ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨੇ ਘੇਰਿਆ ਡੀ.ਸੀ. ਦਫ਼ਤਰ

11/18/2020 4:33:26 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ, ਸੁਖਪਾਲ): ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖ਼ੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨ ਆਗੂਆਂ ਵਲੋਂ ਸਥਾਨਕ ਡੀ.ਸੀ. ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਸਟੇਟ ਕਮੇਟੀ ਦੇ ਸੱਦੇ 'ਤੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ, ਸਕੱਤਰ ਗੁਰਭਗਤ ਸਿੰਘ ਭਲਾਈਆਣਾ ਦੀ ਅਗਵਾਈ ਹੇਠ ਲਗਾਏ ਧਰਨੇ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਭਰਵੀਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਖੇਤੀ ਕਾਨੂੰਨਾਂ ਨੂੰ ਹਰੀ ਝੰਡੀ ਦਿੱਤੀ ਹੈ, ਉਹ ਸਿਰਫ਼ ਕਿਸਾਨਾਂ ਹੀ ਨਹੀਂ, ਸਗੋਂ ਹਰ ਵਰਗ ਲਈ ਖਤਰਨਾਕ ਹੈ, ਜਿਸ ਕਰਕੇ ਪੂਰੇ ਦੇਸ਼ ਅੰਦਰ ਪ੍ਰਦਰਸ਼ਨ ਹੋ ਰਹੇ ਹਨ, ਪਰ ਕੇਂਦਰ ਸਰਕਾਰ ਟਸ ਤੋਂ ਮਸ ਨਹੀਂ ਹੋ ਰਹੀ।ਕਿਸਾਨ ਆਗੂਆਂ ਨੇ ਦੱਸਿਆ ਕਿ ਇਨ੍ਹਾਂ ਖੇਤੀ ਕਾਨੂੰਨਾਂ ਦੇ ਰੋਸ ਵਜੋਂ 26-27 ਨਵੰਬਰ ਨੂੰ ਦਿੱਲੀ ਵਿਖੇ ਵੱਡਾ ਇਕੱਠ ਕੀਤਾ ਜਾ ਰਿਹਾ ਹੈ, ਜਿਸ 'ਚ ਕਿਸਾਨਾਂ ਨੂੰ ਪੁੱਜਣ ਲਈ ਲਾਮਬੰਦ ਵੀ ਕੀਤਾ ਗਿਆ।

ਇਸੇ ਦੌਰਾਨ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜ਼ਲੀ ਵੀ ਭੇਂਟ ਕੀਤੀ ਗਈ। ਉਪਰੰਤ ਕਿਸਾਨ ਆਗੂ ਪੂਰਨ ਸਿੰਘ,ਹਰਬੰਸ ਸਿੰਘ, ਭੁਪਿੰਦਰ ਸਿੰਘ, ਗੁਰਾਦਿੱਤਾ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਕਿ ਕੇਂਦਰ ਸਰਕਾਰ ਲੋਕ ਵਿਰੋਧੀ ਫੈਸਲੇ ਕਰ ਰਹੀ ਹੈ, ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਕਿਸਾਨ ਆਪਣਾ ਸੰਘਰਸ਼ ਜਾਰੀ ਰੱਖਣਗੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਝੋਨੇ ਤੇ ਕਪਾਹ ਮੰਡੀ ਸਬ ਯਾਰਡਾਂ ਦੀ ਬੰਦ ਕੀਤੀ ਗਈ ਸਰਕਾਰੀ ਖ਼ਰੀਦ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਕਥਿਤ ਤੌਰ 'ਤੇ ਕਤਲ ਕੀਤੇ ਗਏ ਤਿੰਨ ਵਿਅਕਤੀਆਂ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੇ ਜਾਣ ਦੀ ਨਿੰਦਾ ਵੀ ਕੀਤੀ ਗਈ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਭਰਵੀਂ ਨਾਅਰੇਬਾਜ਼ੀ ਕੀਤੀ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਗੱਲ ਆਖ਼ੀ।ਇਸ ਮੌਕੇ ਗੁਰਪਾਸ਼ ਸਿੰਘ, ਮਲਕੀਤ ਸਿੰਘ, ਸੁੱਚਾ ਸਿੰਘ ਆਦਿ ਕਿਸਾਨ ਹਾਜ਼ਰ ਸਨ।


Shyna

Content Editor

Related News