ਦਿੱਲੀ ਧਰਨੇ ’ਤੇ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਸਰਕਾਰ ਆਰਥਿਕ ਮਦਦ ਕਰੇ-ਬੀ.ਕੇ.ਯੂ. ਆਗੂ

01/22/2021 2:32:06 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਦਿੱਲੀ ਵਿਖੇ ਧਰਨੇ ’ਤੇ ਗਏ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਆਰਥਿਕ ਤੌਰ ’ਤੇ ਮਦਦ ਕੀਤੀ ਜਾਵੇ। ਯੂਨੀਅਨ ਦੇ ਜ਼ਿਲਾ ਪ੍ਰਧਾਨ ਪੂਰਨ ਸਿੰਘ ਦੋਦਾ, ਸੀਨੀਅਰ ਆਗੂ ਗੁਰਾਂਦਿੱਤਾ ਸਿੰਘ ਭਾਗਸਰ, ਗੁਰਭਗਤ ਸਿੰਘ ਭਲਾਈਆਣਾ, ਰਾਜਾ ਸਿੰਘ ਮਹਾਂਬੱਧਰ, ਕਾਮਰੇਡ ਜਗਦੇਵ ਸਿੰਘ ਅਤੇ ਸੁਖਰਾਜ ਸਿੰਘ ਰਹੂੜਿਆਂਵਾਲੀ ਨੇ ਕਿਹਾ ਹੈ ਕਿ ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿਚੋਂ ਲਗਭਗ 7 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਜਦ ਕਿ ਉਂਝ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਮਰਨ ਵਾਲੇ ਕਿਸਾਨਾਂ ਦੀ ਗਿਣਤੀ ਲਗਭਗ 100 ਹੋਣ ਵਾਲੀ ਹੈ। ਉਹਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਮੁਕਤਸਰ ਵੱਲੋਂ ਪਿੰਡ ਲੁਹਾਰਾ ਅਤੇ ਲੁੰਡੇਵਾਲਾ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦਿੱਤਾ ਗਿਆ ਹੈ। ਜਦ ਕਿ ਬਾਕੀ ਪਰਿਵਾਰਾਂ ਨੂੰ ਅਜੇ ਤੱਕ ਕੋਈ ਪੈਸਾ ਨਹੀ ਦਿੱਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿਚ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਘੱਟੋ-ਘੱਟ 10-10 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇ। 

ਸਵ. ਕਿਸਾਨ ਇਕਬਾਲ ਸਿੰਘ ਗੰਧੜ ਨਮਿਤ ਅੰਤਿਮ ਅਰਦਾਸ ਹੋਈ
ਇਸੇ ਦੌਰਾਨ ਹੀ ਅੱਜ ਇਸ ਖੇਤਰ ਦੇ ਪਿੰਡ ਗੰਧੜ ਵਿਖੇ ਦਿੱਲੀ ਦੇ ਟਿਕਰੀ ਬਾਰਡਰ ’ਤੇ ਸ਼ਹੀਦ ਹੋਏ ਕਿਸਾਨ ਇਕਬਾਲ ਸਿੰਘ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਹੋਈ। ਜਿਸ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਸਵ. ਇਕਬਾਲ ਸਿੰਘ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ। ਬੁਲਾਰਿਆਂ ਨੇ ਮੰਗ ਕੀਤੀ ਕਿ ਸਰਕਾਰ ਕਿਸਾਨੀ ਸੰਘਰਸ਼ ਦੌਰਾਨ ਮਰਨ ਕਿਸਾਨਾਂ ਦੇ ਪਰਿਵਾਰਾਂ ਦੀ ਬਾਂਹ ਫੜੇ ਤੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਗਈ ਕਿ ਖੇਤੀ ਵਿਰੋਧੀ ਬਿੱਲ ਰੱਦ ਕੀਤੇ ਜਾਣ ਤਾਂ ਕਿ ਦਿੱਲੀ ਬੈਠੇ ਕਿਸਾਨ ਵਾਪਸ ਆਪਣੇ ਘਰਾਂ ਨੂੰ ਪਰਤ ਸਕਣ।


Shyna

Content Editor

Related News