ਕਣਕ ਦੇ ਨਾੜ ਨੂੰ ਅੱਗ ਲਗਾਉਣ ਕਾਰਨ 10 ਵਿਅਕਤੀਆਂ ''ਤੇ ਪਰਚਾ ਦਰਜ

05/08/2020 10:07:23 PM

ਸੰਗਰੂਰ, (ਸਿੰਗਲਾ)- ਜ਼ਿਲ੍ਹਾ ਸੰਗਰੂਰ ਵਿਖੇ ਕਿਸਾਨਾਂ ਵੱਲੋਂ ਕਣਕ ਦੀ ਫਸਲ ਕੱਟਣ ਤੋਂ ਬਾਅਦ ਰਹਿ ਜਾਂਦੀ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਬੰਧੀ ਸੂਚਨਾ ਪੰਜਾਬ ਰਿਮੋਟ ਸੈਂਸਿੰਗ ਸੈਂਟਰ, ਲੁਧਿਆਣਾ ਤੋਂ ਪ੍ਰਾਪਤ ਹੋ ਰਹੀ ਹੈ। ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਦੇ ਹੁਕਮਾਂ ਅਨੁਸਾਰ ਨਾੜ ਨੂੰ ਅੱਗ ਲਗਾਉਣਾ ਜੁਰਮ ਹੈ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਆਮ ਥੋਰੀ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਸੰਗਰੂਰ ਵਿਖੇ ਇਸ ਮਾਮਲੇ 'ਚ 10 ਪੁਲਸ ਕੇਸ ਦਰਜ ਕੀਤੇ ਗਏ ਹਨ ਜਿਸ ਤਹਿਤ ਥਾਣਾ ਸਦਰ ਧੂਰੀ ਵਿਖੇ 2, ਸਦਰ ਸੰਗਰੂਰ ਵਿਖੇ 4, ਸਿਟੀ ਸੁਨਾਮ ਵਿਖੇ 2 ਅਤੇ ਲੌਂਗੋਵਾਲ ਵਿਖੇ 2 ਪੁਲਸ ਕੇਸ ਦਰਜ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਬੇਹੱਦ ਖਤਰਨਾਕ ਹਨ ਅਤੇ ਇਸ ਨਾਲ ਕੋਵਿਡ ਪਾਜ਼ੇਟਿਵ ਵਿਅਕਤੀ ਦੀ ਮੌਤ ਵੀ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਗਠਿਤ ਕੀਤੀਆਂ ਗਈਆਂ ਟੀਮਾਂ ਨਾੜ ਨੂੰ ਅੱਗ ਲਗਾਉਣ ਦੇ ਕੇਸਾਂ ਦੀ ਮੌਨੀਟਰਿੰਗ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਤਾਂ ਕਿ ਵਾਤਾਵਰਣ ਨੂੰ ਦੂਸ਼ਿਤ ਹੋਣ ਅਤੇ ਮਿੱਟੀ ਵਿਚਲੇ ਖ਼ੁਰਾਕੀ ਤੱਤਾਂ ਨੂੰ ਖ਼ਤਮ ਹੋਣ ਤੋਂ ਬਚਾਇਆ ਜਾ ਸਕੇ। ਇਸੇ ਦੌਰਾਨ ਜ਼ਿਲ੍ਹਾ ਪੁਲਸ ਮੁੱਖੀ ਡਾ. ਸੰਦੀਪ ਗਰਗ ਵੱਲੋਂ ਸਮੂਹ ਡੀ.ਐਸ.ਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਸਬੰਧਤ ਉਪ ਮੰਡਲ ਮੈਜਿਸਟਰੇਟ ਨਾਲ ਤਾਲਮੇਲ ਰੱਖਦੇ ਹੋਏ ਪਿੰਡਾਂ 'ਚ ਸਖ਼ਤ ਚੌਕਸੀ ਰੱਖੀ ਜਾਵੇ ਅਤੇ ਅਜਿਹੇ ਮਾਮਲੇ ਸਾਹਮਣੇ ਆਉਣ 'ਤੇ ਤੁਰੰਤ ਪੁਲਿਸ ਕੇਸ ਦਰਜ ਕੀਤੇ ਜਾਣ।


Bharat Thapa

Content Editor

Related News