''ਕੈਪਟਨ ਸਰਕਾਰ ਦੀ ਮੱਦਦ ਨਾਲ ਮਿਲੀ ਕੋਲਿਆਂਵਾਲੀ ਨੂੰ ਜ਼ਮਾਨਤ''
Sunday, Feb 17, 2019 - 09:45 PM (IST)
ਚੰਡੀਗੜ੍ਹ,(ਰਮਨਜੀਤ) : ਦਿਆਲ ਸਿੰਘ ਕੋਲਿਆਂਵਾਲੀ ਖ਼ਿਲਾਫ਼ ਵਿਜੀਲੈਂਸ ਬਿਊਰੋ ਵਲੋਂ 60 ਦਿਨਾਂ 'ਚ ਵੀ ਚਲਾਨ ਪੇਸ਼ ਨਾ ਕਰਨ ਕਰਕੇ ਉਸ ਨੂੰ ਮਿਲੀ ਜ਼ਮਾਨਤ ਉੱਤੇ ਟਿੱਪਣੀ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਕੈਪਟਨ ਅਮਰਿੰਦਰ ਤੇ ਬਾਦਲਾਂ ਦੀ ਮਿਲੀਭੁਗਤ ਕਰਾਰ ਦਿੱਤਾ ਹੈ। ਪਾਰਟੀ ਵਲੋਂ ਜਾਰੀ ਪ੍ਰੈਸ ਬਿਆਨ 'ਚ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਦਿਆਲ ਸਿੰਘ ਕੋਲਿਆਂਵਾਲੀ ਖ਼ਿਲਾਫ਼ 60 ਦਿਨਾਂ 'ਚ ਵੀ ਵਿਜੀਲੈਂਸ ਬਿਊਰੋ ਵਲੋਂ ਚਲਾਨ ਨਾ ਪੇਸ਼ ਕਰਨਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਵਿਜੀਲੈਂਸ ਬਿਊਰੋ ਲਈ ਇਕ ਵੱਡੀ ਨਾਕਾਮੀ ਹੈ।
ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਗੱਲ ਤੋਂ ਲੰਬੇ ਸਮੇਂ ਤੋਂ ਜਾਣੂ ਹਨ ਕਿ ਕੈਪਟਨ ਅਮਰਿੰਦਰ ਅਤੇ ਬਾਦਲਾਂ ਦੀ ਆਪਸ 'ਚ ਪੂਰੀ ਤਰ੍ਹਾਂ ਸਾਂਝ ਹੈ ਪਰ ਭ੍ਰਿਸ਼ਟਾਚਾਰ ਦੇ ਦੋਸ਼ੀ ਦਿਆਲ ਸਿੰਘ ਕੋਲਿਆਂਵਾਲੀ ਨੂੰ ਬਚਾ ਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾਇਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਸਟੇਜਾਂ ਤੋਂ ਵੱਡੇ-ਵੱਡੇ ਦਾਅਵੇ ਕਰਦੇ ਰਹੇ ਹਨ ਕਿ ਉਹ ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹਾਂ 'ਚ ਸੁੱਟਣਗੇ ਅਤੇ ਇਕ ਸਮਾਗਮ ਦੌਰਾਨ ਉਨ੍ਹਾਂ ਨੇ ਕੋਲਿਆਂਵਾਲੀ ਦਾ ਨਾਮ ਲੈਂਦਿਆਂ ਕਿਹਾ ਸੀ ਕੀ ਉਨ੍ਹਾਂ ਨੂੰ ਆਪਣੇ ਭ੍ਰਿਸ਼ਟਾਚਾਰ ਲਈ ਹਰਜਾਨਾ ਭਰਨਾ ਪਵੇਗਾ। ਚੀਮਾ ਨੇ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਆਪਣੇ ਵਾਅਦਿਆਂ ਤੋਂ ਮੁੱਕਰ ਗਏ ਹਨ ਅਤੇ ਚੋਣਾਂ ਦੌਰਾਨ ਅਕਾਲੀਆਂ ਵੱਲੋਂ ਉਨ੍ਹਾਂ ਦੀ ਕੀਤੀ ਗਈ ਸਹਾਇਤਾ ਦਾ ਮੁੱਲ ਮੋੜ ਰਹੇ ਹਨ। ਚੀਮਾ ਨੇ ਮੰਗ ਕੀਤੀ ਕਿ ਵਿਜੀਲੈਂਸ ਬਿਊਰੋ ਮੁਹਾਲੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਤੋਂ ਹੋਰ ਸਮੇਂ ਦੀ ਮੰਗ ਕਰਕੇ ਕੋਲਿਆਂਵਾਲੀ ਖ਼ਿਲਾਫ਼ ਚਲਾਨ ਪੇਸ਼ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਖ਼ੂਨ ਪਸੀਨੇ ਦੀ ਕਮਾਈ 'ਤੇ ਡਾਕਾ ਮਾਰਨ ਵਾਲਾ ਕੋਈ ਵੀ ਇਨਸਾਨ ਜੇਲ ਦੀਆਂ ਸਲਾਖ਼ਾਂ ਤੋਂ ਬਾਹਰ ਨਹੀਂ ਹੋਣਾ ਚਾਹੀਦਾ।