ਮੌੜ ਮੰਡੀ ਵਿੱਚ ''ਆਪ'' ਲੀਡਰਾਂ ਦੇ ਆਪਸੀ ਕਲੇਸ਼ ਨੇ ਖੋਲ੍ਹੀ ਭ੍ਰਿਸ਼ਟਾਚਾਰ ਦੀ ਪੋਲ, ਕਾਂਗਰਸੀ ਆਗੂ ਨੇ ਘੇਰੀ ਮਾਨ ਸਰਕਾਰ
Tuesday, Jan 27, 2026 - 12:09 AM (IST)
ਮੌੜ ਮੰਡੀ, (ਵਿਜੇ ਵਰਮਾ)- ਗਣਤੰਤਰ ਦਿਵਸ ਮੌਕੇ ਮੌੜ ਮੰਡੀ ਵਿਖੇ ਹੋਏ ਇੱਕ ਸਮਾਗਮ ਦੌਰਾਨ ਵਿਧਾਇਕ ਸੁਖਵੀਰ ਮਾਈਸਰਖਾਨਾ ਅਤੇ ਨਗਰ ਨਿਗਮ ਪ੍ਰਧਾਨ ਕਰਨੈਲ ਸਿੰਘ ਵਿਚਕਾਰ ਕੁਰਸੀਆਂ ਨੂੰ ਲੈ ਕੇ ਹੋਈ ਤਕਰਾਰ ਨੇ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਇਸ ਘਟਨਾ 'ਤੇ ਪ੍ਰਤੀਕਰਮ ਦਿੰਦਿਆਂ ਕਾਂਗਰਸੀ ਆਗੂ ਮਨਿੰਦਰ ਸਿੰਘ ਨੇ ਸੂਬਾ ਸਰਕਾਰ ਅਤੇ ਸਥਾਨਕ ਲੀਡਰਸ਼ਿਪ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ।
ਮਨਿੰਦਰ ਸਿੰਘ ਨੇ ਦੋਸ਼ ਲਾਇਆ ਕਿ ਆਗੂਆਂ ਵਿਚਾਲੇ ਹੋਈ ਇਸ ਲੜਾਈ ਨੇ ਸਥਾਨਕ ਪੱਧਰ 'ਤੇ ਚੱਲ ਰਹੇ ਵੱਡੇ ਭ੍ਰਿਸ਼ਟਾਚਾਰ ਨੂੰ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇੱਕ ਪਾਸੇ ਮੌੜ ਮੰਡੀ ਦੇ ਆਮ ਲੋਕ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਪਿਸ ਰਹੇ ਹਨ, ਉੱਥੇ ਹੀ ਦੂਜੇ ਪਾਸੇ ਚੇਅਰਮੈਨੀਆਂ ਅਤੇ ਪ੍ਰਧਾਨਗੀਆਂ 30-30 ਲੱਖ ਰੁਪਏ ਵਿੱਚ ਵੇਚੀਆਂ ਜਾ ਰਹੀਆਂ ਹਨ।
ਸ਼ਹਿਰ ਦੀ ਮਾੜੀ ਹਾਲਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੀਵਰੇਜ ਦਾ ਬੁਰਾ ਹਾਲ ਹੈ, ਹਸਪਤਾਲਾਂ ਤੇ ਸਕੂਲਾਂ ਦੇ ਪ੍ਰਬੰਧ ਬੇਹਾਲ ਹਨ ਅਤੇ ਟੁੱਟੀਆਂ ਸੜਕਾਂ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀਆਂ ਨਕਾਮੀਆਂ ਨੂੰ ਲੁਕਾਉਣ ਲਈ ਲੋਕਤੰਤਰ ਦੇ ਚੌਥੇ ਥੰਮ੍ਹ ਮੀਡੀਆ ਦਾ ਗਲਾ ਘੁੱਟ ਰਹੀ ਹੈ। ਮਨਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਹ ਇਸ ਸਾਰੇ ਮਾਮਲੇ ਦੀ ਉੱਚ ਪੱਧਰੀ ਨਿਰਪੱਖ ਜਾਂਚ ਦੀ ਮੰਗ ਕਰਦੇ ਹਨ ਅਤੇ ਇਸ ਸਬੰਧੀ ਜਲਦੀ ਹੀ ਮਾਣਯੋਗ ਰਾਜਪਾਲ ਜੀ ਨੂੰ ਲਿਖਤੀ ਬੇਨਤੀ ਪੱਤਰ ਭੇਜਿਆ ਜਾਵੇਗਾ।
ਉਨ੍ਹਾਂ ਨੇ ਮੌੜ ਵਾਸੀਆਂ ਨੂੰ ਅਪੀਲ ਕੀਤੀ ਕਿ ਇਹ ਉਨ੍ਹਾਂ ਦੀ ਨਿੱਜੀ ਲੜਾਈ ਨਹੀਂ, ਸਗੋਂ ਸ਼ਹਿਰ ਦੇ ਹਿੱਤਾਂ ਦੀ ਲੜਾਈ ਹੈ, ਇਸ ਲਈ ਲੋਕ ਇਸ ਸੰਘਰਸ਼ ਵਿੱਚ ਉਨ੍ਹਾਂ ਦਾ ਸਾਥ ਦੇਣ।
