ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ

11/15/2018 2:06:15 AM

ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ/ਜਗਸੀਰ)- ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਣੂੰਕੇ ਵਿਖੇ ਲੰਘੀ ਰਾਤ ਇਕ ਨੌਜਵਾਨ ਦੀ ਭੇਤਭਰੀ ਹਾਲਤ ਵਿਚ ਮੌਤ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ  ਕਥਿਤ ਦੋਸ਼ੀਆਂ ’ਤੇ ਕਤਲ ਦਾ ਪਰਚਾ ਦਰਜ ਕਰਵਾਉਣ ਲਈ  ਲਾਸ਼ ਨੂੰ ਬੱਸ ਸਟੈਂਡ ਮਾਣੂਕੇ ਵਿਖੇ ਰੱਖ ਕੇ ਧਰਨਾ ਸ਼ੁਰੂ ਕਰ ਦਿੱਤਾ।  ਇਸ ਸਬੰਧੀ ਮ੍ਰਿਤਕ ਦੇ ਭਰਾ ਹਰਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਦਵਿੰਦਰ ਸਿੰਘ ਮਿਸਤਰੀ ਦਾ ਕੰਮ ਕਰਦਾ ਸੀ ਤੇ ਉਹ  ਆਪਣੇ ਕੀਤੇ  ਕੰਮ ਦੇ ਪਿੰਡ ਜੰਡਵਾਲਾ (ਬਠਿੰਡਾ) ਵਿਖੇ ਪੈਸੇ ਲੈਣ ਗਿਆ ਸੀ ਪਰ ਕੁਝ ਵਿਅਕਤੀ ਉਸ ਦੇ ਭਰਾ ਨੂੰ ਮ੍ਰਿਤਕ ਹਾਲਤ ’ਚ ਘਰ ਛੱਡ ਗਏ। ਪਰਿਵਾਰ ਵੱਲੋਂ ਇਸ ਸਬੰਧੀ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਰਿਪੋਰਟ ਦਰਜ ਕਰਵਾਈ ਗਈ ਪਰ ਪੁਲਸ ਵੱਲੋਂ 174 ਦੀ ਕਾਰਵਾਈ ਕਰ ਦਿੱਤੀ ਗਈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਰੋਹ ’ਚ ਆ ਕੇ ਮਾਣੂੰਕੇ ਦੇ ਬੱਸ ਸਟੈਂਡ ’ਤੇ ਲਾਸ਼ ਨੂੰ ਰੱਖ ਕੇ ਪੁਲਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸਨ ਕਿ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇ। ਇਸ ਮੌਕੇ ਪਹੁੰਚੇ ਡੀ.ਐੱਸ.ਪੀ. ਸੁਬੇਗ ਸਿੰਘ ਅਤੇ ਐੱਸ.ਐੱਚ.ਓ. ਸੁਰਜੀਤ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ’ਤੇ ਹੀ ਅਸਲ ਕਾਰਵਾਈ ਕੀਤੀ ਜਾਵੇਗੀ। ਪਿੰਡ ਵਾਸੀਆਂ ਨੇ ਇਨਸਾਫ਼ ਨਾ ਮਿਲਣ ’ਤੇ ਧਰਨਾ ਅਗਲੇ ਦਿਨ ਵੀ ਜਾਰੀ ਰੱਖਣ ਦਾ ਐਲਾਨ ਕੀਤਾ।