ਮੰਤਰੀ ਤੋਖਨ ਸਾਹੂ ਨੇ ਖੁਦ ਬੇਲਰ ਚਲਾ ਕੇ ਬਣਾਈਆਂ ਪਰਾਲੀ ਦੀਆਂ ਗੱਠਾਂ, ਵਿਕਾਸ ਕਾਰਜਾਂ ਦਾ ਵੀ ਲਿਆ ਜਾਇਜ਼ਾ

Thursday, Nov 21, 2024 - 11:59 PM (IST)

ਮੋਗਾ (ਕਸ਼ਿਸ਼ ਸਿੰਗਲਾ/ਗੋਪੀ ਰਾਊਕੇ)- ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਕੇਂਦਰੀ ਰਾਜ ਮੰਤਰੀ ਤੋਖਨ ਸਾਹੂ ਨੇ ਜ਼ਿਲ੍ਹਾ ਮੋਗਾ ਵਿਚ ਐਸਪੀਰੇਸ਼ਨਲ ਡਿਸਟ੍ਰਿਕਟ ਅਤੇ ਬਲਾਕ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਉਪਰੰਤ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਉਨ੍ਹਾਂ ਪਿੰਡ ਖੋਸਾ ਪਾਂਡੋ ਵਿਖੇ ਖੇਤਾਂ ਵਿਚ ਚੱਲ ਰਹੇ ਰੇਕ ਅਤੇ ਬੇਲਰ ਨੂੰ ਦੇਖਿਆ ਅਤੇ ਖੁਦ ਟਰੈਕਟਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ। ਉਨ੍ਹਾਂ ਨੇ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਦਿਨੋਂ-ਦਿਨ ਹੇਠਾਂ ਜਾਣ ਉੱਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਖੇਤੀ ਵਿਚੋਂ ਬਾਹਰ ਨਿਕਲ ਕੇ ਫ਼ਸਲੀ ਵਿਭਿੰਨਤਾ ਵੱਲ ਤੁਰਨਾ ਚਾਹੀਦਾ ਹੈ। ਵਾਤਾਵਰਣ ਨੂੰ ਬਚਾਉਣ ਲਈ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਹੀਂ ਲਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਖੇਤਾਂ ਵਿਚ ਹੀ ਵਾਹ ਕੇ ਜ਼ਿਆਦਾ ਖਾਦਾਂ ਤੋਂ ਬਚ ਸਕਦੇ ਹਨ।

PunjabKesari

ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ 'ਚ ਲੈ ਲਈ 15,00,000 ਦੀ ਰਿਸ਼ਵਤ, ਫ਼ਿਰ ਰੱਦ ਹੋ ਗਏ ਕਾਗਜ਼, ਹੁਣ ਚੜ੍ਹਿਆ ਵਿਜੀਲੈਂਸ ਦੇ ਅੜਿੱਕੇ

ਪਰਾਲੀ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿਚ ਅਥਾਹ ਵਾਧਾ ਹੁੰਦਾ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਖੋਸਾ ਪਾਂਡੋ ਵਿਚ ਹੀ ਪਿੰਡ ਦੇ ਛੱਪੜ ਦੇ ਗੰਦੇ ਪਾਣੀ ਨੂੰ ਵੱਖ-ਵੱਖ ਟੋਭਿਆਂ ਰਾਹੀਂ ਸਾਫ਼ ਕਰ ਕੇ ਖੇਤੀ ਲੋੜਾਂ ਲਈ ਵਰਤਣ ਦੇ ਪ੍ਰਾਜੈਕਟ ਨੂੰ ਵੀ ਦੇਖਿਆ ਅਤੇ ਇਸ ਨਵੀਂ ਪਹਿਲ ਲਈ ਜ਼ਿਲ੍ਹਾ ਮੋਗਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪੂਰੇ ਦੇਸ਼ ਵਿਚ ਅਜਿਹੇ ਪ੍ਰਾਜੈਕਟ ਬਣ ਜਾਣ ਤਾਂ ਗੰਦੇ ਪਾਣੀ ਕਾਰਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ, ਧਰਤੀ ਹੇਠਲੇ ਪਾਣੀ ਦੇ ਹੋਰ ਹੇਠਾਂ ਜਾਣ ਅਤੇ ਕਿਸਾਨਾਂ ਦੀਆਂ ਖੇਤੀ ਲਾਗਤਾਂ ਨੂੰ ਘਟਾਇਆ ਜਾ ਸਕਦਾ ਹੈ।

ਉਨ੍ਹਾਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਇਸ ਗੱਲ ਦੀ ਵਧਾਈ ਦਿੱਤੀ ਕਿ ਪੂਰੇ ਦੇਸ਼ ਦੇ 112 ਐਸਪੀਰੇਸ਼ਨਲ ਜ਼ਿਲ੍ਹਿਆਂ ਵਿਚੋਂ ਜ਼ਿਲ੍ਹਾ ਮੋਗਾ ਦੀ ਕਾਰਗੁਜ਼ਾਰੀ ਬਹੁਤ ਬਿਹਤਰ ਹੈ। ਜਿਹੜੇ ਮਾਪਦੰਡਾਂ ਨੂੰ ਧਿਆਨ ਵਿਚ ਰੱਖ ਕੇ ਇਹ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ, ਉਸ ਵਿਚ ਜ਼ਿਲ੍ਹਾ ਮੋਗਾ ਪੂਰਾ ਉਤਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ 2018 ਵਿਚ ਸ਼ੁਰੂ ਕੀਤਾ ਗਿਆ ਸੀ, ਜਿਸ ਅਧੀਨ ਹੁਣ ਤੱਕ ਜ਼ਿਲ੍ਹਾ ਮੋਗਾ ਨੂੰ ਲਗਭਗ 14 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਹ ਰਾਸ਼ੀ ਸਿਹਤ, ਸਿੱਖਿਆ, ਬੁਨਿਆਦੀ ਢਾਂਚਾ, ਖੇਤੀਬਾੜੀ ਅਤੇ ਵਿੱਤੀ ਕੰਮਾਂ ਉੱਤੇ ਖਰਚੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ- ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ, 5 ਅਧਿਕਾਰੀਆਂ ਦੀ ਹੋ ਗਈ 'ਛੁੱਟੀ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News