ਪਰਾਲੀ ਸਾੜਨ ਤੋਂ ਰੋਕਣ ਲਈ 8000 ਨੋਡਲ ਅਫਸਰ ਬਣਾਏ
Sunday, Sep 30, 2018 - 02:35 PM (IST)

ਚੰਡੀਗੜ੍ਹ : ਕੈਪਟਨ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਪਿੰਡਾਂ 'ਚ 8000 ਨੋਡਲ ਅਫਸਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਪਿੰਡਾਂ ਦੀ ਪਛਾਣ ਖੇਤੀਬਾੜੀ ਵਿਭਾਗ ਨੇ ਕੀਤੀ ਹੈ। ਇਹ ਉਹ ਪਿੰਡ ਹਨ ਜੋ ਰਵਾਇਤੀ ਤੌਰ 'ਤੇ ਪਰਾਲੀ ਸਾੜਦੇ ਹਨ। ਐਡੀਸ਼ਨਲ ਚੀਫ ਸੈਕ੍ਰੇਟਰੀ (ਵਿਕਾਸ) ਵਿਸ਼ਵਜੀਤ ਖੰਨਾ ਮੁਤਾਬਕ ਨੋਡਲ ਅਫਸਰਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਸਖਤ ਚੌਕਸੀ ਵਰਤਣ ਦੀ ਸਲਾਹ ਦਿੱਤੀ ਹੈ। ਇਹ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਫਸਲੀ ਅਵਸ਼ੇਸ਼ ਪ੍ਰਬੰਧਨ ਮਸ਼ੀਨਾਂ ਦਾ ਪ੍ਰਬੰਧ ਕਰਨਗੇ। ਗੁਰਦੁਆਰਿਆਂ 'ਚੋਂ ਘੋਸ਼ਣਾ ਜਾਂ ਵੱਖ-ਵੱਖ ਥਾਵਾਂ ਤੋਂ ਪਰਾਲੀ ਨਾ ਜਲਾਉਣ ਸਬੰਧੀ ਪ੍ਰਚਾਰ ਕਰਨਗੇ। ਸਕੂਲਾਂ 'ਚ ਵਿਦਿਆਰਥੀਆਂ ਨੂੰ ਵੀ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਉਹ ਆਪਣੇ ਮਾਤਾ-ਪਿਤਾ ਨੂੰ ਇਸ ਸਬੰਧੀ ਜਾਣਕਾਰੀ ਦੇ ਸਕਣ। ਸੂਬੇ ਭਰ ਦੇ ਸਾਰੇ 3485 ਸਹਿਕਾਰੀ ਸੋਸਾਇਟੀਆਂ ਦੇ ਸੈਕ੍ਰੇਟਰੀਆਂ ਨੂੰ ਵੀ ਇਸ ਕੰਮ ਲਈ ਲਾਇਆ ਗਿਆ ਹੈ।