40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਨੂੰਗੋ ਵਿਰੁੱਧ ਕੇਸ ਦਰਜ
Thursday, May 14, 2026 - 12:00 AM (IST)
ਚੰਡੀਗੜ੍ਹ (ਅੰਕੁਰ, ਧਵਨ) - ਵਿਜੀਲੈਂਸ ਬਿਊਰੋ ਨੇ ਜ਼ਿਲਾ ਫ਼ਰੀਦਕੋਟ ਦੇ ਪਿੰਡ ਗੋਲੇਵਾਲਾ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਕਾਨੂੰਗੋ ਵਰਿੰਦਰ ਸਿੰਘ ਭੁੱਟਰ ਵਿਰੁੱਧ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਹ ਮਾਮਲਾ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਜ਼ਿਲਾ ਫ਼ਰੀਦਕੋਟ ਦੇ ਪਿੰਡ ਬਗਥਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ।
ਅਦਾਲਤ ਨੇ ਮਾਲ ਵਿਭਾਗ ਫ਼ਰੀਦਕੋਟ ਨੂੰ ਸ਼ਿਕਾਇਤਕਰਤਾ ਨੂੰ ਜ਼ਮੀਨ ਦਾ ਕਬਜ਼ਾ ਦਿਵਾਉਣ ਦੇ ਹੁਕਮ ਜਾਰੀ ਕੀਤੇ ਸਨ। ਇਸ ਸਬੰਧ ’ਚ ਕਾਨੂੰਗੋ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਕਬਜ਼ਾ ਦਿਵਾਉਣ ਬਦਲੇ ਉਸ ਤੋਂ 80,000 ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਕਾਨੂੰਗੋ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 40,000 ਰੁਪਏ ਦਿੱਤੇ ਅਤੇ ਰਿਸ਼ਵਤ ਦੇਣ ਸਮੇਂ ਦੀ ਵੀਡੀਓ ਰਿਕਾਰਡ ਕਰ ਲਈ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਸ ਥਾਣਾ ਫ਼ਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
