ਲੋਕਾਂ ਨੂੰ ਕੋਵਿਡ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨ ਦਾ ਇਹ ਢੁੱਕਵਾਂ ਸਮਾਂ : ਜਤਿੰਦਰ ਜੋਰਵਾਲ

04/06/2022 9:49:12 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਲੋਕਾਂ ਨੂੰ ਕੋਵਿਡ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨ ਦਾ ਇਹ ਬਿਲਕੁਲ ਢੁੱਕਵਾਂ ਸਮਾਂ ਹੈ ਅਤੇ ਇਸ ਸਮੇਂ ਦਾ ਪ੍ਰਸ਼ਾਸਨਿਕ ਪੱਧਰ ’ਤੇ ਤਾਲਮੇਲ ਰੱਖਦਿਆਂ ਸਹਿਯੋਗ ਲੈਣਾ ਬੇਹੱਦ ਜ਼ਰੂਰੀ ਹੈ ਕਿਉਂਕਿ ਕੋਵਿਡ ਦੀ ਤੀਜੀ ਲਹਿਰ ਦਾ ਡਰ ਹਾਲੇ ਮੁਕੰਮਲ ਤੌਰ ’ਤੇ ਖ਼ਤਮ ਨਹੀਂ ਹੋਇਆ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕੋਵਿਡ ਟੀਕਾਕਰਨ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕੀਤਾ।

ਇਹ ਵੀ ਪੜ੍ਹੋ : ਡਾ. ਵੇਰਕਾ ਦੇ ਦੋਸ਼ਾਂ ਤੋਂ ਬਾਅਦ ਸੁਨੀਲ ਜਾਖੜ ਨੇ ਦਿੱਤਾ ਸਪੱਸ਼ਟੀਕਰਨ

ਡੀ. ਸੀ. ਨੇ ਕਿਹਾ ਕਿ ਇਸ ਸਬੰਧੀ ਅਗਲੇ 2 ਹਫ਼ਤਿਆਂ ਦਾ ਐਕਸ਼ਨ ਪਲਾਨ ਬਣਾਇਆ ਜਾਵੇ ਅਤੇ ਯੋਜਨਾਬੱਧ ਤਰੀਕੇ ਨਾਲ ਟੀਕਾਕਰਨ ਤੋਂ ਵਾਂਝੇ ਹਰੇਕ ਵਿਅਕਤੀ ਤੱਕ ਪਹੁੰਚ ਬਣਾਈ ਜਾਵੇ ਅਤੇ ਟੀਕਾਕਰਨ ਦੀ ਅਹਿਮੀਅਤ ਬਾਰੇ ਜਾਣੂ ਕਰਵਾਇਆ ਜਾਵੇ। ਜੋਰਵਾਲ ਨੇ ਸਮੂਹ ਉਪ ਮੰਡਲ ਮੈਜਿਸਟ੍ਰੇਟ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੱਡੀਆਂ ਅਨਾਜ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਆ ਜਾਵੇ ਅਤੇ ਇਨ੍ਹਾਂ ਵਰਗਾਂ ਦੀਆਂ ਐਸੋਸੀਏਸ਼ਨਾਂ ਦੇ ਪੱਧਰ ’ਤੇ ਉਤਸ਼ਾਹ ਪੈਦਾ ਕਰਕੇ ਮੰਡੀਆਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਆਉਣ ਵਾਲੇ ਹਰੇਕ ਉਸ ਨਾਗਰਿਕ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ, ਜੋ ਕਿ ਪਹਿਲੀ, ਦੂਜੀ ਜਾਂ ਫਿਰ ਬੂਸਟਰ ਡੋਜ਼ ਪ੍ਰਾਪਤ ਨਹੀਂ ਕਰ ਸਕਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧਾਰਮਿਕ, ਸਮਾਜਿਕ ਸੰਸਥਾਵਾਂ ਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਸੌ ਫੀਸਦੀ ਟੀਕਾਕਰਨ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕਦਾ ਹੈ। ਉਨ੍ਹਾਂ 12 ਤੋਂ 14 ਸਾਲ ਉਮਰ ਵਰਗ ਅਤੇ 15 ਤੋਂ 17 ਸਾਲ ਉਮਰ ਵਰਗ ਦੇ ਬੱਚਿਆਂ ਦੇ ਟੀਕਾਕਰਨ ਲਈ ਸਕੂਲੀ ਪੱਧਰ ’ਤੇ ਪ੍ਰੇਰਨਾਦਾਇਕ ਉਪਰਾਲੇ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ : 6 ਮਹੀਨੇ ਪਹਿਲਾਂ ਦੋਰਾਹਾ ਤੋਂ ਕੈਨੇਡਾ ਗਈ ਲੜਕੀ ਦੀ ਭੇਤਭਰੀ ਹਾਲਤ 'ਚ ਮੌਤ

ਇਸ ਮੌਕੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ 90.27 ਫੀਸਦੀ ਲੋਕਾਂ ਦੇ ਪਹਿਲੀ ਡੋਜ਼ ਲੱਗ ਚੁੱਕੀ ਹੈ, ਜਦਕਿ 61.61 ਫੀਸਦੀ ਲੋਕਾਂ ਨੇ ਦੂਜੀ ਡੋਜ਼ ਲਗਵਾਈ ਹੈ ਅਤੇ ਸਮੂਹ ਸੀਨੀਅਰ ਮੈਡੀਕਲ ਅਧਿਕਾਰੀਆਂ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ ਲਈ ਕਾਰਜਸ਼ੀਲ ਹਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐੱਸ. ਡੀ. ਐੱਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐੱਸ. ਡੀ. ਐੱਮ. ਸੁਨਾਮ ਜਸਪ੍ਰੀਤ ਸਿੰਘ, ਐੱਸ. ਡੀ. ਐੱਮ. ਲਹਿਰਾ ਨਵਰੀਤ ਕੌਰ ਸੇਖੋਂ, ਐੱਸ. ਡੀ. ਐੱਮ. ਦਿੜ੍ਹਬਾ ਰਾਜੇਸ਼ ਸ਼ਰਮਾ, ਨਾਇਬ ਤਹਿਸੀਲਦਾਰ ਧੂਰੀ ਜਿਨਸੂ ਬਾਂਸਲ ਸਮੇਤ ਸਿਹਤ ਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। 


Harnek Seechewal

Content Editor

Related News