ਮੁੱਖ ਮੰਤਰੀ ਵਲੋਂ ਦਿਵਿਆਂਗਾਂ ਦੇ ਖਾਲੀ ਅਹੁਦੇ ਭਰਨ ਲਈ ਵਿਸ਼ੇਸ਼ ਭਰਤੀ ਦੇ ਹੁਕਮ
Thursday, Jan 17, 2019 - 08:40 PM (IST)

ਚੰਡੀਗੜ੍ਹ, (ਅਸ਼ਵਨੀ)— ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਦਿਵਿਆਂਗਾਂ ਦੀਆਂ ਖਾਲੀ ਪਈਆਂ ਆਸਾਮੀਆਂ ਦਾ ਬੈਕਲਾਗ ਪੂਰਾ ਕਰਨ ਲਈ ਸੂਬਾ ਪੱਧਰੀ ਵਿਸ਼ੇਸ਼ ਭਰਤੀ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਮੁੱਖ ਮੰਤਰੀ ਨੇ ਅੱਜ ਦੋਆਬਾ ਖੇਤਰ ਦੇ ਵਿਧਾਇਕਾਂ ਨਾਲ ਮੀਟਿੰਗ ਦੌਰਾਨ ਇਹ ਨਿਰਦੇਸ਼ ਜਾਰੀ ਕੀਤੇ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲ ਦੇ ਆਧਾਰ 'ਤੇ ਸਮਾਂਬੱਧ ਤਰੀਕੇ ਨਾਲ ਦਿਵਿਆਂਗਾਂ ਦੀਆਂ ਖਾਲੀ ਆਸਾਮੀਆਂ ਭਰਨ ਲਈ ਮੁੱਖ ਸਕੱਤਰ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਉਸ ਵੇਲੇ ਜਾਰੀ ਕੀਤੇ ਜਦੋਂ ਮੀਟਿੰਗ ਦੌਰਾਨ ਅੰਤਰਰਾਸ਼ਟਰੀ ਪੱਧਰ ਦਾ ਪੈਰਾ-ਬੈਡਮਿੰਟਨ ਖਿਡਾਰੀ ਸੰਜੀਵ ਕੁਮਾਰ ਉਨ੍ਹਾਂ ਨੂੰ ਅੱਜ ਸਵੇਰੇ ਪੰਜਾਬ ਭਵਨ ਵਿਖੇ ਮਿਲਿਆ।
ਇਹ ਮੁੱਦਾ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਮੁੱਖ ਮੰਤਰੀ ਕੋਲ ਉਸ ਸਮੇਂ ਉਠਾਇਆ ਜਦੋਂ ਦੋਆਬਾ ਦੇ ਵਿਧਾਇਕਾਂ ਦੇ ਨਾਲ ਬਜਟ ਤੋਂ ਪਹਿਲਾਂ ਪ੍ਰਸਤਾਵਾਂ 'ਤੇ ਵਿਚਾਰ ਚਰਚਾ ਚਲ ਰਹੀ ਸੀ। ਮੁੱਖ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਸਾਰੇ ਵਿਭਾਗਾਂ ਵਿਚ ਤੁਰੰਤ ਅਜਿਹੀਆਂ ਆਸਾਮੀਆਂ ਦਾ ਪਤਾ ਲਾਉਣ ਲਈ ਆਖਿਆ ਤਾਂ ਜੋ ਦਿਵਿਆਂਗ ਵਿਅਕਤੀਆਂ ਲਈ ਵਿਸ਼ੇਸ਼ ਭਰਤੀ ਮੁਹਿੰਮ ਜਲਦੀ ਤੋਂ ਜਲਦੀ ਸ਼ੁਰੂ ਕੀਤੀ ਜਾ ਸਕੇ।