ਸ਼ੱਕ ਦੂਰ ਕਰਨ ਲਈ ਕੋਈ ਵੀ ਦੇ ਸਕਦੈ ਕੋਰੋਨਾ ਸੈਂਪਲ
Tuesday, Jun 23, 2020 - 02:28 AM (IST)
ਕੋਟਕਪੂਰਾ,(ਨਰਿੰਦਰ ਬੈੜ੍ਹ)-ਪੰਜਾਬ ਨੂੰ ਕੋਰੋਨਾ ਮੁਕਤ ਕਰਨ ਲਈ ਸੂਬੇ ਦੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 'ਮਿਸ਼ਨ ਫਤਿਹ' ਚਲਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਅਤੇ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਕੋਰੋਨਾ ਦੀ ਰੋਕਥਾਮ ਅਤੇ ਸੈਂਪਲਿੰਗ ਪ੍ਰਕਿਰਿਆ ਸਬੰਧੀ ਜਾਗਰੂਕ ਕਰ ਰਹੀਆਂ ਹਨ। ਕੋਵਿਡ-19 ਦੇ ਮੀਡੀਆ ਇੰਚਾਰਜ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਕੋਰੋਨਾ ਦੀ ਚੇਨ ਤੋੜਨ ਅਤੇ ਸੈਂਪਲਿੰਗ ਤੇਜ਼ ਕਰਨ ਲਈ ਵੱਖ-ਵੱਖ ਸਰਗਰਮੀਆਂ ਅਮਲ ਵਿਚ ਲਿਆਂਦੀਆਂ ਜਾ ਰਹੀਆਂ ਹਨ। ਵਿਭਾਗ ਦੇ ਫੀਲਡ ਸਟਾਫ ਅਤੇ ਆਸ਼ਾ ਵਰਕਰਾਂ ਵਲੋਂ ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਨੂੰ ਘਰ ਇਕਾਂਤਵਾਸ ਦਾ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਮੋਬਾਇਲ 'ਤੇ ਕੋਵਾ ਐਪ ਡਾਊਨਲੋਡ ਕਰਵਾਇਆ ਜਾ ਰਿਹਾ ਹੈ ਅਤੇ ਕੋਰੋਨਾ ਸੈਂਪਲ ਦੇਣ ਲਈ ਕਿਹਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਜ਼ਿਲੇ ਅੰਦਰ ਕੋਰੋਨਾ ਦੇ ਸੈਂਪਲ ਇਕੱਤਰ ਕਰਨ ਲਈ ਸਿਹਤ ਸੰਸਥਾਵਾਂ ਕੋਟਕਪੂਰਾ, ਬਾਜਾਖਾਨਾ, ਜੈਤੋ, ਸਾਦਿਕ ਅਤੇ ਫਰੀਦਕੋਟ ਵਿਖੇ ਵਿਸ਼ੇਸ਼ ਫਲੂ ਕਾਰਨਰ ਸਥਾਪਿਤ ਕੀਤੇ ਗਏ ਹਨ ਅਤੇ ਰੋਜ਼ਾਨਾ ਗਠਿਤ ਟੀਮਾਂ ਵਲੋਂ ਸ਼ੱਕੀ ਮਰੀਜ਼ਾਂ ਦੇ ਕੋਰੋਨਾ ਸੈਂਪਲ ਇਕੱਤਰ ਕਰ ਕੇ ਜਾਂਚ ਲਈ ਲੈਬ ਵਿਚ ਭੇਜੇ ਜਾ ਰਹੇ ਹਨ। ਉਨਾਂ ਅਪੀਲ ਕੀਤੀ ਕਿ ਫਰੰਟ ਲਾਈਨ 'ਤੇ ਸੇਵਾਵਾਂ ਨਿਭਾਅ ਰਹੇ ਪੁਲਸ ਕਰਮਚਾਰੀ, ਆਸ਼ਾ, ਆਂਗਣੜਾੜੀ, ਪੰਚਾਇਤੀ ਰਾਜ ਦਾ ਸਟਾਫ, ਸਬਜ਼ੀ-ਫਰੂਟ, ਦੁੱਧ ਅਤੇ ਹੋਰ ਖਾਣ-ਪੀਣ ਦੀ ਵਸਤਾਂ ਵਗੈਰਾ ਸਪਲਾਈ ਕਰਨ ਵਾਲੇ ਵਿਅਕਤੀ ਕੋਰੋਨਾ ਦਾ ਸੈਂਪਲ ਆਪਣੇ ਨੇੜੇ ਦੇ ਫਲੂ ਕਾਰਨਰ 'ਤੇ ਦੇ ਸਕਦੇ ਹਨ। ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਝੋਨਾ ਲਾਉਣ ਲਈ ਮਜ਼ਦੂਰਾਂ ਦਾ ਵੀ ਕੋਰੋਨਾ ਟੈਸਟ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਜਾਣਕਾਰੀ ਲਈ ਟੋਲ ਫ੍ਰੀ ਨੰਬਰ 104 ਅਤੇ ਕੰਟਰੋਲ ਰੂਮ ਨੰਬਰ 01639-250947 'ਤੇ ਕਾਲ ਵੀ ਕੀਤੀ ਜਾ ਸਕਦੀ ਹੈ।