ਡੀ. ਸੀ. ਮਾਨਸਾ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਿਹਤ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

09/16/2020 1:49:37 AM

ਮਾਨਸਾ,(ਮਿੱਤਲ) : ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਆਦੇਸ਼ ਦਿੱਤੇ ਹਨ ਕਿ ਸ਼ਹਿਰੀ ਵਸੋਂ ਵਾਲੇ ਖੇਤਰਾਂ ਵਿੱਚ ਟੈਸਟਿੰਗ ਦੇ ਦਾਇਰੇ ਨੂੰ ਵਧਾਉਣ ਲਈ ਯਤਨ ਤੇਜ਼ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਸ਼ਨ ਫ਼ਤਿਹ ਤਹਿਤ ਦਿਹਾਤੀ ਖੇਤਰਾਂ ਵਿੱਚ ਜਾਗਰੂਕਤਾ ਪੈਦਾ ਕਰਨ ਨਾਲ ਟੈਸਟਿੰਗ ਕਰਵਾਉਣ ਵਾਲਿਆਂ ਦੀ ਦਰ ਵਿੱਚ ਵਾਧਾ ਹੋਇਆ ਹੈ ਅਤੇ ਲੋਕ ਜਾਗਰੂਕਤਾ ਸਦਕਾ ਕੋਵਿਡ ਮਹਾਂਮਾਰੀ ਦੇ ਪਾਸਾਰ ਨੂੰ ਰੋਕਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਗੈਰ ਗੰਭੀਰ ਲੱਛਣਾਂ ਵਾਲੇ ਵਿਅਕਤੀਆਂ ਦੇ ਟੈਸਟ ਪਾਜ਼ੇਟਿਵ ਆਉਣ ਮਗਰੋਂ ਜਿਹੜੇ ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਉਨ੍ਹਾਂ ਦੀ ਸਿਹਤ 'ਤੇ ਤਿੱਖੀ ਨਜ਼ਰ ਰੱਖਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਪ੍ਰਤੀ ਵੀ ਚੌਕਸ ਰਿਹਾ ਜਾਵੇ ਕਿ ਪਾਜ਼ੇਟਿਵ ਵਿਅਕਤੀ ਕਿਸੇ ਵੀ ਹਾਲਤ ਵਿੱਚ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਨਾ ਕਰਨ। ਡਿਪਟੀ ਕਮਿਸ਼ਨਰ ਨੇ ਪਾਜ਼ੇਟਿਵ ਵਿਅਕਤੀਆਂ ਦੇ ਸੰਪਰਕ ਵਿੱਚ ਆਏ ਹੋਰਨਾਂ ਨਾਗਰਿਕਾਂ ਦੀ ਕੰਟੈਕਟ ਟਰੇਸਿੰਗ ਵਿੱਚ ਵੀ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਨਾਗਰਿਕ ਸਮਾਜ ਦੇ ਭਲੇ ਲਈ ਆਪਣੀ ਟੈਸਟਿੰਗ ਜ਼ਰੂਰ ਕਰਵਾਉਣ ਅਤੇ ਸਿਹਤ ਸਲਾਹਾਂ ਦੀ ਪਾਲਣਾ ਨੂੰ ਵੀ ਖੁਦ ਅਤੇ ਪਰਿਵਾਰਾਂ ਲਈ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।
ਮੀਟਿੰਗ ਦੌਰਾਨ ਸਿਹਤ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਕਿ ਜ਼ਿਲ੍ਹੇ ਵਿੱਚ 5 ਮਾਈਕਰੋ ਕੰਟੇਨਮੈਂਟ ਜ਼ੋਨਾਂ ਵਿੱਚ ਸੌ ਫੀਸਦੀ ਟੈਸਟਿੰਗ ਪ੍ਰਕਿਰਿਆ ਨੂੰ ਲਾਗੂ ਕੀਤਾ ਜਾ ਰਿਹਾ ਹੈ ਅਤੇ ਲੋਕ ਜਾਗਰੂਕਤਾ ਹਿੱਤ ਲਗਾਤਾਰ ਢੁਕਵੇਂ ਕਦਮ ਪੁੱਟੇ ਜਾ ਰਹੇ ਹਨ। ਇਸ ਮੌਕੇ ਸ਼੍ਰੀ ਮਹਿੰਦਰਪਾਲ ਨੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਕੋਵਿਡ ਤੋਂ ਬਚਾਅ ਅਤੇ ਕੋਵਿਡ ਦੀ ਸਥਿਤੀ ਸਬੰਧੀ ਰੋਜ਼ਾਨਾ ਦੇ ਆਧਾਰ 'ਤੇ ਜ਼ਿਲ੍ਹਾ ਐਪੀਡੋਮੋਲੋਜਿਸਟਾਂ ਨਾਲ ਸਮੀਖਿਆ ਮੀਟਿੰਗ ਕੀਤੀ ਜਾਵੇ ਅਤੇ ਤਿੰਨੇ ਸਬ ਡਵੀਜ਼ਨਾਂ ਦੇ ਐਸ.ਡੀ.ਐਮਜ਼ ਨਾਲ ਤਾਲਮੇਲ ਰੱਖਦੇ ਹੋਏ ਟੈਸਟਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ। ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਸਰਬਜੀਤ ਕੌਰ, ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ,  ਜ਼ਿਲ੍ਹਾ ਐਪੀਡੋਮੋਲੋਜਿਸਟ ਸੰਤੋਸ਼ ਭਾਰਤੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਓਟ ਕਲੀਨਿਕਾਂ, ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ, ਸਰਬਤ ਸਿਹਤ ਬੀਮਾ ਯੋਜਨਾ, ਜੱਚਾ ਤੇ ਬੱਚਾ ਦਾ ਟੀਕਾਕਰਨ, ਹੈਲਥ ਵੈਲਨੈਸ ਸੈਂਟਰ ਸਮੇਤ ਸਿਹਤ ਵਿਭਾਗ ਨਾਲ ਸਬੰਧਤ ਕੇਂਦਰ ਤੇ ਰਾਜ ਸਰਕਾਰ ਦੀਆਂ ਸਕੀਮਾਂ ਤੇ ਪ੍ਰੋਜੈਕਟਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।
 


Deepak Kumar

Content Editor

Related News