ਕੋਵਿਡ 19 ਦੇ ਚਲਦੇ ਰਾਸ਼ਨ ਤੋਂ ਵਾਂਝਾ ਵਿਅਕਤੀ ਜ਼ਿਲ੍ਹਾ ਯੂਥ ਕਾਂਗਰਸ ਨੂੰ ਸੰਪਰਕ ਕਰੇ : ਭੂਪਾਲ
Wednesday, Apr 08, 2020 - 12:20 AM (IST)

ਬੁਢਲਾਡਾ, (ਮਨਜੀਤ)- ਕੋਰੋਨਾ ਵਾਇਰਸ ਦੀ ਬਿਮਾਰੀ ਨੂੰ ਲੈ ਕੇ ਲੱਗੇ ਕਰਫਿਊ ਦੌਰਾਨ ਕਸਬਾ ਬੋਹਾ ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਜ਼ਿਲ੍ਹਾ ਯੂਥ ਕਾਂਗਰਸ ਮਾਨਸਾ ਦੇ ਪ੍ਰਧਾਨ ਚੁਸ਼ਪਿੰਦਰਬੀਰ ਸਿੰਘ ਚਹਿਲ ਭੂਪਾਲ ਵੱਲੋਂ ਅੱਧੀ ਦਰਜਨ ਦੇ ਕਰੀਬ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਸਥਾਨਕ ਸ਼ਹਿਰ ਬੁਢਲਾਡਾ ਵਿਖੇ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਰਾਸ਼ਨ ਵੰਡਣ ਦੀ ਮੁੰਹਿਮ ਜਾਰੀ ਰਹੇਗੀ। ਜਿੱਥੇ ਵੀ ਕੋਈ ਲੋੜਵੰਦ ਰਾਸ਼ਨ ਤੋਂ ਵਾਂਝਾ ਰਹਿ ਗਿਆ ਹੋਵੇ, ਉਸ ਨੂੰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਸਮਾਜ ਸੇਵੀ ਸੰਸਥਾਵਾਂ, ਜਿਲ੍ਹਾ ਪੁਲਿਸ ਪ੍ਰਸ਼ਾਸ਼ਨ ਅਤੇ ਸਰਕਾਰ ਵੱਲੋਂ ਲੋੜੀਂਦੇ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਸੀਬਤ ਦੀ ਘੜੀ ਵਿੱਚ ਲੋਕਾਂ ਦੀ ਬਾਂਹ ਫੜਣ ਅਤੇ ਉਨ੍ਹਾਂ ਦਾ ਸਾਥ ਦੇਣ ਜਿਲ੍ਹਾ ਯੂਥ ਕਾਂਗਰਸ ਦਾ ਮੁੱਢਲਾ ਫਰਜ ਹੋਵੇਗਾ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਕੋਈ ਰਹਿੰਦਾ ਲੋੜਵੰਦ ਪਰਿਵਾਰ ਉਨ੍ਹਾਂ ਦੇ ਧਿਆਨ ਵਿੱਚ ਆਇਆਂ ਤਾਂ ਉਹ ਖੁਦ ਜਾਂ ਉਨ੍ਹਾਂ ਦੀ ਟੀਮ ਜਾ ਕੇ ਲੋੜਵੰਦ ਪਰਿਵਾਰ ਨੂੰ ਰਾਸ਼ਨ ਮੁਹੱਈਆ ਕਰਵਾਉਣਗੇ। ਭੁਪਾਲ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਹਰ ਲੋੜਵੰਦ ਵਿਅਕਤੀ ਤੱਕ ਇਹ ਰਾਸ਼ਨ ਪਹੁੰਚਦਾ ਯਕੀਨੀ ਬਣਾਇਆ ਗਿਆ ਹੈ ਤਾਂ ਕਿ ਕੋਈ ਲੋੜਵੰਦ ਜਾਂ ਪ੍ਰਭਾਵਿਤ ਪਰਿਵਾਰ ਰੋਟੀ ਤੋਂ ਵਾਂਝਾ ਨਾ ਰਹੇ। ਇਸ ਮੌਕੇ ਚਰਨਜੀਤ ਸਿੰਘ ਭੂਪਾਲ, ਮਨਦੀਪ ਸਿੰਘ ਭੂਪਾਲ ਵੀ ਮੌਜੂਦ ਸਨ।