ਚਰਨਜੀਤ ਚੰਨੀ ਵੱਲੋਂ 26 ਨਵੰਬਰ ਤੋਂ ਸੂਬੇ ਭਰ ''ਚ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦਾ ਐਲਾਨ

Friday, Nov 19, 2021 - 12:48 AM (IST)

ਚਰਨਜੀਤ ਚੰਨੀ ਵੱਲੋਂ 26 ਨਵੰਬਰ ਤੋਂ ਸੂਬੇ ਭਰ ''ਚ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦਾ ਐਲਾਨ

ਚੰਡੀਗੜ੍ਹ- ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਸੂਬੇ ਭਰ ਵਿੱਚ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦਾ ਐਲਾਨ ਕੀਤਾ ਜੋ ਕਿ 26 ਨਵੰਬਰ ਤੋਂ ਪੂਰੇ ਸੂਬੇ ਵਿੱਚ ਸ਼ੁਰੂ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਭਰ ਵਿੱਚ ਅੱਖਾਂ ਦੇ ਕੈਂਪ ਲਗਾਏ ਜਾਣਗੇ, ਜਿੱਥੇ ਲੋਕਾਂ ਦੀਆਂ ਅੱਖਾਂ ਦੀ ਚੰਗੀ ਤਰਾਂ ਜਾਂਚ ਕੀਤੀ ਜਾਵੇਗੀ ਅਤੇ ਮੋਤੀਏ ਦੀ ਸਮੱਸਿਆ ਤੋਂ ਪੀੜਤ ਵਿਅਕਤੀਆਂ ਦੇ 15 ਦਿਨ ਬਾਅਦ ਆਪ੍ਰੇਸ਼ਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ, ‘‘ਲੋਕਾਂ ਨੂੰ ਉਨਾਂ ਦੇ ਘਰਾਂ ਤੋਂ ਕੈਂਪ ਵਾਲੀ ਥਾਂ ’ਤੇ ਲਿਆਉਣ-ਲਿਜਾਣ ਲਈ ਟਰਾਂਸਪੋਰਟ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਆਪ੍ਰੇਸ਼ਨ ਕਰਵਾਉਣ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਯਕੀਨੀ ਬਣਾਈ ਜਾਵੇਗੀ ਅਤੇ ਲੋਕਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ।’’  
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਢੁਕਵਾਂ ਪ੍ਰਚਾਰ ਕਰਨ ਦੇ ਨਾਲ-ਨਾਲ ਜਾਗਰੂਕਤਾ ਫੈਲਾਉਣਾ ਵੀ ਸਮੇਂ ਦੀ ਲੋੜ ਹੈ। ਚੰਨੀ ਨੇ ਅੱਗੇ ਕਿਹਾ, “ ਇਸ ਸਬੰਧ ਵਿੱਚ ਮੁੱਖ ਸਕੱਤਰ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਨਗੇ।’’
ਇਸ ਮੌਕੇ ਸਿਹਤ ਵਿਭਾਗ ਦੇ ਸਕੱਤਰ ਵਿਕਾਸ ਗਰਗ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਹੁਣ ਤੱਕ ਅਜਿਹੇ 82 ਕੈਂਪ ਲਗਾਏ ਜਾ ਚੁੱਕੇ ਹਨ, ਜਿਸ ’ਤੇ ਮੁੱਖ ਮੰਤਰੀ ਨੇ ਹਦਾਇਤ ਕੀਤੀ ਕਿ ਦਸੰਬਰ ਮਹੀਨੇ ਵਿੱਚ ਹਰੇਕ ਤਹਿਸੀਲ ਵਿੱਚ ਅਜਿਹਾ ਇੱਕ ਕੈਂਪ ਲਗਾਇਆ ਜਾਵੇ।
ਇਕ ਹੋਰ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨਾਂ ਸਰਧਾਲੂਆਂ ਕੋਲ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਪਰਮਿਟ ਹਨ, ਉਨਾਂ ਨੂੰ ਯਾਤਰਾ ਵਾਲੇ ਦਿਨ ਸੂਬਾ ਸਰਕਾਰ ਦੀਆਂ ਬੱਸਾਂ ਵਿਚ ਮੁਫਤ ਸਫਰ ਕਰਨ ਦੀ ਇਜਾਜ਼ਤ ਹੋਵੇਗੀ।


author

Bharat Thapa

Content Editor

Related News