CM ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲ ਰਹੀ : ਲਾਲਜੀਤ ਭੁੱਲਰ

08/16/2022 3:46:02 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਦੇਸ਼ ਦੇ 76ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਾਰਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਮਾਣ ਹੈ ਕਿ ਆਜ਼ਾਦੀ ਦੇ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲ ਰਹੀ ਹੈ। ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਜਿਥੇ ਬਿਜਲੀ, ਖੇਤੀਬਾੜੀ, ਸਿੱਖਿਆ, ਕਾਨੂੰਨ ਤੇ ਵਿਵਸਥਾ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿਹਤ, ਨਿਵੇਸ਼  ਪੱਖੀ ਮਾਹੌਲ ਸਿਰਜਣ ਅਤੇ ਉਦਯੋਗਾਂ ਦੇ ਖੇਤਰ ’ਚ ਨਾਮਣਾ ਖੱਟ ਰਿਹਾ ਹੈ, ਉਥੇ ਹੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਵੀ ਨੱਥ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਲੱਗਭਗ 5 ਮਹੀਨਿਆਂ ਦੇ ਕਾਰਜਕਾਲ ਦੌਰਾਨ ਹੀ ਅਨੇਕਾਂ ਲੋਕਪੱਖੀ ਪਹਿਲਕਦਮੀਆਂ ਕੀਤੀਆਂ ਹਨ।

PunjabKesari

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਦਿਸ਼ਾ ’ਚ ਵੱਡੀ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ ਅਤੇ ਵੱਡੀ ਗਿਣਤੀ ’ਚ ਗੈਂਗਸਟਰ ਕਾਬੂ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵਜੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਣ ਵਾਲਾ ਮਾਣਭੱਤਾ ਵਧਾ ਕੇ ਇਕ ਕਰੋੜ ਰੁਪਏ ਕਰ ਦਿੱਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ ਸਰਕਾਰੀ ਬੱਸਾਂ ਪੰਜਾਬ ਤੋਂ ਸਿੱਧੀਆਂ ਦਿੱਲੀ ਏਅਰਪੋਰਟ ਲਈ ਜਾਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਇਨ੍ਹਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਨਾਲੋਂ ਤਕਰੀਬਨ 50 ਫੀਸਦੀ ਘੱਟ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਖੱਜਲ-ਖੁਆਰੀ ਤੋਂ ਰਾਹਤ ਦਿਵਾਉਣ ਲਈ ਮੋਟਰ ਵ੍ਹੀਕਲ ਡੀਲਰਾਂ ਨੂੰ ਨਵੇਂ ਵਾਹਨ ਦੀ ਮੌਕੇ ’ਤੇ ਰਜਿਸਟ੍ਰੇਸ਼ਨ ਲਈ ਪ੍ਰਵਾਨਗੀ ਦੇਣ ਵਾਲੀ ਅਥਾਰਟੀ ਵਜੋਂ ਅਧਿਕਾਰਤ ਕੀਤਾ ਹੈ।

 ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਪੁਲਸ ਲਾਈਨ ਵਿਖੇ ਐੱਮ. ਐੱਲ. ਏ. ਸੰਗਰੂਰ ਨਰਿੰਦਰ ਕੌਰ ਭਰਾਜ, ਐੱਮ. ਐੱਲ. ਏ. ਲਹਿਰਾ ਬਰਿੰਦਰ ਕੁਮਾਰ ਗੋਇਲ ਸਮੇਤ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤਹਿਤ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਲਈ। ਸਮਾਗਮ ਦੌਰਾਨ ਕੈਬਨਿਟ ਮੰਤਰੀ ਭੁੱਲਰ ਨੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ। ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ’ਤੇ ਆਧਾਰਿਤ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ, ਜਿਸ ਦਾ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। ਸਕੂਲੀ ਵਿਦਿਆਰਥਣਾਂ ਵੱਲੋਂ ਲੋਕ ਨਾਚ ਗਿੱਧੇ ਅਤੇ ਵਿਦਿਆਰਥੀਆਂ ਵੱਲੋਂ ਪੇਸ਼ ਭੰਗੜਾ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਰਹੇ। ਇਸ ਉਪਰੰਤ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗ ਵਿਅਕਤੀਆਂ ਨੂੰ ਟ੍ਰਾਈਸਾਈਕਲ ਵੰਡੇ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਖੇਤਰਾਂ ’ਚ ਸ਼ਲਾਘਾਯੋਗ ਪ੍ਰਾਪਤੀਆਂ ਦਰਜ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਜ਼ਿਲ੍ਹਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐੱਮ. ਐੱਲ. ਏ. ਸੰਗਰੂਰ ਬੀਬਾ ਨਰਿੰਦਰ ਕੌਰ ਭਰਾਜ, ਐੱਮ. ਐੱਲ. ਏ. ਲਹਿਰਾ ਬਰਿੰਦਰ ਕੁਮਾਰ ਗੋਇਲ, ਸੀਨੀਅਰ ਆਗੂ ਗੁਰਮੇਲ ਸਿੰਘ ਘਰਾਚੋਂ, ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਸਿੰਘ ਰਾਏ ਸਮੇਤ ਸੀਨੀਅਰ ਤੇ ਜੂਨੀਅਰ ਜੱਜ ਸਾਹਿਬਾਨ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ, ਏ. ਡੀ. ਸੀ. ਅਨਮੋਲ ਸਿੰਘ ਧਾਲੀਵਾਲ, ਏ. ਡੀ. ਸੀ. ਵਿਕਾਸ ਵਰਜੀਤ ਵਾਲੀਆ, ਏ. ਡੀ. ਸੀ. ਸ਼ਹਿਰੀ ਵਿਕਾਸ ਲਤੀਫ਼ ਅਹਿਮਦ, ਐੱਸ. ਡੀ. ਐੱਮ. ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਸਮੇਤ ਵੱਡੀ ਗਿਣਤੀ ’ਚ ਪ੍ਰਸ਼ਾਸਨਿਕ ਤੇ ਪੁਲਸ ਅਧਿਕਾਰੀ, ਸਿਆਸਤਦਾਨ, ਸਕੂਲੀ ਵਿਦਿਆਰਥੀ, ਅਧਿਆਪਕ ਤੇ ਸ਼ਹਿਰ ਨਿਵਾਸੀ ਵੀ ਹਾਜ਼ਰ ਸਨ।


Manoj

Content Editor

Related News