ਨਗਰ ਕੌਂਸਲ ਚੋਣਾਂ ਨੂੰ ਲੈ ਕੇ ''ਆਪ'' ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਤਕਰਾਰ
Wednesday, Jun 24, 2026 - 03:55 PM (IST)
ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : 5 ਜੁਲਾਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੇ ਤੀਜੇ ਦਿਨ ਬੁੱਧਵਾਰ ਨੂੰ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਤਕਰਾਰ ਹੋ ਗਈ। ਜਾਣਕਾਰੀ ਅਨੁਸਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਅਤੇ ਸਮਰਥਕ ਐੱਸ. ਡੀ. ਐੱਮ. ਦਫ਼ਤਰ ਪਹੁੰਚੇ ਹੋਏ ਸਨ। ਇਸ ਦੌਰਾਨ ਅਕਾਲੀ ਦਲ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਉਮੀਦਵਾਰਾਂ ਅਤੇ ਸਮਰਥਕਾਂ ਨੂੰ ਅੰਦਰ ਜਾਣ ਤੋਂ ਰੋਕਿਆ ਜਾ ਰਿਹਾ ਸੀ, ਜਿਸ ਕਾਰਨ ਮੌਕੇ 'ਤੇ ਤਣਾਅ ਵਾਲੀ ਸਥਿਤੀ ਬਣ ਗਈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਅਤੇ ਭਾਜਪਾ ਆਗੂ ਦੀਪਕ ਸ਼ਰਮਾ ਨੇ ਪੁਲਸ ਅਤੇ ਪ੍ਰਸ਼ਾਸਨ 'ਤੇ ਪੱਖਪਾਤ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਮੁੱਖ ਗੇਟਾਂ 'ਤੇ ਬੈਰੀਕੇਡ ਲਗਾ ਕੇ ਆਮ ਲੋਕਾਂ ਅਤੇ ਸਮਰਥਕਾਂ ਦੀ ਆਵਾਜਾਈ ਰੋਕੀ ਗਈ ਸੀ। ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਪਰਿਸਰ ਦੇ ਅੰਦਰ ਖੜ੍ਹੇ ਇੱਕ ਵਾਹਨ ਸਬੰਧੀ ਸ਼ੱਕ ਜਤਾਇਆ ਗਿਆ, ਜਿਸ ਬਾਰੇ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਜਾਂਚ ਦੀ ਮੰਗ ਕੀਤੀ।
ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਆਮ ਲੋਕਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਸੀ ਤਾਂ ਸਬੰਧਿਤ ਵਾਹਨ ਨੂੰ ਅੰਦਰ ਕਿਵੇਂ ਆਉਣ ਦਿੱਤਾ ਗਿਆ। ਵਿਰੋਧੀ ਧਿਰ ਦੇ ਆਗੂਆਂ ਨੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਇਸ ਦੌਰਾਨ ਮੌਕੇ ਤੇ ਪਹੁੰਚੇ ਐੱਸ. ਪੀ. ਡੀ. ਫਿਰੋਜ਼ਪੁਰ ਮਨਜੀਤ ਸਿੰਘ ਨੇ ਦੱਸਿਆ ਕਿ ਕਿਸੇ ਨੂੰ ਕਾਗਜ਼ ਭਰਨ ਤੋਂ ਨਹੀਂ ਰੋਕਿਆ ਜਾ ਰਿਹਾ, ਜਿਹੜੇ ਸ਼ੱਕੀ ਵਾਹਨ ਦੀ ਗੱਲ ਹੋਰ ਹੋ ਰਹੀ ਹੈ, ਉਸ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ। ਜੇਕਰਰ ਕਾਰ ਵਿੱਚੋਂ ਕਿਸੇ ਤਰ੍ਹਾਂ ਦੀ ਕੋਈ ਸ਼ੱਕੀ ਚੀਜ਼ ਮਿਲਦੀ ਹੈ ਤਾਂ ਕਾਰ ਦੇ ਮਾਲਕ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
