ਵਿਆਹ ਤੋਂ ਪਰਤ ਰਹੇ ਵਿਅਕਤੀ ਦੀ ਸੜਕ ਦੁਰਘਟਨਾ ''ਚ ਮੌਤ
Monday, Oct 07, 2019 - 12:27 AM (IST)

ਬਠਿੰਡਾ, (ਵਰਮਾ)— ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ 'ਚ ਹੋਏ ਸੜਕ ਹਾਦਸੇ 'ਚ ਇਕ ਕਾਰ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੋਦਨ ਸਿੰਘ ਵਾਸੀ ਪਿੰਡ ਜੀਵਨ ਸਿੰਘ ਵਾਲਾ ਵਜੋਂ ਹੋਈ ਹੈ। ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਸੁਲਖਣ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਦੇਰ ਰਾਤ ਨੂੰ ਮੋਦਨ ਸਿੰਘ ਇਕ ਵਿਆਹ ਪ੍ਰੋਗਰਾਮ 'ਚ ਸ਼ਾਮਲ ਹੋਣ ਦੇ ਬਾਅਦ ਆਪਣੇ ਪਿੰਡ ਜੀਵਨ ਸਿੰਘ ਵਾਲਾ ਜਾ ਰਿਹਾ ਸੀ। ਜਦ ਉਹ ਪਿੰਡ ਦੇ ਕੋਲ ਪੁੱਜਾ, ਤਾਂ ਉਸ ਦੀ ਕਾਰ ਦੀ ਟੱਕਰ ਉਸ ਦੇ ਅੱਗੇ ਜਾ ਰਹੀ ਕਾਰ ਨਾਲ ਹੋ ਗਈ। ਟੱਕਰ ਜ਼ਬਰਦਸਤ ਹੋਣ ਕਰ ਕੇ ਮੋਦਨ ਦੀ ਕਾਰ ਬੇਕਾਬੂ ਹੋ ਕੇ ਸੜਕ ਦੇ ਕਿਨਾਰੇ ਲੱਗੇ ਇਕ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਣ ਉਹ ਅਤੇ ਉਸ ਦੇ ਨਾਲ ਬੈਠਾ ਇਕ ਹੋਰ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਮੌਕੇ 'ਤੇ ਮੌਜੂਦ ਲੋਕਾਂ ਨੇ ਦੋਵਾਂ ਨੂੰ ਇਲਾਜ ਲਈ ਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ, ਜਿਥੇ ਮੋਦਨ ਸਿੰਘ ਨੇ ਦਮ ਤੋੜ ਦਿੱਤਾ। ਥਾਣਾ ਤਲਵੰਡੀ ਸਾਬੋ ਪੁਲਸ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ 'ਤੇ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਹਵਾਲੇ ਕਰ ਦਿੱਤੀ। ਅਣਪਛਾਤੇ ਕਾਰ ਚਾਲਕ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।