ਕੇਂਦਰ ਸਰਕਾਰ ਨੇ DA ਕੀਤਾ 60 ਫ਼ੀਸਦੀ, ਪੰਜਾਬ ’ਚ ਨਹੀਂ ਵਧ ਰਿਹਾ 42 ਫ਼ੀਸਦੀ ਤੋਂ ਅੱਗੇ : ਜਾਖੜ
Saturday, Apr 18, 2026 - 09:21 PM (IST)
ਚੰਡੀਗੜ੍ਹ (ਅੰਕੁਰ) : ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ’ਚ 2 ਫੀਸਦੀ ਦੇ ਵਾਧੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਪੰਜਾਬ ਦੀ ‘ਆਪ’ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ ਤੁਰੰਤ ਵਾਧਾ ਕਰੇ ਤੇ ਮਹਿੰਗਾਈ ਭੱਤੇ ਦੇ ਬਕਾਏ ਵੀ ਜਾਰੀ ਕੀਤੇ ਜਾਣ।
ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਸੁਨੇਹੇ ’ਚ ਭਾਜਪਾ ਸੂਬਾ ਪ੍ਰਧਾਨ ਨੇ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਹੁਤ ਬਹੁਤ ਧੰਨਵਾਦ ਜਿਨ੍ਹਾਂ ਨੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ ’ਚ 2 ਫੀਸਦੀ ਦਾ ਵਾਧਾ ਕੀਤਾ ਹੈ। ਕੇਂਦਰ ਸਰਕਾਰ ਵੱਲੋਂ ਹੁਣ ਆਪਣੇ ਮੁਲਾਜ਼ਮਾਂ ਨੂੰ ਨਵੇਂ ਵਾਧੇ ਤੋਂ ਬਾਅਦ 60 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਦਿੱਤਾ ਜਾਵੇਗਾ ਜਦ ਕਿ ਪੰਜਾਬ ਦੀ ‘ਆਪ’ ਪਾਰਟੀ ਦੀ ਸਰਕਾਰ ਰਾਜ ਦੇ ਕਰਮਚਾਰੀਆਂ ਨੂੰ ਸਿਰਫ 42 ਫੀਸਦੀ ਦੀ ਦਰ ਨਾਲ ਹੀ ਮਹਿੰਗਾਈ ਭੱਤਾ ਦੇ ਰਹੀ ਹੈ ਤੇ ਰਾਜ ’ਚ ਡੀ.ਏ. ਦੀਆਂ ਕਈ ਕਿਸ਼ਤਾਂ ਬਕਾਇਆ ਹਨ।
ਜਿਵੇਂ ਕਿ ਮਾਨਯੋਗ ਹਾਈਕੋਰਟ ਨੇ ਵੀ ਨਿਰਦੇਸ਼ ਦਿੱਤੇ ਹਨ ਕਿ ਮਹਿੰਗਾਈ ਭੱਤਾ ਮੁਲਾਜ਼ਮਾ ਦਾ ਹੱਕ ਹੈ ਤਾਂ ਸਰਕਾਰ ਨੂੰ ਤੁਰੰਤ ਮਹਿੰਗਾਈ ਭੱਤੇ ਦੀ ਦਰ ’ਚ ਵਾਧਾ ਕਰਨਾ ਚਾਹੀਦਾ ਹੈ ਅਤੇ ਨਾਲ ਹੀ ਮਹਿੰਗਾਈ ਭੱਤੇ ਦੇਣ ’ਚ ਕੀਤੀ ਦੇਰੀ ਕਾਰਨ ਹੋਏ ਬਕਾਏ ਤੇ ਤਨਖਾਹ ਕਮਿਸ਼ਨ ਦੇ ਬਕਾਏ ਦੇ 15000 ਕਰੋੜ ਰੁਪਏ ਤੁਰੰਤ ਆਪਣੇ ਮੁਲਾਜ਼ਮਾਂ ਨੂੰ ਜਾਰੀ ਕਰਨੇ ਚਾਹੀਦੇ ਹਨ। ਇਸ ਵਾਧੇ ਤੋਂ ਬਾਅਦ ਪੰਜਾਬ ਤੇ ਭਾਰਤ ਸਰਕਾਰ ਦੇ ਮੁਲਾਜ਼ਮਾਂ ’ਚ ਡੀ.ਏ. ਦਾ ਇਹ ਫਰਕ 18 ਫੀਸਦੀ ਹੋ ਗਿਆ ਹੈ। ਹੋਰ ਤਾਂ ਹੋਰ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਤੇ ਰਾਜਸਥਾਨ ’ਚ ਵੀ ਮੁਲਾਜ਼ਮਾਂ ਨੂੰ ਪੂਰਾ ਡੀ.ਏ. ਮਿਲ ਰਿਹਾ ਹੈ।
