ਬਠਿੰਡਾ 'ਚ ਠੇਕਾ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ, ਕਿਹਾ ਬੇਸ਼ੱਕ ਦੇਸ਼ ਆਜ਼ਾਦ ਹੋ ਗਿਆ ਪਰ ਅਸੀਂ ਹੁਣ ਵੀ ਗੁਲਾਮ ਹਾਂ
Monday, Aug 15, 2022 - 02:49 PM (IST)
ਬਠਿੰਡਾ (ਕੁਨਾਲ) : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਅੱਜ ਬਠਿੰਡਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਾਲੇ ਝੰਡੇ ਫੜ ਕੇ ਸਰਕਾਰ ਵਿਰੁੱਧ ਖੂਬ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬਠਿੰਡਾ ਪੁਲਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ। ਸਰਕਾਰ ਖ਼ਿਲਾਫ਼ ਨਾਰੇਬਾਜ਼ੀ ਕਰਦਿਆਂ ਪ੍ਰਦਰਸ਼ਨਕਾਰੀ ਕਰਮਜੀਤ ਸਿੰਘ ਨੇ ਕਿਹਾ ਕਿ ਬੇਸ਼ੱਕ ਦੇਸ਼ ਆਜ਼ਾਦ ਹੋ ਚੁੱਕਿਆ ਹੈ ਪਰ ਅਸੀਂ ਹਾਲੇ ਵੀ ਗੁਲਾਮ ਹੀ ਹਾਂ ਜਿਸ ਕਾਰਨ ਅਸੀਂ ਅੱਜ ਕਾਲਾ ਦਿਨ ਮਨਾ ਰਹੇ ਹਾਂ। ਹੱਥਾਂ 'ਚ ਕਾਲੇ ਝੰਡੇ ਫੜ ਕੇ ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਹਮੇਸ਼ਾ ਗਰੀਬ ਲੋਕਾਂ ਦਾ ਸ਼ੋਸ਼ਣ ਕਰਦੀ ਆਈ ਹੈ। ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ।
ਇਹ ਵੀ ਪੜ੍ਹੋ- ਪੰਜਾਬ ਦੇ ਰਾਜਪਾਲ ਨੇ ਚੰਡੀਗੜ੍ਹ 'ਚ ਲਹਿਰਾਇਆ ਝੰਡਾ, ਸ਼ਹਿਰ ਵਾਸੀਆਂ ਨੂੰ ਕੀਤਾ ਸੰਬੋਧਨ
ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀਆਂ-ਵੱਡੀਆਂ ਗੱਲਾਂ ਕਰਦੇ ਸਨ ਅਤੇ ਹੁਣ ਤਾਂ ਉਨ੍ਹਾਂ ਦੀ ਸਰਕਾਰ ਹੈ ਪਰ ਪੁਲਸ ਆਪਣੇ ਹੱਕਾਂ ਦੀ ਲੜਾਈ ਲੜਨ ਵਾਲਿਆਂ ਨਾਲ ਧੱਕਾ ਕਰ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੁਲਸ ਨੇ ਉਨ੍ਹਾਂ ਨਾਲ ਕਾਫ਼ੀ ਧੱਕਾ-ਮੁੱਕੀ ਕੀਤੀ। ਜਿਸ ਦਾ ਉਨ੍ਹਾਂ ਵਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਹ ਮੁੱਖ ਮੰਤਰੀ ਨੂੰ ਸਵਾਲ ਕਰ ਰਹੇ ਹਨ ਕਿ ਕੀ ਇਹ ਆਜ਼ਾਦੀ ਹੈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।