ਪਰਾਲੀ ਨੂੰ ਅੱਗ ਲਾਉਣ ਤੇ ਡੀ. ਸੀ. ਨੂੰ ਅਪਸ਼ਬਦ ਬੋਲਣ ਵਾਲੇ ਕਿਸਾਨਾਂ ਖਿਲਾਫ ਮਾਮਲਾ ਦਰਜ

10/17/2018 1:01:08 PM

ਫਿਰੋਜ਼ਪੁਰ/ਗੁਰੂਹਰਸਹਾਏ/ਮਮਦੋਟ (ਮਲਹੋਤਰਾ, ਕੁਮਾਰ, ਆਵਲਾ, ਸੰਜੀਵ, ਧਵਨ) – ਜ਼ਿਲਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ 'ਤੇ ਲਾਈ ਗਈ ਪਾਬੰਦੀ ਦੇ ਬਾਵਜੂਦ ਕਿਸਾਨ ਪਰਾਲੀ ਨੂੰ ਅੱਗ ਲਾ ਰਹੇ ਹਨ। ਸ਼ਨੀਵਾਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਖੇਤਾਂ 'ਚ ਸ਼ਰੇਆਮ ਪਰਾਲੀ ਨੂੰ ਅੱਗ ਲਾਉਣ ਤੇ ਪ੍ਰਸ਼ਾਸਨ ਪ੍ਰਤੀ ਰੋਸ ਜ਼ਾਹਿਰ ਕਰਨ ਦੀ ਘਟਨਾ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਪਰਾਲੀ ਸਾੜਨ ਵਾਲਿਆਂ 'ਤੇ ਪਰਚੇ ਦਰਜ ਕਰਨ ਦੀ ਗੱਲ ਕਹੀ ਸੀ।

ਸੋਮਵਾਰ ਨੂੰ ਥਾਣਾ ਲੱਖੋਕੇ ਬਹਿਰਾਮ ਦੀ ਪੁਲਸ ਵਲੋਂ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨ ਖਿਲਾਫ ਪਰਚਾ ਦਰਜ ਕਰਨ ਤੋਂ ਬਾਅਦ ਉਕਤ ਕਿਸਾਨ ਦੇ ਹੱਕ 'ਚ ਆਏ ਕਿਸਾਨ ਯੂਨੀਅਨ ਦੇ ਲੋਕਾਂ ਨੇ ਥਾਣੇ ਦਾ ਘਿਰਾਓ ਕੀਤਾ। ਏ. ਐੱਸ. ਆਈ. ਪਵਨ ਕੁਮਾਰ ਨੇ ਦੱਸਿਆ ਕਿ ਜ਼ਿਲਾ ਮੈਜਿਸਟ੍ਰੇਟ ਵੱਲੋਂ ਪਰਾਲੀ ਸਾੜਨ 'ਤੇ ਲਾਈ ਗਈ ਰੋਕ ਦੀ ਉਲੰਘਣ ਕਰਨ ਦੇ ਦੋਸ਼ 'ਚ ਪਿੰਡ ਕਰੀ ਕਲਾਂ ਦੇ ਕਿਸਾਨ ਬਲਵਿੰਦਰ ਸਿੰਘ ਖਿਲਾਫ ਪਰਚਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਸੋਮਵਾਰ ਨੂੰ ਬਲਵਿੰਦਰ ਸਿੰਘ, ਮੇਜਰ ਸਿੰਘ, ਅੰਗਰੇਜ਼ ਸਿੰਘ ਤੇ ਉਨ੍ਹਾਂ ਦੇ ਕਰੀਬ 50 ਅਣਪਛਾਤੇ ਸਾਥੀ ਪੁਲਸ ਥਾਣੇ ਆ ਗਏ, ਜਿਨ੍ਹਾਂ ਨੇ ਪੁਲਸ ਤੇ ਪ੍ਰਸ਼ਾਸਨ ਖਿਲਾਫ ਗਲਤ ਸ਼ਬਦਾਵਲੀ ਦੀ ਵਰਤੋਂ ਕਰਦਿਆਂ ਉਨ੍ਹਾਂ ਦੀ ਡਿਊਟੀ ਨੂੰ ਪ੍ਰਭਾਵਿਤ ਕੀਤਾ। ਥਾਣੇ ਦੇ ਏ. ਐੱਸ. ਆਈ. ਹਰਮੀਤ ਚੰਦ ਨੇ ਦੱਸਿਆ ਕਿ ਡੀ. ਸੀ. ਦੇ ਹੁਕਮਾਂ ਦੀ ਉਲੰਘਣ ਕਰਨ ਵਾਲੇ ਕਿਸਾਨ ਸਤਨਾਮ ਸਿੰਘ ਤੇ ਉਸ ਦੇ ਪੁੱਤਰ ਪਰਮਜੀਤ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।


Related News