ਡੀ. ਸੀ. ਸੰਗਰੂਰ ਰਾਮਵੀਰ ਫੇਸਬੁੱਕ ਲਾਇਵ ਰਾਹੀਂ ਹੋਏ ਜ਼ਿਲ੍ਹਾ ਵਾਸੀਆਂ ਦੇ ਰੂਬਰੂ
Thursday, Jul 23, 2020 - 09:58 PM (IST)
ਸੰਗਰੂਰ,(ਵਿਜੈਸਿੰਗਲਾ) - ਕੋਵਿਡ-19 ਦੀ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹਾ ਪੱਧਰ 'ਤੇ ਲੋਕਾਂ ਦੀ ਸਿਹਤ ਸੁਵਿਧਾਵਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਮਿਸ਼ਨ ਫਤਹਿਮੁਹਿੰਮ ਚਲਾਈ ਗਈ ਹੈ, ਜਿਸ ਦੇ ਲਈ ਹਰੇਕ ਜ਼ਿਲ੍ਹਾ ਵਾਸੀ ਨੂੰ ਸਹਿਯੋਗ ਕਰਨਾ ਸਮੇਂ ਦੀ ਲੋੜ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਮਵੀਰ ਨੇ ਜ਼ਿਲ੍ਹਾ ਵਾਸੀਆਂ ਨਾਲ ਕੋਵਿਡ-19 ਬਾਰੇ ਜ਼ਿਲ੍ਹਾ ਪ੍ਰਸਾਸਨ ਅਤੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਪੇਜ਼ਾਂ ਤੋਂ ਲਾਈਵ ਹੋਣ ਮੌਕੇ ਦਿੱਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਅਤੇ ਕਿਹਾ ਕਿ ਸਿਹਤ ਵਿਭਾਗ ਤੇ ਸਰਕਾਰ ਵੱਲੋਂ ਕੋਰੋਨਾਵਾਇਰਸ ਸਬੰਧੀ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਸਬੰਧਤ ਮਹਿਕਮਿਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ।
ਰਾਮਵੀਰ ਨੇ ਦੱਸਿਆ ਕਿ ਅੱਜ ਸ਼ਾਮ ਤੱਕ 22,043 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਤੇ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ 842 ਲੋਕਾਂ ਦੀ ਰਿਪੋਰਟ ਪਾਜਿਟਿਵ ਆਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 'ਚੋਂ 641 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਅੱਜ 17 ਨਵੇਂ ਕੇਸ ਰਿਪੋਰਟ ਹੋਏ ਹਨ ਜਿਨ੍ਹਾਂ 'ਚੋਂ 7 ਲਹਿਰਾ ਤੇ ਮੂਣਕ ਬਲਾਕ ਤੋਂ, 5 ਮਾਲੇਰਕੋਟਲਾ ਬਲਾਕ 'ਚੋਂ, 3 ਸੁਨਾਮ ਬਲਾਕ 'ਚੋਂ ਅਤੇ ਇੱਕ-ਇੱਕ ਕੇਸ ਕੌਹਰੀਆਂ ਤੇ ਸੰਗਰੂਰ ਤੋਂ ਰਿਪੋਰਟ ਹੋਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਦੇ ਨਾਲ-ਨਾਲ ਟੈਸਟਿੰਗ ਪ੍ਰਕਿਰਿਆ ਵੀ ਤੇਜ਼ ਕਰਕੇ 600 ਤੋਂ ਵਧੇਰੇ ਟੈਸਟ ਰੋਜ਼ਾਨਾ ਕਰਨ ਦਾ ਟੀਚਾ ਹੈ ਜਿਸ ਕਾਰਨ ਕੋਵਿਡ ਪਾਜਿਟਿਵ ਕੇਸਾਂ ਦਾ ਸਮੇਂ ਸਿਰ ਇਲਾਜ ਕਰਵਾਉਣ 'ਚ ਵੱਡੀ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਕੋਰੋਨਾਵਾਇਰਸ ਦਾ ਟੈਸਟ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਸਮੇਂ ਸਿਰ ਟੈਸਟ ਕਰਵਾਉਣ 'ਤੇ ਹੀ ਵਿਅਕਤੀ ਆਪਣੇ ਪਰਿਵਾਰ ਤੇ ਸਕੇ ਸਬੰਧੀਆਂ ਨੂੰ ਇਸ ਵਾਇਰਸ ਦੀ ਲਪੇਟ 'ਚ ਆਉਣ ਤੋਂ ਬਚਾਅ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ਾਮ ਤੱਕ ਜ਼ਿਲ੍ਹੇ 'ਚ ਕੋਵਿਡ-19 ਨਾਲ ਪਾਜਿਟਿਵ 22 ਜਣਿਆਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਇਸ ਅੰਕੜੇ ਨੂੰ ਵੱਧਣ ਤੋਂ ਰੋਕਣ ਲਈ ਸਮੇਂ ਸਿਰ ਟੈਸਟਿੰਗ ਬਹੁਤ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਕੋਰੋਨਾਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ ਪਰ ਇਸ ਤੋਂ ਬਚਣ ਲਈ ਲੋਕਾਂ ਨੂੰ ਵੀ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਕੇ ਪੂਰਾ ਸਾਥ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿ ਕੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਜਾਰੀ ਢੁੱਕਵੀਂ ਜਾਣਕਾਰੀ 'ਤੇ ਹੀ ਭਰੋਸਾ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਬਿਨਾਂ ਜ਼ਰੂਰੀ ਕੰਮ ਤੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਮਾਸਕ ਪਾਉਣ, ਸਾਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰੋਨਾ ਦੋਰਾਨ ਕਰਫਿਊ/ਲਾਕਡਾਊਨ ਦੀ ਸਥਿਤੀ 'ਚ ਵੀ ਜ਼ਿਲ੍ਹਾ ਵਾਸੀਆ ਨੂੰ ਹਰੇਕ ਲੋੜੀਂਦੀ ਸੁਵਿਧਾ ਮੁੱਹਈਆ ਕਰਵਾਉਣ ਲਈ ਟੀਮਾਂ ਗਠਿਤ ਕੀਤੀਆ ਗਈਆ ਸਨ ਅਤੇ ਹੁਣ ਵੀ ਮਿਸ਼ਨ ਫਤਹਿ ਮੁਹਿੰਮ ਤਹਿਤ ਲੋਕਾਂ ਨੂੰ ਘਰ ਘਰ ਪਹੁੰਚ ਕੇ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।