ਕਰਜ਼ਾ ਮੁਆਫੀ ਤੇ ਹੋਰ ਮੰਗਾਂ ਲਈ ਵਿਧਾਨ ਸਭਾ ਸੈਸ਼ਨ ਮੌਕੇ ਮਜ਼ਦੂਰਾਂ ਨੇ ਪੰਜਾਬ ਭਰ ਵਿਚ ਕੀਤੇ ਮੁਜ਼ਾਹਰੇ

09/04/2021 3:55:08 PM

ਚੰਡੀਗੜ੍ਹ (ਰਮਨਜੀਤ) : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਪੰਜਾਬ ਦੀ ਕਾਂਗਰਸ ਸਰਕਾਰ ’ਤੇ ਦਲਿਤਾਂ, ਮਜ਼ਦੂਰਾਂ ਦੇ ਮਸਲਿਆਂ ਪ੍ਰਤੀ ਸੰਜੀਦਾ ਨਾ ਹੋਣ ਦੇ ਦੋਸ਼ ਲਾਉਂਦਿਆਂ 5 ਜ਼ਿਲ੍ਹਾ ਹੈੱਡਕੁਆਰਟਰਾਂ ਤੋਂ ਇਲਾਵਾ ਸੈਂਕੜੇ ਪਿੰਡਾਂ ਤੇ ਕਸਬਿਆਂ ਵਿਚ ਰੋਹ ਭਰਪੂਰ ਮੁਜ਼ਹਰੇ ਕੀਤੇ। ਜਥੇਬੰਦੀਆਂ ਨੇ 13 ਸਤੰਬਰ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੇ ਮੋਤੀ ਮਹਿਲ ਦੇ ਘਿਰਾਓ ਦਾ ਐਲਾਨ ਕੀਤਾ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਕਸ਼ਮੀਰ ਸਿੰਘ ਘੁਗਸ਼ੋਰ ਨੇ ਕਿਹਾ ਕਿ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ, ਜਨਤਕ ਵੰਡ ਪ੍ਰਣਾਲੀ ਲਾਗੂ ਕਰਨ, ਬਿਜਲੀ ਬਿਲ ਤੇ ਬਕਾਏ ਖਤਮ ਕਰਨ, ਰੁਜ਼ਗਾਰ ਗਰੰਟੀ, ਜ਼ਮੀਨਾਂ ਦੀ ਕਾਣੀ ਵੰਡ ਖਤਮ ਕਰਨ ਅਤੇ ਦਲਿਤਾਂ ’ਤੇ ਜਬਰ ਬੰਦ ਕਰਨ ਆਦਿ ਮੁੱਦਿਆਂ ਨੂੰ ਲੈ ਕੇ ਅੱਜ ਜ਼ਿਲਾ ਹੈੱਡਕੁਆਰਟਰ ਬਠਿੰਡਾ, ਫਰੀਦਕੋਟ, ਬਰਨਾਲਾ, ਜਲੰਧਰ ਤੇ ਨਵਾਂ ਸ਼ਹਿਰ ਅਤੇ 16 ਜ਼ਿਲ੍ਹਿਆਂ ਦੇ ਸੈਂਕੜੇ ਪਿੰਡਾਂ ਵਿਚ ਰੋਸ ਮੁਜ਼ਾਹਰੇ ਕੀਤੇ ਗਏ।

ਰੋਸ ਮੁਜ਼ਾਹਰਿਆਂ ਨੂੰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਸਮਾਓ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਬਬਲੀ ਅਟਵਾਲ, ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਦਰਸ਼ਨ ਨਾਹਰ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਤਰਸੇਮ ਪੀਟਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ, ਪੰਜਾਬ ਖੇਤ ਮਜ਼ਦੂਰ ਸਭਾ ਦੀ ਜਨਰਲ ਸਕੱਤਰ ਦੇਵੀ ਕੁਮਾਰੀ ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੰਜੀਵ ਮਿੰਟੂ ਸਮੇਤ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ। ਮਜ਼ਦੂਰ ਆਗੂਆਂ ਨੇ ਐਲਾਨ ਕੀਤਾ ਕਿ ਉਹ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣਗੇ ਅਤੇ 13 ਸਤੰਬਰ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ।

Anuradha

This news is Content Editor Anuradha