ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦੀ ਅਗਵਾਈ ਹੇਠ ਕਮੇਟੀ ਵਫਦ ਨੇ ਗੁਰਦੁਆਰਾ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ

Wednesday, Aug 14, 2024 - 03:42 AM (IST)

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦੀ ਅਗਵਾਈ ਹੇਠ ਕਮੇਟੀ ਵਫਦ ਨੇ ਗੁਰਦੁਆਰਾ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਜੈਤੋ (ਪਰਾਸ਼ਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਲਈ ਬਣ ਰਹੀਆਂ ਵੋਟਾਂ ’ਚ ਯੋਗ ਸਿੱਖ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਤੇ ਇਸ ਕਾਰਜ ਨੂੰ ਪਾਰਦਰਸ਼ੀ ਤਰੀਕੇ ਨਾਲ ਕਰਨ ਦੀ ਮੰਗ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਕ ਵਫਦ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸ. ਐੱਸ. ਸਾਰੋਂ ਨੂੰ ਮਿਲਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਸਟਿਸ ਐੱਸ. ਐੱਸ. ਸਾਰੋਂ ਨੂੰ ਪੱਤਰ ਸੌਂਪ ਕੇ ਸਰਕਾਰੀ ਅਧਿਕਾਰੀਆਂ ਵਲੋਂ ਵੋਟਾਂ ਬਣਾਉਣ ਸਮੇਂ ਨਿਯਮਾਂ ਦੀ ਅਣਦੇਖੀ ਕਰਦਿਆਂ ਬਿਨਾਂ ਤਸਦੀਕ ਕੀਤੇ ਗਲਤ ਵੋਟਾਂ ਬਣਾਉਣ ਦੇ ਮਾਮਲੇ ਨੂੰ ਸੰਜੀਦਗੀ ਨਾਲ ਲੈਣ ਲਈ ਕਿਹਾ ਤੇ ਮੁਲਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਸੰਗਤਾਂ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ ਕਿ ਸਰਕਾਰੀ ਅਧਿਕਾਰੀ ਗੁਰਦੁਆਰਾ ਚੋਣਾਂ ਲਈ ਰਜਿਸਟ੍ਰੇਸ਼ਨ ਵਾਸਤੇ ਨਿਰਧਾਰਤ ਨਿਯਮਾਂ ਦੀ ਅਣਦੇਖੀ ਕਰ ਰਹੇ ਹਨ। ਵੋਟਾਂ ਬਣਾਉਣ ਵਾਲੇ ਸਰਕਾਰੀ ਕਰਮਚਾਰੀ ਲੋਕ ਸਭਾ ਤੇ ਵਿਧਾਨ ਸਭਾ ਦੀਆਂ ਵੋਟਰ ਸੂਚੀਆਂ ’ਚੋਂ ਨਾਂ ਚੁੱਕ ਕੇ ਨਿਯਮਾਂ ਨੂੰ ਅਣਦੇਖਾ ਕਰਦਿਆਂ ਵੋਟਾਂ ਬਣਾ ਰਹੇ ਹਨ, ਜਿਸ ਨਾਲ ਸਾਬਤ-ਸੂਰਤ ਸਿੱਖ ਵਾਲੀ ਸ਼ਰਤ ਦੀ ਉਲੰਘਣਾ ਹੋਣ ਦਾ ਖ਼ਦਸ਼ਾ ਹੈ।

ਉਨ੍ਹਾਂ ਮੰਗ ਕੀਤੀ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵਲੋਂ ਇਸ ਮਾਮਲੇ ਵਿਚ ਤੁਰੰਤ ਸਖ਼ਤ ਆਦੇਸ਼ ਜਾਰੀ ਕੀਤੇ ਜਾਣ, ਤਾਂ ਜੋ ਇਹ ਯਕੀਨੀ ਬਣ ਸਕੇ ਕਿ ਕਿਸੇ ਵੀ ਗੈਰ-ਸਿੱਖ ਤੇ ਪਤਿਤ ਦੀ ਵੋਟ ਨਾ ਬਣੇ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਲਈ ਮੈਂਬਰ ਚੁਣਨ ਵਾਸਤੇ ਨਿਯਮਾਂ ਅਨੁਸਾਰ ਵੋਟਰ ਰਜਿਸਟ੍ਰੇਸ਼ਨ ਯਕੀਨੀ ਬਣਾਉਣਾ ਗੁਰਦੁਆਰਾ ਚੋਣ ਕਮਿਸ਼ਨ ਦਾ ਮੁੱਢਲਾ ਫ਼ਰਜ਼ ਹੈ ਅਤੇ ਸੰਗਤ ਦੇ ਇਤਰਾਜ਼ਾਂ ਤੇ ਖ਼ਦਸ਼ਿਆਂ ਵੱਲ ਕਮਿਸ਼ਨ ਉਚੇਚੇ ਤੌਰ ’ਤੇ ਧਿਆਨ ਦੇਵੇ। ਕਮਿਸ਼ਨਰ ਨੂੰ ਸੌਂਪੇ ਪੱਤਰ ਰਾਹੀਂ ਇਹ ਵੀ ਮੰਗ ਕੀਤੀ ਗਈ ਕਿ ਸਿੱਖ ਤੇ ਸਾਬਤ-ਸੂਰਤ ਵੋਟਰਾਂ ਤੱਕ ਪਹੁੰਚ ਨੂੰ ਯਕੀਨੀ ਕਰਨ ਲਈ ਆਦੇਸ਼ ਦਿੱਤੇ ਜਾਣ ਅਤੇ ਹਰ ਵੋਟਰ ਦੀ ਪਛਾਣ ਤਸਦੀਕ ਕਰਨ ਦੇ ਨਾਲ-ਨਾਲ ਉਸ ਦੀ ਤਾਜ਼ਾ ਫੋਟੋ ਫਾਰਮ ਨਾਲ ਲੈ ਕੇ ਹੀ ਵੋਟਾਂ ਬਣਾਈਆਂ ਜਾਣ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਕੱਤਰ ਪ੍ਰਤਾਪ ਸਿੰਘ ਤੇ ਮੀਤ ਸਕੱਤਰ ਲਖਬੀਰ ਸਿੰਘ ਆਦਿ ਹਾਜ਼ਰ ਸਨ।


author

Inder Prajapati

Content Editor

Related News