ਮਿਆਦ ਖ਼ਤਮ ਹੋਣ ਦੇ ਬਾਵਜੂਦ ਨਹੀਂ ਕਰਵਾਈਆਂ ਨਿਗਮ ਤੇ ਕੌਂਸਲ ਚੋਣਾਂ, ਹਾਈ ਕੋਰਟ ਨੇ ਮੰਗਿਆ ਜਵਾਬ

Saturday, Jul 20, 2024 - 06:36 AM (IST)

ਚੰਡੀਗੜ੍ਹ (ਰਮੇਸ਼ ਹਾਂਡਾ) : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀਆਂ 42 ਨਗਰ ਨਿਗਮਾਂ ਤੇ ਮਿਉਂਸੀਪਲ ਕਮੇਟੀਆਂ ਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ’ਚ ਦਾਇਰ ਜਨਹਿੱਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਮਲੇਰਕੋਟਲਾ ਵਾਸੀ ਬੇਅੰਤ ਸਿੰਘ ਵੱਲੋਂ ਦਾਇਰ ਜਨਹਿੱਤ ਪਟੀਸ਼ਨ ’ਚ ਹਾਈ ਕੋਰਟ ਨੂੰ ਦੱਸਿਆ ਗਿਆ ਕਿ ਪੰਜਾਬ ਦੀਆਂ 42 ਨਗਰ ਕੌਂਸਲਾਂ ਦਾ ਕਾਰਜਕਾਲ ਕਈ ਮਹੀਨੇ ਪਹਿਲਾਂ ਖ਼ਤਮ ਹੋ ਗਿਆ ਸੀ, ਜਿਨ੍ਹਾਂ ’ਚੋਂ ਕਈਆਂ ਦਾ ਕਾਰਜਕਾਲ ਖ਼ਤਮ ਹੋਏ ਨੂੰ 2 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਜਿਸ ਕਾਰਨ ਇੱਥੋਂ ਦੇ ਸਾਰੇ ਵਿਕਾਸ ਕਾਰਜ ਠੱਪ ਪਏ ਹਨ। ਇਸ ਲਈ ਇਨ੍ਹਾਂ ਸਾਰੀਆਂ ਚੋਣਾਂ ਨੂੰ ਜਲਦੀ ਤੋਂ ਜਲਦੀ ਕਰਵਾਉਣ ਲਈ ਹਾਈ ਕੋਰਟ ਤੋਂ ਮੰਗ ਕੀਤੀ ਗਈ ਹੈ। ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਵਿਕਾਸ ਸੂਰੀ ਨੇ ਸਰਕਾਰ ਨੂੰ ਇਸ ਮਾਮਲੇ ’ਚ 25 ਜੁਲਾਈ ਤੱਕ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਮੰਗਲੁਰੂ 'ਚ ਭਾਰੀ ਬਾਰਿਸ਼ ਦਾ ਕਹਿਰ; ਕਈ ਇਲਾਕੇ ਪਾਣੀ 'ਚ ਡੁੱਬੇ, ਸਕੂਲ-ਕਾਲਜ ਬੰਦ ਰੱਖਣ ਦੇ ਹੁਕਮ

ਪਟੀਸ਼ਨਰ ਅਨੁਸਾਰ ਰਾਜ ਦੀਆਂ ਜ਼ਿਆਦਾਤਰ ਨਗਰ ਕੌਂਸਲਾਂ ਦਾ ਕਾਰਜਕਾਲ ਦਸੰਬਰ 2022 ’ਚ ਖ਼ਤਮ ਹੋ ਗਿਆ ਹੈ ਪਰ ਹਾਲੇ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ। ਅਦਾਲਤ ਨੂੰ ਦੱਸਿਆ ਗਿਆ ਕਿ 1 ਅਗਸਤ 2023 ਨੂੰ ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਕੌਂਸਲ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਜੋ 1 ਨਵੰਬਰ 2023 ਨੂੰ ਹੋਣੀਆਂ ਸਨ ਪਰ ਅੱਜ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ। ਪਟੀਸ਼ਨ ਅਨੁਸਾਰ ਉਨ੍ਹਾਂ ਨੇ 5 ਜੁਲਾਈ ਨੂੰ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਕਾਨੂੰਨੀ ਨੋਟਿਸ ਭੇਜਿਆ ਸੀ ਪਰ ਹੁਣ ਤੱਕ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਮਿਲਿਆ, ਜਿਸ ਕਾਰਨ ਹੁਣ ਉਨ੍ਹਾਂ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਸੰਵਿਧਾਨ ਅਨੁਸਾਰ ਨਗਰ ਕੌਂਸਲ ਚੋਣਾਂ ਆਪਣੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਕਰਵਾਉਣੀਆਂ ਜ਼ਰੂਰੀ ਹਨ ਪਰ ਸਰਕਾਰ ਨੇ ਹਾਲੇ ਤੱਕ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Sandeep Kumar

Content Editor

Related News