ਕਾਂਗਰਸੀ ਆਗੂਆਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਕੇ ਵਾਅਦਾ ਪੂਰਾ ਕਰ ਰਹੀ ਹੈ ਕੈਪਟਨ ਸਰਕਾਰ : ਐਡਵੋਕੇਟ ਰਾਹੀ
Sunday, Jun 20, 2021 - 12:07 PM (IST)
ਬਰਨਾਲਾ (ਵਿਵੇਕ ਸਿੰਧਵਾਨੀ): ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ ਨੇ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਸਰਕਾਰ ਦੇ ਫੈਸਲੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਾਂਗਰਸ ਆਗੂਆਂ ਦੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਪੂਰਾ ਕਰ ਰਹੇ ਹਨ।
ਰਾਹੀ ਅਤੇ ਬਾਬਾ ਟੇਕ ਸਿੰਘ ਜੋ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਜਗ ਬਾਣੀ ਨਾਲ ਗੱਲਬਾਤ ਕਰ ਰਹੇ ਸਨ ਨੇ ਕਿਹਾ ਕਿ ਬਿਨਾਂ ਟੈਸਟ ਪਾਸ ਕੀਤਿਆਂ ਸਰਕਾਰ ਕਿਸੇ ਨੂੰ ਇੰਸਪੈਕਟਰ ਤਹਿਸੀਲਦਾਰ ਕਿਵੇਂ ਬਣਾ ਸਕਦੀ ਹੈ।ਇਹ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨਾਲ ਸਰਾਸਰ ਧੱਕਾ ਹੈ। ਉਨ੍ਹਾਂ ਕਿਹਾ ਪੰਜਾਬ ਦੇ ਬਾਕੀ ਸਾਰੇ ਨੌਜਵਾਨ ਦਾ ਕੜੀ ਮਿਹਨਤ ਕਰਕੇ ਨੌਕਰੀ ਸਬੰਧੀ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਕੇ ਹੀ ਸਰਕਾਰੀ ਨੌਕਰੀ ਪ੍ਰਾਪਤ ਕਰਦੇ ਹਨ, ਪਰ ਇਨ੍ਹਾਂ ਵਿਧਾਇਕਾਂ ਦੇ ਪੁੱਤਰ ਨੂੰ ਸਿੱਧੀ ਨੌਕਰੀ ਦੇ ਕੇ ਪੰਜਾਬ ਦੇ ਮਿਹਨਤੀ ਨੌਜਵਾਨ ਨਾਲ ਸਰਾਸਰ ਵਿਤਕਰਾ ਤੇ ਵੱਡਾ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਮ ਲੋਕਾਂ ਦੇ ਧੀਆਂ ਪੁੱਤਰਾਂ ਨੂੰ ਰੋਜ਼ਗਾਰ ਮੇਲਿਆਂ ਦੇ ਨਾਂ ਤੇ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਮਜਬੂਰਨ ਧਰਨੇ ਲਗਾਉਣੇ ਪੈ ਰਹੇ ਹਨ। ਪੁਲਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਤੇ ਲਾਠੀਚਾਰਜ ਕਰਕੇ ਅਤੇ ਪਾਣੀ ਦੀਆਂ ਬੁਛਾੜਾਂ ਕਰਕੇ ਤਸ਼ੱਦਦ ਢਾਹਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਘਰ-ਘਰ ਨੌਕਰੀ ਦੇਣ ਅਤੇ ਰੈਗੂਲਰ ਭਰਤੀ ਦਾ ਵਾਅਦਾ ਕੀਤਾ ਸੀ ਜਦ ਕਿ ਸਾਢੇ ਚਾਰ ਸਾਲ ਗੁਜ਼ਰਨ ਦੇ ਬਾਅਦ ਵੀ ਹਰ ਵਿਭਾਗ ਵਿੱਚ ਹਜ਼ਾਰਾਂ ਪੋਸਟਾਂ ਖਾਲੀ ਪਈਆਂ ਹਨ, ਉਹ ਨਹੀਂ ਭਰੀਆਂ ਗਈਆਂ ਜਦ ਕਿ ਕਾਂਗਰਸ ਨੇ ਆਪਣੇ ਵਿਧਾਇਕਾਂ ਨੂੰ ਲਾਭ ਪਹੁੰਚਾਇਆ ਅਤੇ ਉਨ੍ਹਾਂ ਦੇ ਸਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਨਾਲ ਨਿਵਾਜਿਆ ਗਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਵਿਧਾਇਕਾਂ ਦੇ ਪੁੱਤਰਾ ਨੂੰ ਪੰਜਾਬ ਸਰਕਾਰ ਦਾ ਤਰਸ ਦੇ ਆਧਾਰ ਤੇ ਨੌਕਰੀ ਦੇਣਾ ਬਿਲਕੁਲ ਗਲਤ ਫੈਸਲਾ ਹੈ।
ਉਨ੍ਹਾਂ ਕਿਹਾ ਕੋਰੋਨਾ ਦੇ ਨਾਂ ਉੱਤੇ ਕੈਪਟਨ ਸਰਕਾਰ ਪਬਲਿਕ ਦੇ ਮਨ ਵਿੱਚ ਡਰ ਪੈਦਾ ਕਰਕੇ ਪਬਲਿਕ ਨੂੰ ਬੇਲੋੜਾ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਕੈਪਟਨ ਸਰਕਾਰ ਵੱਲੋਂ ਚੋਣ ਵਾਅਦਿਆਂ ਨੂੰ ਪੂਰਾ ਨਾ ਕਰਨ ਦਾ ਵਿਰੋਧ ਕਰਨ ਲਈ ਪਾਰਟੀ ਹਾਈਕਮਾਂਡ ਦੇ ਆਦੇਸ਼ਾਂ ਤਹਿਤ ਜਲਦ ਹੀ ਰੋਸ ਪ੍ਰਦਰਸ਼ਨ ਅਤੇ ਰੋਸ ਧਰਨਿਆਂ ਦਾ ਆਯੋਜਨ ਕਰਨਗੇ। ਉਨ੍ਹਾਂ ਅਕਾਲੀ ਦਲ ਅਤੇ ਬਸਪਾ ਗਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਨਤਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਿਲਕੁਲ ਵੀ ਮੂੰਹ ਨਹੀਂ ਲਾਵੇਗੀ ਅਤੇ ਪੰਜਾਬ ਵਿੱਚ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਹੁਮਤ ਨਾਲ ਬਣੇਗੀ।ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਤਰਲੋਚਨ ਬਾਂਸਲ ਤਪਾ, ਸ਼ਹਿਰੀ ਪ੍ਰਧਾਨ ਉਗਰ ਸੈਨ ਮੋਡ਼,ਸਰਪੰਚ ਡੋਗਰ ਸਿੰਘ,ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਰਾਕੇਸ਼ ਟੋਨਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਸਬੀਰ ਸਿੰਘ ਧੰਮੀ ਤੋਂ ਇਲਾਵਾ ਭਾਰੀ ਗਿਣਤੀ ਵਿਚ ਅਕਾਲੀ ਆਗੂ ਹਾਜ਼ਰ ਸਨ।