ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਮਿਸ਼ਨ ਫ਼ਤਿਹ ਤਹਿਤ ਗਤੀਵਿਧੀਆਂ ਨੂੰ ਗੰਭੀਰਤਾ ਨਾਲ ਚਲਾਉਣ ਦੀ ਹਦਾਇਤ

08/02/2020 5:11:49 PM

ਸੰਗਰੂਰ (ਸਿੰਗਲਾ): ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਨੇ ਮਹੀਨਾਵਾਰ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਵਿਡ-19 ਵਿਰੁੱਧ ਵਿੱਢੀ ਜੰਗ ਜਿੱਤਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਤਹਿਤ ਗਤੀਵਿਧੀਆਂ ਨੂੰ ਗੰਭੀਰਤਾ ਨਾਲ ਚਲਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸਮੇਂ-ਸਮੇਂ 'ਤੇ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਦੇ ਸੰਪਰਕ 'ਚ ਆਉਣ ਤੋਂ ਬਚਣ ਲਈ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।ਮਹੀਨਾਵਾਰ ਮੀਟਿੰਗਾਂ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਦੇ ਬਾਕੀ ਕੰਮਕਾਜ, ਭਲਾਈ ਸਕੀਮਾਂ ਤੇ ਵਿਕਾਸ ਪ੍ਰੋਜੈਕਟਾਂ ਦੀ ਵੀ ਸਮੀਖਿਆ ਕੀਤੀ ਤੇ ਅਧਿਕਾਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਪ੍ਰਸ਼ਾਸਨਿਕ ਸੇਵਾਵਾਂ ਦੇਣ ਦੀ ਹਦਾਇਤ ਕੀਤੀ।

ਇਸ ਮੌਕੇ ਰਾਮਵੀਰ ਨੇ ਸਮੂਹ ਐੱਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਨਿਯਮਤ ਤੌਰ 'ਤੇ ਕੋਵਿਡ ਪਾਜ਼ੇਟਿਵ ਮਰੀਜ਼ਾਂ ਨਾਲ ਰਾਬਤਾ ਰੱਖਣ ਅਤੇ ਕੋਵਿਡ ਕੇਅਰ ਸੈਂਟਰਾਂ ਜਾਂ ਹਸਪਤਾਲਾਂ 'ਚ ਉਨਾਂ ਨੂੰ ਕੋਈ ਵੀ ਸਮੱਸਿਆ ਆਉਣ 'ਤੇ ਤੁਰੰਤ ਉਸਦਾ ਹੱਲ ਕਰਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਾਜ਼ਾਰਾਂ ਤੇ ਭੀੜ ਵਾਲੀਆਂ ਹੋਰਨਾਂ ਥਾਂਵਾਂ 'ਤੇ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਲੰਘਣਾ ਕਰਨ ਵਾਲਿਆਂ ਦੇ ਚਾਲਾਨ ਕੱਟੇ ਜਾਣ। ਉਨ੍ਹਾਂ ਕਿਹਾ ਕਿ ਮਾਸਕ ਪਾਉਣ ਤੇ ਆਪਸੀ ਦੂਰੀ ਬਣਾ ਕੇ ਰੱਖਣ ਨਾਲ ਕੋਵਿਡ-19 ਦੀ ਲਾਗ ਦਾ ਖ਼ਤਰਾ ਬਹੁਤ ਜ਼ਿਆਦਾ ਹੱਦ ਤੱਕ ਘੱਟ ਜਾਂਦਾ ਹੈ। ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਘਰਾਂ ਤੋਂ ਬਾਹਰ ਨਿਕਲਣ ਮੌਕੇ ਇਨਾਂ ਗੱਲਾਂ ਦਾ ਖ਼ਾਸ ਖਿਆਲ ਰੱਖਣਾ ਚਾਹੀਦਾ ਹੈ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਬੱਤਰਾ, ਐਸ.ਡੀ.ਐਮ. ਸੰਗਰੂਰ ਬਬਨਦੀਪ ਸਿੰਘ ਵਾਲੀਆ, ਸਿਵਲ ਸਰਜਨ ਡਾ. ਰਾਜ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਮਹੇਸ਼ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।


Shyna

Content Editor

Related News