ਕਿਸਾਨ ਜਥੇਬੰਦੀ ਨੇ ਰੁਕਵਾਇਆ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਦਾ ਨਿਰਮਾਣ ਕਾਰਜ

06/30/2022 5:47:50 PM

ਭਵਾਨੀਗੜ੍ਹ (ਕਾਂਸਲ, ਵਿਕਾਸ):  ਕੇਂਦਰ ਸਰਕਾਰ ਦੇ ਭਾਰਤ ਮਾਲਾ ਪ੍ਰੋਜੈਕਟ ਅਧੀਨ ਬਣ ਰਹੇ ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਮੌਕੇ ਕਿਸਾਨਾਂ ਦਾ ਆਖਣਾ ਸੀ ਕਿ ਐਕਸਪ੍ਰੈੱਸ ਵੇਅ ਲਈ ਐਕਵਾਇਰ ਕੀਤੀਆਂ ਜਾਣ ਵਾਲੀਆਂ ਉਨ੍ਹਾਂ ਦੀਆਂ ਜ਼ਮੀਨਾਂ ਦਾ ਸਰਕਾਰ ਵੱਲੋਂ ਯੋਗ ਮੁਆਵਜਾ ਨਹੀਂ ਦਿੱਤਾ ਜਾ ਰਿਹਾ। ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਅੱਜ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜੀ ਵੀ ਕੀਤੀ।

ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਦੇ ਪੁਲਸ ਰਿਮਾਂਡ 'ਤੇ

ਇਸ ਮੌਕੇ ਐਡਵੋਕੇਟ ਹਰਿੰਦਰ ਸਿੰਘ ਦੁੱਲਟ, ਪ੍ਰਦੀਪ ਸਿੰਘ ਤੇ ਧਰਮਿੰਦਰ ਸਿੰਘ ਸੰਤੋਖ਼ਪੁਰਾ ਆਦਿ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵੱਲੋੰ ਐਕਸਪ੍ਰੈੱਸ ਵੇਅ ਦੇ ਨਿਰਮਾਣ ਦੇ ਨਾਂ 'ਤੇ ਪੰਜਾਬ ਸਰਕਾਰ ਨਾਲ ਮਿਲ ਕੇ ਕਿਸਾਨਾਂ ਨਾਲ ਧੋਖ਼ਾ ਕੀਤਾ ਜਾ ਰਿਹਾ ਹੈ। ਸਰਕਾਰਾਂ ਕਿਸਾਨਾਂ ਤੋੰ ਉਨ੍ਹਾਂ ਦੀਆਂ ਜ਼ਮੀਨਾਂ ਨੂੰ ਮਹਿਜ਼ 19 ਲੱਖ 80 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਲੈਣਾ ਚਾਹੁੰਦੀਆਂ ਹਨ ਜਦੋਂਕਿ ਉਨ੍ਹਾਂ ਦੀਆਂ ਜ਼ਮੀਨਾਂ ਤੋਂ ਕੁੱਝ ਹੀ ਦੂਰੀ ’ਤੇ ਸਥਿਤ ਪਿੰਡ ਫੱਗੂਵਾਲਾ ਦੇ ਕਿਸਾਨਾਂ ਨੂੰ ਸਰਕਾਰ ਵੱਲੋੰ 92 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪੈਸੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ  ਪ੍ਰਸਾਸ਼ਨ ਨਾਲ ਕਿਸਾਨਾਂ ਦੀਆਂ ਕਈ ਬੈਠਕਾਂ ਹੋਈਆਂ ਜਿਸ ਤੋੰ ਬਾਅਦ ਕਿਸਾਨਾਂ ਨੂੰ 74 ਲੱਖ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਣ ਦੀ ਹਾਮੀ ਭਰ ਗਈ ਸੀ ਪਰਤੂੰ ਹੁਣ ਸੜਕੀ ਵਿਭਾਗ ਵੱਲੋੰ ਕਿਸਾਨਾਂ ਨੂੰ 19 ਲੱਖ 80 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪੈਸੇ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀ ਹੈ ਜੋ ਕਿਸਾਨਾਂ ਨੂੰ ਮਨਜ਼ੂਰ ਨਹੀਂ। 

ਇਹ ਵੀ ਪੜ੍ਹੋ- ਫਿਰੋਜ਼ਪੁਰ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ : ਇਕ ਸ਼ੂਟਰ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ, ਹਥਿਆਰ ਬਰਾਮਦ

ਇਸ ਮੌਕੇ ਭਾਕਿਯੂ (ਉਗਰਾਹਾਂ) ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਤੇ ਬਲਾਕ ਆਗੂ ਮਨਜੀਤ ਸਿੰਘ ਘਰਾਚੋਂ ਨੇ ਕਿਹਾ ਕਿ ਕੇਂਦਰ ਸਰਕਾਰ ਉਪਜਾਊ ਜ਼ਮੀਨਾਂ ਨੂੰ ਸਸਤੇ ਭਾਅ ’ਤੇ ਲੈ ਕੇ ਕਿਸਾਨਾਂ ਨੂੰ ਬੇਜਮੀਨੇ ਬਣਾਉਣਾ ਚਾਹੁੰਦੀਆਂ ਹਨ ਪਰੰਤੂ ਉਨ੍ਹਾਂ ਦੀ ਜਥੇਬੰਦੀ ਸਰਕਾਰ ਦੀ ਇਸ ਨੀਤੀ ਦੇ ਖਿਲਾਫ਼ ਕਿਸਾਨਾਂ ਨੂੰ ਨਾਲ ਲੈ ਕੇ ਸੰਘਰਸ਼ ਵਿੱਢੇਗੀ ਤੇ ਕਿਸਾਨਾਂ ਨੂੰ ਜ਼ਮੀਨਾਂ ਦੇ ਪੂਰੇ ਰੇਟ ਦਿਵਾ ਕੇ ਰਹੇਗੀ। ਇਸ ਐਲਾਨ ਤੋਂ ਬਾਅਦ ਆਗੂਆਂ ਨੇ ਜ਼ਮੀਨ 'ਤੇ ਜਥੇਬੰਦੀ ਦਾ ਝੰਡਾ ਗੱਡ ਕੇ ਐਕਸਪ੍ਰੈਸ ਵੇਅ ਦੇ ਨਿਰਮਾਣ ਦਾ ਕੰਮ ਬੰਦ ਕਰਵਾਉਂਦਿਆਂ ਸੰਘਰਸ਼ ਦਾ ਬਿਗੁਲ ਬਜਾਇਆ। ਇਸ ਮੌਕੇ ਹੋਰਨਾਂ ਤੋੰ ਇਲਾਵਾ ਕਿਸਾਨ ਆਗੂ ਜਗਤਾਰ ਸਿੰਘ ਲੱਡੀ, ਜਸਵੀਰ ਸਿੰਘ ਗੱਗੜਪੁਰ, ਕੁਲਦੀਪ ਸਿੰਘ ਬਖੋਪੀਰ, ਗਿਆਨ ਸਿੰਘ, ਰਾਂਝਾ ਸਿੰਘ ਖੇੜੀਚੰਦਵਾਂ, ਜਗਵਿੰਦਰ ਸਿੰਘ ਦੁੱਲਟ, ਅਮ੍ਰਿਤਪਾਲ ਸਿੰਘ, ਆਤਮਾ ਸਿੰਘ, ਕੁਲਦੀਪ ਸਿੰਘ, ਗੁਰਚਰਨ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News