ਭਾਰਤ ਮਾਲਾ ਪਰਿਯੋਜਨਾ ਅਧੀਨ ਬਣਾਏ ਜਾ ਰਹੇ ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਦਾ ਵਿਰੋਧ ਜਾਰੀ
Friday, Sep 16, 2022 - 12:56 AM (IST)
ਭਵਾਨੀਗੜ੍ਹ (ਕਾਂਸਲ) : ਕੇਂਦਰ ਸਰਕਾਰ ਦੀ ਭਾਰਤ ਮਾਲਾ ਪਰਿਯੋਜਨਾ ਅਧੀਨ ਬਣਾਏ ਜਾ ਰਹੇ ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਜ਼ਮੀਨ ਦਾ ਰੇਟ ਘੱਟ ਦੇਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਂਚੋ ਅਤੇ ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪਿੰਡ ਸੰਤੋਖਪੁਰਾ ਵਿਖੇ ਚੱਲ ਰਹੇ ਪੱਕੇ ਮੋਰਚੇ ਦੇ 62ਵੇਂ ਦਿਨ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ : ਮੋਟਰਸਾਈਕਲ 'ਤੇ ਘਰੋਂ ਨਿਕਲੇ ਨੌਜਵਾਨ ਨਾਲ ਵਾਪਰਿਆ ਹਾਦਸਾ, ਮਿੰਟਾਂ 'ਚ ਹੀ ਪਿਆ ਚੀਕ-ਚਿਹਾੜਾ
ਇਸ ਮੌਕੇ ਆਪਣੇ ਸੰਬੋਧਨ 'ਚ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਕਿਹਾ ਕਿ ਭਾਰਤ ਮਾਲਾ ਪਰਿਯੋਜਨਾ ਤਹਿਤ ਬਣਾਏ ਜਾ ਰਹੇ ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਪ੍ਰਸ਼ਾਸਨ ਦੀ ਨਾਲਾਇਕੀ ਤੇ ਗਲਤ ਨੀਤੀਆਂ ਦੇ ਚੱਲਦੇ ਕਿਸਾਨਾਂ ਦੀ ਜ਼ਮੀਨ ਧੱਕੇ ਨਾਲ ਘੱਟ ਰੇਟ 'ਤੇ ਖਰੀਦਣ ਲਈ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ 2 ਸਾਲ ਤੋਂ ਕਿਸਾਨਾਂ ਨੂੰ ਤੰਗ ਕੀਤਾ ਜਾ ਰਿਹਾ ਸੀ ਪਰ ਪਿੰਡ ਸੰਤੋਖਪੁਰਾ, ਖੇੜੀ ਚੰਦਵਾਂ, ਹਰਕਿਸ਼ਨਪੁਰਾ ਅਤੇ ਜਲਾਣ ਦੇ ਕਿਸਾਨਾਂ ਵੱਲੋਂ ਆਪਣੇ ਹੱਕਾਂ ਦੀ ਪ੍ਰਾਪਤੀ ਤੇ ਜ਼ਮੀਨ ਦਾ ਸਹੀ ਮੁੱਲ ਲੈਣ ਲਈ 15 ਜੁਲਾਈ ਤੋਂ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਝੰਡੇ ਹੇਠ ਇਕਜੁੱਟ ਹੋ ਕੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾਇਆ ਹੋਇਆ ਹੈ।
ਇਹ ਵੀ ਪੜ੍ਹੋ : ਪੁਲਸ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਰੰਗੇ ਹੱਥੀਂ ਫੜਿਆ ਚਿੱਟੇ ਦਾ ਤਸਕਰ
ਉਨ੍ਹਾਂ ਸਮੂਹ ਪਿੰਡਾਂ ਦੇ ਕਿਸਾਨਾਂ ਨੂੰ ਸਬਰ ਤੇ ਹਿੰਮਤ ਨਾਲ ਮੋਰਚੇ ਨੂੰ ਚਾਲੂ ਰੱਖਣ ਦਾ ਹੌਸਲਾ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਕੋਈ ਵੀ ਸਰਕਾਰ ਜ਼ਮੀਨਾਂ ਨਹੀਂ ਦੱਬ ਸਕਦੀ। ਸਾਰੀ ਟੀਮ ਨੇ ਸਰਕਾਰ ਦੀਆਂ ਚੋਰ ਨੀਤੀਆਂ ਤੋਂ ਜਾਣੂ ਕਰਵਾਉਂਦੇ ਕਿਸਾਨਾਂ ਦੀ ਹੌਸਲਾ ਅਫਜ਼ਾਈ ਕੀਤੀ। ਕਿਸਾਨਾਂ ਨੇ ਵੀ ਲੜਾਈ ਨੂੰ ਜਿੱਤਣ ਤੱਕ ਮੋਰਚਾ ਜਾਰੀ ਰੱਖਣ ਦਾ ਭਰੋਸਾ ਦਿੱਤਾ। ਇਸ ਮੌਕੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ, ਜਗਤਾਰ ਸਿੰਘ ਲੱਡੀ, ਬਲਵਿੰਦਰ ਸਿੰਘ ਘਨੌੜ, ਸਤਵਿੰਦਰ ਸਿੰਘ ਘਰਾਚੋਂ, ਜਸਵੀਰ ਸਿੰਘ ਗੱਗੜਪੁਰ, ਗੁਰਚੇਤ ਸਿੰਘ ਭੱਟੀਵਾਲ ਤੇ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।