ਬੀਪੀਈਓ ''ਤੇ ਭ੍ਰਿਸ਼ਟਾਚਾਰ ਦੇ ਦੋਸ਼, ਅਧਿਆਪਕਾਂ ਨੇ ਦਫ਼ਤਰ ਦਾ ਘੰਟਿਆਂਬੱਧੀ ਕੀਤਾ ਘਿਰਾਓ

Monday, Jul 27, 2026 - 07:22 PM (IST)

ਬੀਪੀਈਓ ''ਤੇ ਭ੍ਰਿਸ਼ਟਾਚਾਰ ਦੇ ਦੋਸ਼, ਅਧਿਆਪਕਾਂ ਨੇ ਦਫ਼ਤਰ ਦਾ ਘੰਟਿਆਂਬੱਧੀ ਕੀਤਾ ਘਿਰਾਓ

 ਭਵਾਨੀਗੜ੍ਹ,  (ਵਿਕਾਸ ਮਿੱਤਲ)- ਵੱਖ-ਵੱਖ ਅਧਿਆਪਕ ਜਥੇਬੰਦੀਆਂ ਵੱਲੋਂ ਸੋਮਵਾਰ ਨੂੰ ਇੱਥੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ (ਬੀਪੀਈਓ) ਦਾ ਭਵਾਨੀਗੜ੍ਹ ਦਫ਼ਤਰ ਵਿਖੇ ਘਿਰਾਓ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਬੀਪੀਈਓ 'ਤੇ ਕਥਿਤ ਭ੍ਰਿਸ਼ਟਾਚਾਰ ਤੇ ਅਧਿਆਪਕਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਲਗਾਏ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਕਈ ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਉੱਚ ਅਧਿਕਾਰੀਆਂ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਿਆ।

ਧਰਨੇ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂ ਦੇਵੀ ਦਿਆਲ, ਅਵਤਾਰ ਸਿੰਘ ਭਲਵਾਨ, ਵਰਿੰਦਰਜੀਤ ਸਿੰਘ ਬਜਾਜ, ਗੁਰਸੇਵਕ ਸਿੰਘ ਕਲੇਰ, ਫਕੀਰ ਸਿੰਘ ਟਿੱਬਾ, ਜੋਤਿੰਦਰ ਜੋਤੀ ਤੇ ਸਰਬਜੀਤ ਸਿੰਘ ਪੁੰਨਾਂਵਾਲ ਨੇ ਦਾਅਵਾ ਕੀਤਾ ਕਿ ਸੰਬੰਧਿਤ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਕੋਲ ਚਾਰ ਬਲਾਕਾਂ ਦਾ ਵਾਧੂ ਚਾਰਜ ਹੈ ਤੇ ਉਨ੍ਹਾਂ ਵਿਰੁੱਧ ਅਧਿਆਪਕਾਂ ਨੂੰ ਬੇਵਜ੍ਹਾ ਤੰਗ-ਪਰੇਸ਼ਾਨ ਕਰਨ, ਜਲੀਲ ਕਰਨ ਤੇ ਕਥਿਤ ਤੌਰ 'ਤੇ ਰਿਸ਼ਵਤਖੋਰੀ ਦੇ ਦੋਸ਼ ਲਗਾਤਾਰ ਸਾਹਮਣੇ ਆ ਰਹੇ ਹਨ। ਆਗੂਆਂ ਨੇ ਕਿਹਾ ਕਿ ਕਰੀਬ ਇੱਕ ਮਹੀਨਾ ਪਹਿਲਾਂ ਇਸ ਸਬੰਧੀ ਸ਼ਿਕਾਇਤ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਨੂੰ ਦਿੱਤੀ ਗਈ ਸੀ ਪਰ ਮਾਮਲੇ ਨੂੰ ਗੰਭੀਰਤਾ ਨਾਲ ਨਾ ਲਏ ਜਾਣ ਕਾਰਨ ਅਧਿਆਪਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਕਾਰਵਾਈ ਕੀਤੀ ਜਾਂਦੀ ਤਾਂ ਅੱਜ ਇਹ ਸਥਿਤੀ ਪੈਦਾ ਨਾ ਹੁੰਦੀ। ਅਧਿਆਪਕ ਆਗੂਆਂ ਅਨੁਸਾਰ ਪਹਿਲਾਂ ਵਫ਼ਦ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਪਰ ਕੋਈ ਸਕਾਰਾਤਮਕ ਨਤੀਜਾ ਨਾ ਨਿਕਲਣ 'ਤੇ ਅਧਿਆਪਕਾਂ ਨੇ ਦਫ਼ਤਰ ਦਾ ਘਿਰਾਓ ਕਰਕੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ।

ਸ਼ਾਮ ਨੂੰ ਖ਼ਬਰ ਲਿਖੇ ਜਾਣ ਤੱਕ ਅਧਿਆਪਕਾਂ ਦਾ ਘਿਰਾਓ ਤੇ ਰੋਸ ਪ੍ਰਦਰਸ਼ਨ ਜਾਰੀ ਸੀ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ਾਂ ਦੀ ਨਿਰਪੱਖ ਜਾਂਚ ਕਰਕੇ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ। ਇਸ ਮੌਕੇ ਗੁਰਲਾਭ ਸਿੰਘ, ਹੁਸ਼ਿਆਰ ਸਿੰਘ, ਘਰਿੰਦਰ ਸਿੰਘ, ਜਗਦੀਸ਼ ਸਿੰਘ, ਨਰਿੰਦਰ ਕੁਮਾਰ, ਜਸਬੀਰ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਜਸਪਾਲ ਸਿੰਘ, ਸੁੰਦਰ ਸਿੰਘ, ਜਸਵਿੰਦਰ ਪਾਲ ਸਮਰਾ, ਕਸ਼ਮੀਰ ਸਿੰਘ, ਸਵਿੰਦਰ ਪਾਲ ਜੋਸ਼ੀ, ਹਰਜਿੰਦਰ ਸਿੰਘ, ਗੁਰਤੇਜ ਸਿੰਘ, ਜਰਨੈਲ ਸਿੰਘ, ਬੱਗਾ ਸਿੰਘ, ਵੀਰ ਸਿੰਘ, ਨਿਰਮਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਹਾਜ਼ਰ ਸਨ।

ਬੀਪੀਈਓ ਨੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ
 ਓਧਰ, ਦੋਸ਼ਾਂ ਸਬੰਧੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਭਵਾਨੀਗੜ੍ਹ ਰਜਿੰਦਰ ਕੁਮਾਰ ਨੇ ਕਿਹਾ ਕਿ ਉਨ੍ਹਾਂ ਉੱਪਰ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ। ਅਧਿਆਪਕਾਂ ਵੱਲੋਂ ਕੀਤੇ ਘਿਰਾਓ ਦੀ ਜਾਣਕਾਰੀ ਉਨ੍ਹਾਂ ਆਪਣੇ ਉੱਚ ਅਧਿਕਾਰੀਆਂ ਨੂੰ ਦੇ ਦਿੱਤੀ ਹੈ।
 


author

Shubam Kumar

Content Editor

Related News