੇ ਪ੍ਰਸ਼ਾਸਨ ਨੂੰ ਲੋਕ ਸੇਵਾ ਲਈ ਪੱਬਾਂ ਭਾਰ ਹੋਣ ਦਾ ਸਖ਼ਤ ਸੁਨੇਹਾ ਦਿੰਦਿਆਂ ਸਰਕਾਰ ਦੇ ਵਿਕਾਸ ਏਜੰਡੇ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਅਗਲੇ ਦੋ ਮਹੀਨੇ ਹੋਰ ਸਖ਼ਤ ਮਿਹਨਤ ਤੇ ਵਚਨਬੱਧਤਾ ਨਾਲ ਕੰਮ ਕਰਨ ਲਈ ਆਖਿਆ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਚੁਣੇ ਹੋਏ ਨੁਮਾਇੰਦਿਆਂ ਦੇ ਸਤਿਕਾਰ ਨੂੰ ਹਰ ਕੀਮਤ 'ਤੇ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਵਿਧਾਇਕ ਜਾਂ ਸਰਪੰਚ ਸਮੇਤ ਕਿਸੇ ਵੀ ਚੁਣੇ ਹੋਏ ਨੁਮਾਇੰਦੇ ਨੂੰ ਬਣਦਾ ਸਤਿਕਾਰ ਦੇਣ ਦੇ ਹੁਕਮ ਦਿੱਤੇ। ਸਰਕਾਰੀ ਪ੍ਰੋਗਰਾਮਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਕਤੱਰਾਂ ਨੂੰ ਡਿਪਟੀ ਕਮਿਸ਼ਨਰਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਕਿ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਅਤੇ ਹੇਠਲੇ ਪੱਧਰ ਤੱਕ ਲੋਕਾਂ ਨੂੰ ਲਾਭ ਮੁਹੱਈਆ ਕਰਵਾਉਣ 'ਚ ਕੋਈ ਪਾੜਾ ਨਾ ਰਹੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਦਫ਼ਤਰਾਂ 'ਚ ਨਿਕੰਮੇ ਲੋਕਾਂ ਦੀ ਵੀ ਸ਼ਨਾਖਤ ਕਰਨ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਗੁਰਦਾਸਪੁਰ 'ਚ ਕਰਤਾਰਪੁਰ ਲਾਂਘੇ ਲਈ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ ਦਿੱਤੇ ਤਾਂ ਕਿ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਹੋਰ ਉਚ ਅਧਿਕਾਰੀ ਹਾਜ਼ਰ ਸਨ।


Related News