ਸੰਤ ਈਸ਼ਰ ਸਿੰਘ ਮੈਮੋਰੀਅਲ ਹਸਪਤਾਲ ਰਾੜਾ ਸਾਹਿਬ ਵਿਖੇ ਕੋਵਿਡ ਕੇਅਰ ਸੈਂਟਰ ਤਿਆਰ, 13 ਮਈ ਤੋਂ ਦੇਵੇਗਾ ਸੇਵਾਵਾਂ

05/11/2021 9:05:55 PM

ਪਾਇਲ (ਵਿਨਾਇਕ)-ਪੇਂਡੂ ਇਲਾਕਿਆਂ ’ਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤੀ ਲਾਗੂ ਕੀਤੀ ਜਾ ਰਹੀ ਹੈ, ਉੱਥੇ ਹੀ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਬਣਾਉਣ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਕੜੀ ਤਹਿਤ ਪਾਇਲ ਸਬ-ਡਵੀਜ਼ਨ ਦੇ ਕਸਬਾ ਕਰਮਸਰ ਰਾੜਾ ਸਾਹਿਬ ਵਿਖੇ ਸੰਤ ਬਾਬਾ ਈਸ਼ਰ ਸਿੰਘ ਜੀ ਮੈਮੋਰੀਅਲ ਟਰੱਸਟ ਵੱਲੋਂ ਚਲਾਏ ਜਾ ਰਹੇ ਹਸਪਤਾਲ ’ਚ 50 ਬਿਸਤਰਿਆਂ ਦਾ ਕੋਵਿਡ ਕੇਅਰ ਸੈਂਟਰ ਬਣ ਕੇ ਤਿਆਰ ਹੋ ਚੁੱਕਾ ਹੈ, ਜਿਹੜਾ 13 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰੇਗਾ।

ਇਹ ਪ੍ਰਗਟਾਵਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਹਸਪਤਾਲ ਦੀ ਇਮਾਰਤ ਅਤੇ ਹੋਰ ਲੋੜੀਂਦੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਹ ਕੇਂਦਰ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਨਾਲ ਮੁਕਾਬਲਾ ਕਰਨ ਲਈ ਪੇਂਡੂ ਖੇਤਰ ’ਚ ਸਥਾਪਿਤ ਕੀਤਾ ਗਿਆ ਹੈ। ਇਸ ਮੌਕੇ ਸੰਤ ਬਾਬਾ ਈਸ਼ਰ ਸਿੰਘ ਜੀ ਮੈਮੋਰੀਅਲ ਟਰੱਸਟ ਅਤੇ ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ, ਲੁਧਿਆਣਾ ਦੇ ਏ.ਡੀ.ਸੀ. (ਡੀ) ਸੰਦੀਪ ਕੁਮਾਰ, ਐੱਸ.ਡੀ.ਐੱਮ. ਪਾਇਲ ਮਨਕੰਵਲ ਚਾਹਲ, ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਗਿੱਲ, ਸੀਨੀਅਰ ਕਾਂਗਰਸੀ ਆਗੂ ਗੁਰਦੇਵ ਸਿੰਘ ਲਾਪਰਾਂ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਸਪਤਾਲ ਦੀ ਇਹ ਇਮਾਰਤ ਕੋਵਿਡ ਕੇਅਰ ਸੈਂਟਰ ਸ਼ੁਰੂ ਕਰਨ ਲਈ ਇਕ ਆਦਰਸ਼ ਜਗ੍ਹਾ ਹੈ ਅਤੇ ਇਸ ਵਿਚ 50 ਆਕਸੀਜਨ ਬੈੱਡ ਲੈਵਲ-1 ਅਤੇ ਲੈਵਲ-2 ਦੇ ਮਰੀਜ਼ ਹੋਣਗੇ। ਜਿੱਥੇ ਇਲਾਜ ਲਈ ਆਕਸੀਜਨ ਸਪਲਾਈ ਵੀ ਯਕੀਨੀ ਬਣਾਈ ਜਾਏਗੀ। ਉਨ੍ਹਾਂ ਦੱਸਿਆ ਕਿ ਭਲਕੇ 12 ਮਈ ਤੋਂ ਹਸਪਤਾਲ ’ਚ ਸੈਂਪਲਿੰਗ ਸ਼ੁਰੂ ਹੋ ਜਾਵੇਗੀ, ਤਾਂ ਜੋ ਕੋਰੋਨਾ ਕੇਸਾਂ ਦਾ ਪਤਾ ਲਗਾ ਕੇ ਸ਼ੁਰੂਆਤੀ ਪੜਾਅ ’ਤੇ ਹੀ ਇਲਾਜ ਸੁਰੂ ਕਰਵਾਇਆ ਜਾ ਸਕੇ ਅਤੇ ਪੱਧਰ-2 ਅਤੇ ਪੱਧਰ 3 ਤੱਕ ਪਹੁੰਚਣ ਤੋਂ ਰੋਕ ਕੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਛੂਤ ਦੀ ਬੀਮਾਰੀ ਤੋਂ ਪੀੜਤ ਲੋਕਾਂ ਲਈ ਟੀਕਾਕਰਨ ਦੀ ਸੁਵਿਧਾ ਵੀ ਇਥੇ ਆਰੰਭ ਕੀਤੀ ਜਾਏਗੀ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਫਲੂ ਵਰਗੇ ਲੱਛਣਾਂ ਨੂੰ ਹਲਕੇ ’ਚ ਨਾ ਲੈਣ ਅਤੇ ਡਾਕਟਰਾਂ ਨਾਲ ਜਲਦ ਸੰਪਰਕ ਕਰ ਕੇ ਸਲਾਹ-ਮਸ਼ਵਰਾ ਕਰਨ। ਉਨਾਂ ਕਿਹਾ ਕਿ ਲੋਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਬਲਕਿ ਕੋਰੋਨਾ ਟੈਸਟ ਕਰਵਾਉਣੇ ਚਾਹੀਦੇ ਹਨ। ਸਿਹਤ ਵਿਭਾਗ ਵੱਲੋਂ ਕੋਵਿਡ ਟੈਸਟਿੰਗ ਕਰਨ ਕਰਕੇ ਹੀ ਸ਼ਹਿਰਾਂ ’ਚ ਨਵੇਂ ਕੇਸ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਮਹਾਮਾਰੀ ਦਾ ਮੁਕਾਬਲਾ ਕਰਨ ਅਤੇ ਲੋਕਾਂ ਨੂੰ ਇਸ ਵਾਇਰਸ ਦੀ ਮਾਰ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਮੌਕੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਮੁਖੀ ਸੰਪ੍ਰਦਾਇ ਰਾੜਾ ਸਾਹਿਬ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਵਿਡ-19 ਦੇ ਅਦਿੱਖ ਦੁਸ਼ਮਣ ਖਿਲਾਫ ਲੜਾਈ ਵਿਚ ਪੂਰਾ ਸਹਿਯੋਗ ਦੇਣ ਤੋਂ ਇਲਾਵਾ ਹਸਪਤਾਲ ਮੁਹੱਈਆ ਕਰਵਾਉਣ ਦੀ ਵੀ ਪੇਸ਼ਕਸ਼ ਕੀਤੀ।

Manoj

This news is Content Editor Manoj